ਲੁਧਿਆਣਾ
:(ਜਸਟਿਸ ਨਿਊਜ਼)
ਜ਼ਿਲ੍ਹਾ ਪ੍ਰਸ਼ਾਸਨ, ਲੁਧਿਆਣਾ ਅਤੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਆਡੀਟੋਰੀਅਮ ਵਿੱਚ ਵੀਰਵਾਰ ਨੂੰ 111 ਨਵਜੰਮੀਆਂ ਧੀਆਂ ਦੀ ਲੋਹੜੀ ਮਨਾਉਣ ਲਈ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ ਕੀਤਾ। ਇਸ ਉਪਰਾਲੇ ਦਾ ਮਕਸਦ ਲਿੰਗ ਸਮਾਨਤਾ ਦਾ ਸੰਦੇਸ਼ ਦੇਣਾ ਅਤੇ “ਬੇਟੀ ਬਚਾਓ, ਬੇਟੀ ਪੜ੍ਹਾਓ” ਮੁਹਿੰਮ ਨੂੰ ਉਤਸ਼ਾਹਿਤ ਕਰਨਾ ਸੀ।ਇਸ ਸਮਾਗਮ ਵਿੱਚ ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ। ਕਾਲਜ ਦੇ ਵਿਹੜੇ ਵਿੱਚ ਰਵਾਇਤੀ ਢੰਗ ਨਾਲ ਲੋਹੜੀ ਦੀ ਅੱਗ ਬਾਲ ਕੇ ਮਨਾਇਆ ਗਿਆ, ਜੋ ਲੋਹੜੀ ਤਿਉਹਾਰ ਦੀ ਗਰਮਜੋਸ਼ੀ ਅਤੇ ਖੁਸ਼ਹਾਲੀ ਦਾ ਪ੍ਰਤੀਕ ਹੈ। ਇਸ ਮੌਕੇ ਵਿਧਾਇਕ, ਡਿਪਟੀ ਕਮਿਸ਼ਨਰ ਅਤੇ ਪਰਿਵਾਰਾਂ ਵੱਲੋਂ ਨਵਜੰਮੀਆਂ ਧੀਆਂ ਦੇ ਉਜਲੇ ਭਵਿੱਖ ਲਈ ਕਾਮਨਾ ਕੀਤੀ ਗਈ ਅਤੇ ਬੱਚੀਆਂ ਦੀਆਂ ਮਾਵਾਂ ਨੂੰ ਤੋਹਫ਼ੇ ਅਤੇ ਮਿਠਾਈਆਂ ਭੇਟ ਕੀਤੀਆਂ ਗਈਆਂ।
ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਨੇ ਕਿਹਾ ਕਿ ਨਵਜੰਮੀਆ ਬੱਚੀਆ ਨੂੰ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਦਿਵਾਉਣ ਅਤੇ ਸੂਬੇ ਦੇ ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣ ਲਈ ਧੀਆਂ ਦੀ ਲੋਹੜੀ ਮਨਾਉਣਾ ਸਮੇਂ ਦੀ ਅਹਿਮ ਲੋੜ ਹੈ। ਧੀਆਂ ਇਸ ਦੇਸ਼ ਦੀ ਧਰੋਹਰ ਹਨ। ਜੇਕਰ ਦੇਸ਼ ਨੇ ਕਿਸੇ ਵੀ ਤਰ੍ਹਾਂ ਦੀ ਤਰੱਕੀ ਕਰਨੀ ਹੈ ਤਾਂ ਉਹ ਧੀਆਂ ਤੋਂ ਬਗੈਰ ਨਹੀਂ ਹੋ ਸਕਦੀ। ਉਨ੍ਹਾਂ ਕਿਹਾ ਕਿ ਅੱਜ ਦਾ ਸਮਾਗਮ ਧੀਆਂ ਨੂੰ ਸਮਰਪਿਤ ਹੈ। ਕੋਈ ਅਜਿਹਾ ਖੇਤਰ ਨਹੀਂ ਜਿੱਥੇ ਧੀਆਂ ਦਾ ਯੋਗਦਾਨ ਨਾ ਹੋਵੇ। ਅੱਜ ਦੀਆਂ ਧੀਆਂ ਮਾਹਰ ਡਾਕਟਰ, ਪਾਇਲਟ, ਸਾਇੰਸਦਾਨ ਅਤੇ ਪ੍ਰੋਫੈਸਰ ਹਨ। ਸਮਾਜ ਵਿੱਚ ਧੀਆਂ ਦਾ ਸਤਿਕਾਰ ਸਭ ਤੋਂ ਪਹਿਲੇ ਨੰਬਰ ‘ਤੇ ਹੈ। ਗੁਰੂ ਸਾਹਿਬ ਨੇ ਵੀ ਆਖਿਆ ਹੈ, “ਸੋ ਕਿਉ ਮੰਦਾ ਆਖੀਐ ਜਿਤੁ ਜੰਮਹਿ ਰਾਜਾਨ।।” ਜਿਸ ਦੀ ਕੁੱਖ ਤੋਂ ਇਸ ਸ੍ਰਿਸ਼ਟੀ ਦੀ ਉਤਪੱਤੀ ਹੋਈ ਹੈ ਉਸ ਨੂੰ ਮੰਦਾ ਕਿਵੇਂ ਕਹਿ ਸਕਦੇ ਹਾਂ। ਅਸੀਂ ਦਿਲੋਂ ਚਾਹੁੰਦੇ ਹਾਂ ਕਿ ਧੀਆਂ ਨੂੰ ਹਰ ਖੇਤਰ ਵਿੱਚ ਅੱਗੇ ਰੱਖਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਖੇਤਰਾਂ ਵਿੱਚ ਧੀਆਂ ਅੱਜ ਮੁੰਡਿਆਂ ਤੋਂ ਅੱਗੇ ਲੰਘ ਚੁੱਕੀਆਂ ਹਨ।ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਧੀਆਂ ਦੇ ਸਤਿਕਾਰ ਅਤੇ ਨਾਰੀ ਸਸ਼ਕਤੀਕਰਨ ਤਹਿਤ ਅਨੇਕਾਂ ਪਹਿਲਕਦਮੀਆਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਇਸ ਗੱਲ ਉੱਤੇ ਖੁਸ਼ੀ ਤੇ ਤਸੱਲੀ ਪ੍ਰਗਟਾਈ ਕਿ ਮੌਜੂਦਾ ਸਮੇਂ ਬਹੁਤ ਸਾਰੀਆਂ ਲੜਕੀਆਂ ਸਰਕਾਰੀ ਨੌਕਰੀਆਂ ਅਤੇ ਹੋਰ ਉੱਚੇ ਅਹੁਦਿਆਂ ‘ਤੇ ਬਿਰਾਜਮਾਨ ਹਨ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਧੀਆਂ ਹਮੇਸ਼ਾ ਆਪਣੇ ਮਾਪਿਆਂ ਦੀ ਖ਼ੈਰ ਮੰਗਦੀਆਂ ਹਨ ਅਤੇ ਸਾਡੇ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਧੀਆਂ ਨੂੰ ਪੁੱਤਰਾਂ ਦੇ ਬਰਾਬਰ ਦਾ ਮਾਹੌਲ ਸਿਰਜੀਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਧੀਆਂ ਦੀ ਸਿੱਖਿਆ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਹੀ ਅਜਿਹੀ ਪੌੜੀ ਹੈ ਜਿਸ ਰਾਹੀ ਧੀਆਂ ਸਮਾਜ ਵਿੱਚ ਸਮਾਨਤਾ ਦਾ ਅਧਿਕਾਰ ਪਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਘਰਾਂ ਦੀਆਂ ਚਾਰਦੀਵਾਰੀਆਂ ਵਿੱਚੋਂ ਨਿਕਲ ਕੇ ਆਪਣਾ ਅਤੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ। ਹਿਮਾਂਸ਼ੂ ਜੈਨ ਨੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਧੀਆਂ ਨੂੰ ਬਰਾਬਰ ਦੇ ਮੌਕੇ, ਸਿੱਖਿਆ ਅਤੇ ਆਪਣੇ ਫੈਸਲੇ ਖੁਦ ਲੈਣ ਦੀ ਆਜ਼ਾਦੀ ਦਿੱਤੀ ਜਾਵੇ, ਤਾਂ ਜੋ ਉਹ ਜੀਵਨ ਵਿੱਚ ਨਵੀਆਂ ਉਚਾਈਆਂ ਹਾਸਲ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਵਿਧਾਇਕ ਸਾਹਿਬਾਨਾਂ ਨਾਲ ਗੱਲਬਾਤ ਕਰਨ ਉਪਰੰਤ ਸਰਕਾਰੀ ਕਾਲਜ (ਲੜਕੀਆਂ) ਲੁਧਿਆਣਾ ਦੇ ਵਿਕਾਸ ਕਾਰਜਾਂ ਲਈ 10 ਲੱਖ ਰੁਪਏ ਦੀ ਮਾਲੀ ਮਦਦ ਵੀ ਦਿੱਤੀ ਜਾਵੇਗੀ।
ਸਰਕਾਰੀ ਕਾਲਜ (ਲਕੜੀਆਂ) ਦੀ ਪ੍ਰਿੰਸੀਪਲ ਸ੍ਰੀਮਤੀ ਸੁਮਨ ਲਤਾ ਨੇ ਆਏ ਮਹਿਮਾਨਾਂ ਦਾ ਸਵਾਗਤ ਕਰਦਿਆਂ ਮਾਵਾਂ ਅਤੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦੇ ਪ੍ਰਗਤੀਸ਼ੀਲ ਸਮਾਜ ਵਿੱਚ ਲੜਕਿਆਂ ਅਤੇ ਲੜਕੀਆਂ ਵਿੱਚ ਕੋਈ ਭੇਦਭਾਵ ਨਹੀਂ ਰਹਿ ਗਿਆ ਹੈ, ਕਿਉਂਕਿ ਲੜਕੀਆਂ ਹਰ ਖੇਤਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮਨਵਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ਸਮਾਂ ਸੀ ਜਦੋਂ ਧੀਆਂ ਦੇ ਜਨਮ ਨੂੰ ਖੁਸ਼ੀ ਨਾਲ ਨਹੀਂ ਮਨਾਇਆ ਜਾਂਦਾ ਸੀ, ਪਰ ਹੁਣ ਧੀਆਂ ਦਾ ਸਵਾਗਤ ਪੂਰੇ ਉਤਸ਼ਾਹ ਨਾਲ ਕੀਤਾ ਜਾਂਦਾ ਹੈ।ਇਸ ਮੌਕੇ ਕਾਲਜ ਦੀ ਵਿਦਿਆਰਥਣ ਆਵਾਜ਼ ਕੌਰ ਅਤੇ ਮਿਰਦੁਲਪ੍ਰੀਤ ਕੌਰ ਨੇ ਲੋਕ ਗੀਤ ਦੀ ਪੇਸ਼ਕਾਰੀ ਦਿੱਤੀ ਅਤੇ ਹੋਰ ਵਿਦਿਆਰਥਣਾਂ ਵੱਲੋਂ ਗਿੱਧਾ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ। ਸਟੇਜ ਸਕੱਤਰ ਦੀ ਜ਼ਿੰਮੇਵਾਰੀ ਕਰਮਜੀਤ ਸਿੰਘ ਗਰੇਵਾਲ (ਨੈਸ਼ਨਲ ਅਵਾਰਡੀ) ਨੇ ਬਾਖੂਬੀ ਨਿਭਾਈ।ਸਮਾਗਮ ਦੌਰਾਨ ਸਾਕਸ਼ੀ ਅਰੋੜਾ, ਵਿਕਾਸ ਪਰਾਸ਼ਰ, ਐਡਵੋਕੇਟ ਸਰਤਾਜ ਸਿੰਘ, ਕੌਂਸਲਰ ਸਿਮਰਨ ਕੌਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਗੁਰਮੀਤ ਸਿੰਘ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸਿੰਘ, ਕਾਲਜ ਦੇ ਅਧਿਆਪਕਾਂ ਸਮੇਤ ਵੱਡੀ ਗਿਣਤੀ ‘ਚ ਲੜਕੀਆਂ ਹਾਜ਼ਰ ਸਨ।
——–
Leave a Reply