ਲੁਧਿਆਣਾ
( ਜਸਟਿਸ ਨਿਊਜ਼ )
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਸ਼ੁੱਕਰਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਦੇ ਖੇਡ ਮੈਦਾਨ ਵਿਖੇ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਬਾਰੇ ਮੀਟਿੰਗ ਦੀ ਪ੍ਰਧਾਨਗੀ ਕੀਤੀ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੌਮੀ ਦਿਹਾੜੇ ਨੂੰ ਪੂਰੇ ਉਤਸ਼ਾਹ, ਆਪਸੀ ਮਿਲਵਰਤਨ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ ਜਾਵੇ ਅਤੇ ਸਾਰੇ ਵਿਭਾਗ ਆਪੋ ਆਪਣੇ ਪੱਧਰ ਉਤੇ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਸ਼੍ਰੀ ਹਿਮਾਂਸ਼ੂ ਜੈਨ ਨੇ ਦੱਸਿਆ ਕਿ 26 ਜਨਵਰੀ ਨੂੰ ਪੀ.ਏ.ਯੂ ਦੇ ਖੇਡ ਮੈਦਾਨ ਵਿਖੇ ਆਯੋਜਿਤ ਕੀਤੇ ਜਾਣ ਵਾਲੇ ਸਮਾਗਮ ਦੌਰਾਨ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਰਾਸ਼ਟਰੀ ਤਿਰੰਗੇ ਨੂੰ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਸ ਮੌਕੇ ਪੰਜਾਬ ਸਰਕਾਰ ਦੇ ਵੱਖ-ਵੱਖ ਫਲੈਗਸ਼ਿਪ ਪ੍ਰੋਗਰਾਮਾਂ ਅਤੇ ਭਲਾਈ ਯੋਜਨਾਵਾਂ ਨੂੰ ਦਰਸਾਉਂਦੀਆਂ ਝਾਕੀਆਂ ਤਿਆਰ ਕੀਤੀਆਂ ਜਾਣਗੀਆਂ, ਜਿਸ ਲਈ ਸਬੰਧਤ ਵਿਭਾਗ ਲੋੜੀਂਦੀ ਤਿਆਰੀ ਨੂੰ ਯਕੀਨੀ ਬਣਾਉਣ।
ਹਿਮਾਂਸ਼ੂ ਜੈਨ ਨੇ ਵੱਖ ਵੱਖ ਕਾਰਜਾਂ ਲਈ ਗਠਿਤ ਕਮੇਟੀਆਂ ਨੂੰ ਕੰਮਾਂ ਬਾਰੇ ਵਿਸਥਾਰ ਵਿੱਚ ਜਾਣੂ ਕਰਵਾਇਆ ਅਤੇ ਸਮਾਗਮ ਦੌਰਾਨ ਹਰ ਪ੍ਰਬੰਧ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਸਭਿਆਚਾਰਕ ਪ੍ਰੋਗਰਾਮ ਦੀ ਤਿਆਰੀ ਹੋਵੇਗੀ, ਜਿਸ ਵਿੱਚ ਦੇਸ਼ਭਗਤੀ ’ਤੇ ਆਧਾਰਿਤ ਵੰਨਗੀਆਂ ਦੇ ਨਾਲ ਨਾਲ ਲੋਕ ਨਾਚਾਂ ਦੀਆਂ ਟੀਮਾਂ ਦੀ ਚੋਣ ਕੀਤੀ ਜਾਵੇਗੀ। ਸਮਾਗਮ ਸਥਾਨ ਉੱਤੇ 19 ਜਨਵਰੀ ਤੋਂ ਰਿਹਰਸਲਾਂ ਸ਼ੁਰੂ ਹੋਣਗੀਆਂ ਅਤੇ 23 ਜਨਵਰੀ ਨੂੰ ਫੁੱਲ ਡਰੈੱਸ ਰਿਹਰਸਲ ਹੋਵੇਗੀ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ, ਮੰਡੀ ਬੋਰਡ, ਸਿਹਤ ਵਿਭਾਗ, ਸਿੱਖਿਆ ਵਿਭਾਗ, ਨਗਰ ਨਿਗਮ, ਖੇਡ ਵਿਭਾਗ, ਬਾਗਬਾਨੀ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਰਾਕੇਸ਼ ਕੁਮਾਰ, ਸਹਾਇਕ ਕਮਿਸ਼ਨਰ (ਜਨਰਲ) ਪਾਇਲ ਗੋਇਲ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੱਛਮੀ) ਡਾ. ਪੂਨਮਪ੍ਰੀਤ ਕੌਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
Leave a Reply