ਲੰਬੀ
, (ਪ੍ਰਤੀਨਿਧੀ):
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਵਿੱਚ ਸੜਕ ਹਾਦਸਿਆਂ ਤੋਂ ਬਚਾਅ ਅਤੇ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਸੜਕ ਸੁਰੱਖਿਆ ਜਾਗਰੂਕਤਾ ਮੁਹਿੰਮ 1 ਜਨਵਰੀ ਤੋਂ 31 ਜਨਵਰੀ 2026 ਤੱਕ ਮਾਣਯੋਗ ਡਿਪਟੀ ਕਮਿਸ਼ਨਰ ਸ਼੍ਰੀ ਅਭਿਜੀਤ ਕਪਲਿਸ਼ ਜੀ ਦੀ ਯੋਗ ਅਗਵਾਈ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਜਸਪਾਲ ਮੌਂਗਾ ਜੀ ਦੀ ਯੋਗ ਰਹਿਨੁਮਾਈ ਹੇਠ ਚਲਾਈ ਜਾ ਰਹੀ ਹੈ। ਇਸ ਕੜੀ ਦੇ ਦੌਰਾਨ ਸਕੂਲ ਆਫ਼ ਐਮੀਨੈਂਸ, ਲੰਬੀ ਵਿਖੇ ਵਿਦਿਆਰਥੀਆਂ ਵਿੱਚ ਸੜਕੀ ਸੁਰੱਖਿਆ ਪ੍ਰਤੀ ਜ਼ਿੰਮੇਵਾਰ ਸੋਚ ਪੈਦਾ ਕਰਨ ਦੇ ਉਦੇਸ਼ ਨਾਲ ਇੱਕ ਵਿਸ਼ੇਸ਼ ਟ੍ਰੈਫਿਕ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਸਕੂਲ ਪ੍ਰਿੰਸੀਪਲ ਸ੍ਰੀ ਰਾਜੀਵ ਛਾਬੜਾ ਜੀ ਦੀ ਦੇਖ ਰੇਖ ਵਿੱਚ ਕੀਤਾ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਐੱਸ.ਐੱਚ.ਓ. ਮੈਡਮ ਮਨਜੀਤ ਕੌਰ ਜੀ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕਰਦਿਆਂ ਵਿਦਿਆਰਥੀਆਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਟ੍ਰੈਫਿਕ ਨਿਯਮਾਂ ਦੀ ਮਹੱਤਤਾ ਨੂੰ ਰੋਜ਼ਾਨਾ ਜ਼ਿੰਦਗੀ ਨਾਲ ਜੋੜ ਕੇ ਸਮਝਾਇਆ।
ਐੱਸ.ਐੱਚ.ਓ. ਮਨਜੀਤ ਕੌਰ ਜੀ ਨੇ ਕਿਹਾ ਕਿ “ਸੜਕ ਸੁਰੱਖਿਆ ਸਿਰਫ਼ ਕਾਨੂੰਨ ਦੀ ਪਾਲਣਾ ਨਹੀਂ, ਸਗੋਂ ਜੀਵਨ ਦੀ ਸੁਰੱਖਿਆ ਹੈ।” ਉਨ੍ਹਾਂ ਨੇ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇਂ ਉੱਚ ਗੁਣਵੱਤਾ ਵਾਲਾ ਹੈਲਮਟ ਲਾਜ਼ਮੀ ਤੌਰ ’ਤੇ ਪਹਿਨਣ, 18 ਸਾਲ ਤੋਂ ਘੱਟ ਉਮਰ ਵਿੱਚ ਵਾਹਨ ਨਾ ਚਲਾਉਣ ਅਤੇ ਵਾਹਨ ਚਲਾਉਂਦੇ ਸਮੇਂ ਮੋਬਾਈਲ ਫ਼ੋਨ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਟ੍ਰੈਫਿਕ ਚਿੰਨ੍ਹਾਂ ਅਤੇ ਸਿਗਨਲ ਲਾਈਟਾਂ ਦੀ ਉਲੰਘਣਾ ਅਕਸਰ ਭਿਆਨਕ ਹਾਦਸਿਆਂ ਦਾ ਕਾਰਨ ਬਣਦੀ ਹੈ।ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਹਕੀਕਤੀ ਉਦਾਹਰਣਾਂ ਰਾਹੀਂ ਸੜਕੀ ਹਾਦਸਿਆਂ ਦੇ ਕਾਰਣ ਅਤੇ ਉਨ੍ਹਾਂ ਤੋਂ ਬਚਾਅ ਦੇ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨਾਲ ਬੱਚਿਆਂ ਵਿੱਚ ਖ਼ਾਸ ਉਤਸ਼ਾਹ ਅਤੇ ਜਾਗਰੂਕਤਾ ਵੇਖਣ ਨੂੰ ਮਿਲੀ। ਵਿਦਿਆਰਥੀਆਂ ਨੇ ਵੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਅਤੇ ਹੋਰਾਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰਨ ਦਾ ਸੰਕਲਪ ਲਿਆ।ਸਕੂਲ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਐੱਸ.ਐੱਚ.ਓ. ਮਨਜੀਤ ਕੌਰ ਜੀ ਦਾ ਧੰਨਵਾਦ ਕਰਦਿਆਂ ਕਿਹਾ ਗਿਆ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਨੂੰ ਸਿਰਫ਼ ਚੰਗਾ ਵਿਦਿਆਰਥੀ ਹੀ ਨਹੀਂ, ਸਗੋਂ ਇੱਕ ਜ਼ਿੰਮੇਵਾਰ ਨਾਗਰਿਕ ਬਣਨ ਵੱਲ ਪ੍ਰੇਰਿਤ ਕਰਦੇ ਹਨ।
Leave a Reply