September 7, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਰਕਾਰ ਵੱਲੋਂ ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ਮੌਕੇ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਆਯੋਜਿਤ ਕੀਤਾ।

ਸ੍ਰੀ ਭੈਣੀ ਸਾਹਿਬ, (ਲੁਧਿਆਣਾ),
( ਜਸਟਿਸ ਨਿਊਜ਼)
ਭਾਰਤ ਦੀ ਅਜ਼ਾਦੀ ਦੀ ਲੜਾਈ ਦਾ ਮੁੱਢ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਅੰਗਰੇਜ ਸਾਮਰਾਜ ਵਿਰੁੱਧ ਨਾ ਮਿਲਵਤਰਨ ਲਹਿਰ ਚਲਾ ਕੇ ਬੰਨ੍ਹਿਆ ਅਤੇ ਦੇਸ਼ ਨੂੰ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਸੇਧ ਪ੍ਰਦਾਨ ਕੀਤੀ ਅਤੇ ਉਹਨਾ ਨੇ ਸੱਚ, ਸਤਿਆਗ੍ਰਹਿ ਅਤੇ ਅਹਿੰਸਾ ਦੇ ਸਿਧਾਂਤਾ ਤੇ ਪਹਿਰਾ ਦਿੱਤਾ ਅਤੇ ਇਹਨਾਂ ਸਿਧਾਂਤਾ ਨੂੰ ਅਪਣਾ ਕੇ ਦੇਸ਼ ਦੀ ਅਜ਼ਾਦੀ ਦੀ ਲਹਿਰ ਵਿਚ ਵਡਮੁੱਲਾ ਯੋਗਦਾਨ ਪਾਇਆ। ਸਤਿਗੁਰੂ ਰਾਮ ਸਿੰਘ ਜੀ ਦੀ ਸੋਚ ਨੂੰ ਸਮਾਜ ਸੁਧਾਰ ਦਾ ਆਧਾਰ ਬਣਾਉਣ ਦੀ ਲੋੜ ਹੈ।
ਇਹ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਕੈਬਨਿਟ ਮੰਤਰੀ ਸ੍ਰੀ ਹਰਦੀਪ ਸਿੰਘ ਮੁੰਡੀਆਂ ਨੇ ਸਤਿਗੁਰੂ ਰਾਮ ਸਿੰਘ ਜੀ ਦੇ 210ਵੇਂ ਪ੍ਰਕਾਸ਼ ਪੁਰਬ ‘ਤੇ ਪੰਜਾਬ ਸਰਕਾਰ ਵੱਲੋਂ ਆਯੋਜਿਤ ਸ੍ਰੀ ਭੈਣੀ ਸਾਹਿਬ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸੰਗਤਾਂ ਦੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਸਤਿਗੁਰੂ ਉਦੈ ਸਿੰਘ ਵਿਸ਼ੇਸ਼ ਤੌਰ ਤੇ ਸ਼ਾਮਲ ਸਨ।
ਕੂਕਾ ਸ਼ਹੀਦਾਂ ਦੀਆਂ ਕੁਰਬਾਨੀਆਂ ਦਾ ਜ਼ਿਕਰ ਕਰਦਿਆਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਸ਼੍ਰੀ ਸਤਿਗੁਰੂ ਰਾਮ ਸਿੰਘ ਜੀ ਨੇ ਬਹਾਦਰ ਕ੍ਰਾਂਤੀਕਾਰੀ ਪੈਦਾ ਕੀਤੇ, ਜਿਨ੍ਹਾਂ ਨੇ ਅੰਗਰੇਜ਼ਾਂ ਦੇ ਖਿਲਾਫ ਹੌਸਲੇ ਨਾਲ ਲੜਾਈ ਲੜੀ  ਅਤੇ ਦੇਸ਼ ਨੂੰ ਅਜ਼ਾਦ ਕਰਵਾਉਣ ਲਈ ਤੋਪਾਂ ਦੇ ਸਾਹਮਣੇ ਖੜ੍ਹੇ ਹੋ ਕੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਹਨਾਂ ਕਿਹਾ ਕਿ ਮਲੇਰਕੋਟਲਾ ਵਿਖੇ 66 ਨਾਮਧਾਰੀ ਸਿੰਘਾਂ ਨੂੰ ਅੰਗਰੇਜਾਂ ਨੇ ਤੋਪਾਂ ਨਾਲ ਉਡਾਇਆਂ ਅਤੇ  ਲੁਧਿਆਣਾ, ਰਾਏਕੋਟ ਅਤੇ ਅੰਮ੍ਰਿਤਸਰ ਵਿਖੇ ਕਈ ਨਾਮਧਾਰੀ ਸਿੰਘਾਂ ਨੂੰ ਸ਼ਰੇਆਮ ਫਾਂਸੀ ਵੀ ਦਿੱਤੀ ਗਈ।
ਉਨ੍ਹਾਂ ਕਿਹਾ ਕਿ ਅਜ਼ਾਦੀ ਦੀ ਲੜਾਈ ਦੌਰਾਨ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਅਤੇ ਅਜਾਦੀ ਦੀ ਲੜਾਈ ਦੌਰਾਨ ਨਾਮਧਾਰੀ ਸਿੰਘਾਂ ਨੇ ਵੀ ਬਹੁਤ ਕੁਰਬਾਨੀਆਂ ਦਿੱਤੀਆਂ, ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀ ਜਾ ਸਕਦਾ। ਉਨ੍ਹਾਂ ਕਿਹਾ ਕਿ ਇਹ ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਹੀ ਸਨ, ਜਿਨ੍ਹਾਂ ਗੁਰੂਆਂ ਵੱਲੋਂ ਦਰਸਾਏ ਹੋਏ ਅਹਿੰਸਾ ਦੇ ਰਸਤੇ ‘ਤੇ ਚੱਲਦਿਆਂ ਅੰਗਰੇਜ਼ਾਂ ਦਾ ਅਤੇ ਉਨ੍ਹਾਂ ਵੱਲੋਂ ਦਿੱਤੀਆਂ ਜਾਂਦੀਆਂ ਸੁੱਖ ਸਹੂਲਤਾਂ ਦਾ ਮੁਕੰਮਲ ਬਾਈਕਾਟ ਕੀਤਾ। ਨਾਮਧਾਰੀ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਸ਼ੁਰੂ ਕੀਤੇ ਗਏ ਨਾ ਮਿਲਵਰਤਨ ਅੰਦੋਲਨ ਅਤੇ ਨਾ ਫੁਰਮਾਨੀ ਅੰਦੋਲਨ ਨੂੰ ਬਾਅਦ ਵਿੱਚ ਮਹਾਤਮਾ ਗਾਂਧੀ ਵਰਗੇ ਆਗੂਆਂ ਨੇ ਅਪਣਾਉਣ ਨੂੰ ਪਹਿਲ ਦਿੱਤੀ। ਇਤਿਹਾਸ ਗਵਾਹ ਹੈ ਦੇਸ਼ ਦੀ ਅਜ਼ਾਦੀ ਦਾ ਅਸਲ ਮੁੱਢ ਕੂਕਿਆਂ ਵੱਲੋਂ ਮਲੇਰਕੋਟਲਾ ਦੀ ਪਵਿੱਤਰ ਧਰਤੀ ਤੋਂ ਬੱਝਿਆ ਗਿਆ ਸੀ।
ਮੰਤਰੀ ਸੌਂਦ ਨੇ ਨਾਮਧਾਰੀ ਸੰਪਰਦਾ ਨੂੰ ਸਾਦਗੀ, ਸੱਚਾਈ ਅਤੇ ਨਿਮਰਤਾ ਦਾ ਸੋਮਾ ਦੱਸਦਿਆਂ ਸੰਗਤ ਨੂੰ ਅਪੀਲ ਕੀਤੀ ਕਿ ਸਾਨੂੰ ਇਸ ਸੰਪਰਦਾ ਅਤੇ ਗੁਰੂਆਂ ਵੱਲੋਂ ਦਰਸਾਏ ਹੋਏ ਮਾਰਗ ‘ਤੇ ਚੱਲਦੇ ਹੋਏ ਪ੍ਰਮਾਤਮਾ ਨੂੰ ਪ੍ਰਾਪਤ ਕਰਨ ਲਈ ਯਤਨ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਨਾਮਧਾਰੀ ਸੰਪਰਦਾ ਨੇ ਹਮੇਸ਼ਾਂ ਖੇਤੀਬਾੜੀ ਅਤੇ ਖੇਡਾਂ ਨੂੰ ਉਤਸ਼ਾਹਿਤ ਕੀਤਾ ਹੈ।
ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਨਾਮਧਾਰੀ ਸੰਪਰਦਾ ਵੱਲੋਂ ਦੇਸ਼ ਦੀ ਆਜ਼ਾਦੀ, ਧਰਮ ਅਤੇ ਮਨੁੱਖੀ ਕਦਰਾਂ ਦੀ ਰੱਖਿਆ ਲਈ ਦਿੱਤੀਆਂ ਗਈਆਂ ਕੁਰਬਾਨੀਆਂ ਭਾਰਤੀ ਇਤਿਹਾਸ ਵਿੱਚ ਸਦਾ ਸੁਨਹਿਰੀ ਅੱਖਰਾਂ ਨਾਲ ਦਰਜ਼ ਰਹਿਣਗੀਆਂ।
ਮੰਤਰੀ ਮੁੰਡੀਆਂ ਨੇ ਅੱਗੇ ਕਿਹਾ ਕਿ ਨਾਮਧਾਰੀ ਸੰਪਰਦਾ ਸਾਦਗੀ, ਸੱਚਾਈ, ਨਿਮਰਤਾ ਅਤੇ ਤਿਆਗ ਦੀ ਜਿਊਂਦੀ ਜਾਗਦੀ ਮਿਸਾਲ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਾਮ ਸਿੰਘ ਜੀ ਵੱਲੋਂ ਦਰਸਾਏ ਅਹਿੰਸਾ, ਨਾ-ਮਿਲਵਰਤਨ ਅਤੇ ਨਾ-ਫੁਰਮਾਨੀ ਦੇ ਰਸਤੇ ਨੇ ਦੇਸ਼ ਦੀ ਆਜ਼ਾਦੀ ਦੀ ਲੜਾਈ ਨੂੰ ਨਵੀਂ ਦਿਸ਼ਾ ਦਿੱਤੀ।
ਉਨ੍ਹਾਂ ਕਿਹਾ ਕਿ 66 ਨਾਮਧਾਰੀ ਸ਼ਹੀਦ ਸਿੰਘਾਂ ਦੀ ਕੁਰਬਾਨੀ ਸਿਰਫ਼ ਇੱਕ ਧਾਰਮਿਕ ਸੰਪਰਦਾ ਦੀ ਨਹੀਂ, ਸਗੋਂ ਪੂਰੇ ਦੇਸ਼ ਦੀ ਆਜ਼ਾਦੀ ਦੀ ਲੜਾਈ ਦੀ ਬੁਨਿਆਦ ਹੈ। ਅੱਜ ਦੀ ਪੀੜ੍ਹੀ ਲਈ ਇਹ ਬਲਿਦਾਨ ਪ੍ਰੇਰਣਾ ਸਰੋਤ ਹਨ ਕਿ ਅਸੀਂ ਸੱਚ, ਇਮਾਨਦਾਰੀ ਅਤੇ ਦੇਸ਼ ਸੇਵਾ ਦੇ ਰਸਤੇ ’ਤੇ ਅੱਗੇ ਵਧੀਏ।
ਦੋਵੇਂ ਕੈਬਨਿਟ ਮੰਤਰੀਆਂ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਪਹੁੰਚਣਾ ਸੀ ਪਰ ਕੁਝ ਨਾ ਟਾਲੇ ਜਾਣ ਵਾਲੇ ਕਾਰਨਾਂ ਕਰਕੇ ਉਹ ਪਹੁੰਚ ਨਹੀਂ ਸਕੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਜੋ ਹੁਕਮ ਜਾਂ ਸੇਵਾ ਲਗਾਈ ਜਾਵੇਗੀ, ਉਹ ਸਿਰ ਨਿਵਾ ਕੇ ਪੂਰੀ ਕੀਤੀ ਜਾਵੇਗੀ। ਦੋਵਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਗੁਰੂਆਂ ਅਤੇ ਨਾਮਧਾਰੀ ਸੰਪਰਦਾ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਆਪਣੀ ਜ਼ਿੰਦਗੀ ਨੂੰ ਉੱਚੇ ਆਦਰਸ਼ਾਂ ਨਾਲ ਜੋੜਨ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਵਿੱਚ ਆਪਣਾ ਅਹਿਮ ਰੋਲ ਅਦਾ ਕਰਨ।
ਇਸ ਮੌਕੇ ਸਤਿਗੁਰੂ ਉਦੈ ਸਿੰਘ ਨੇ ਰਾਜ ਪੱਧਰੀ ਸਮਾਗਮ ਦੌਰਾਨ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ, ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੂੰ ਸਨਮਾਨਿਤ ਵੀ ਕੀਤਾ।
ਇਸ ਮੌਕੇ ਪ੍ਰਮੁੱਖ ਵਿਅਕਤੀਆਂ ਵਿੱਚ ਵਿਧਾਨ ਸਭਾ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ ਤੋ ਇਲਾਵਾ ਵੱਡੀ ਗਿਣਤੀ ਵਿੱਚ ਨਾਮਧਾਰੀ ਸੰਗਤ ਹਾਜ਼ਰ ਸੀ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.