ਲੁਧਿਆਣਾ,
( ਜਸਟਿਸ ਨਿਊਜ਼ )
–
ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਦੇਸ਼ ਦਾ ਬੇਸ਼ਕੀਮਤੀ ਸਰਮਾਇਆ ਆਖਦਿਆਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਅਜ਼ਾਦੀ ਘੁਲਾਟੀਏ ਪਰਿਵਾਰਾਂ ਦਾ ਸਰਕਾਰੀ ਦਫ਼ਤਰਾਂ ਅਤੇ ਸਮਾਗਮਾਂ ਵਿਚ ਮਾਣ ਸਨਮਾਨ ਹਰ ਹੀਲੇ ਬਰਕਰਾਰ ਰੱਖਿਆ ਜਾਵੇ।
‘ਆਜ਼ਾਦੀ ਘੁਲਾਟੀਏ ਆਸ਼ਰਿਤ ਸੰਗਠਨ’ ਦੇ ਨੁਮਾਇੰਦਿਆਂ ਨਾਲ ਆਪਣੇ ਦਫ਼ਤਰ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਅਜ਼ਾਦੀ ਘੁਲਾਟੀਏ ਸਾਨੂੰ ਅਜ਼ਾਦ ਫਿਜ਼ਾ ਵਿੱਚ ਸਾਹ ਲੈਣ ਦੇ ਕਾਬਿਲ ਬਣਾਉਣ ਲਈ ਆਪਣੇ ਪ੍ਰਾਣਾਂ ਦੀ ਆਹੂਤੀ ਦੇ ਗਏ। ਹੁਣ ਸਾਡਾ ਫਰਜ਼ ਬਣਦਾ ਹੈ ਕਿ ਇਹਨਾਂ ਦੇ ਪਿੱਛੇ ਰਹਿੰਦੇ ਪਰਿਵਾਰਾਂ ਨੂੰ ਮਾਣ ਅਤੇ ਸਤਿਕਾਰ ਨਾਲ ਸੰਭਾਲਿਆ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਨੇੜੇ ਹੋ ਕੇ ਸੁਣਿਆ ਅਤੇ ਮੌਕੇ ‘ਤੇ ਹੀ ਨਿਪਟਾਰਾ ਵੀ ਕੀਤਾ। ਉਹਨਾਂ ਅਜ਼ਾਦੀ ਘੁਲਾਟੀਏ ਪਰਿਵਾਰਾਂ ਨਾਲ ਸਬੰਧਤ ਬਕਾਇਆ ਮਸਲਿਆਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ ਅਤੇ ਮੀਟਿੰਗ ਵਿਚ ਹਾਜ਼ਰ ਅਧਿਕਾਰੀਆਂ ਨੂੰ ਇਹ ਮਸਲੇ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਆਦੇਸ਼ ਦਿੰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਰਜੀਤ ਬੈਂਸ, ਜੀਵਨਦੀਪ ਸਿੰਘ ਪੀ.ਸੀ.ਐਸ. (ਅਲਾਈਡ), ‘ਆਜ਼ਾਦੀ ਘੁਲਾਟੀਏ ਆਸ਼ਰਿਤ ਸੰਗਠਨ’ ਦੇ ਸਰਪ੍ਰਸਤ ਮਾਸਟਰ ਗੁਰਮੀਤ ਸਿੰਘ, ਪ੍ਰਧਾਨ ਚੇਤਨਦੀਪ ਸਿੰਘ ਬਵੇਜਾ, ਮੀਤ ਪ੍ਰਧਾਨ ਸੁਰਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਸੁਰਿੰਦਰ ਪਾਲ ਸਿੰਘ, ਜਨਰਲ ਸਕੱਤਰ ਨਰਿੰਦਰ ਸਿੰਘ ਬਿੱਲਾ, ਗੁਰਬਖਸ਼ੀਸ਼ ਸਿੰਘ ਤੇ ਹੋਰ ਵੀ ਹਾਜ਼ਰ ਸਨ।
Leave a Reply