ਪੰਜਾਬ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ – ਬਿਜਲੀ ਮੰਤਰੀ

 

ਮੋਗਾ, 16 ਦਸੰਬਰ  – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ ਟੀ ਓ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਿਜਲੀ ਮਹਿੰਗੀ ਕਰਨ ਦਾ ਹਲੇ ਕੋਈ ਪ੍ਰਸਤਾਵ ਨਹੀਂ ਹੈ। ਉਹ ਅੱਜ ਸਥਾਨਕ ਨਿੱਜੀ ਸਕੂਲ ਵਿੱਚ ਇੱਕ ਸਮਾਗਮ ਵਿਚ ਸ਼ਿਰਕਤ ਕਰਨ ਲਈ ਆਏ ਸਨ। ਇਸ ਮੌਕੇ ਉਹਨਾਂ ਨਾਲ ਹਲਕਾ ਮੋਗਾ ਦੇ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ, ਹਲਕਾ ਨਿਹਾਲ ਸਿੰਘ ਵਾਲਾ ਦੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ, ਨਗਰ ਨਿਗਮ ਮੋਗਾ ਦੇ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਮਾਰਕੀਟ ਕਮੇਟੀ ਮੋਗਾ ਦੇ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ ਅਤੇ ਹੋਰ ਵੀ ਹਾਜ਼ਰ ਸਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਈ ਟੀ ਓ ਨੇ ਕਿਹਾ ਕਿ
ਜਦੋਂ ਦੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਬਣੀ ਹੈ ਉਦੋਂ ਤੋਂ ਪੰਜਾਬ ਸਰਕਾਰ ਨੇ ਬਿਜਲੀ ਦੇ ਰੇਟ ਨਹੀਂ ਵਧਾਏ ਹਨ। ਉਹਨਾਂ ਕਿਹਾ ਕਿ ਪੰਜਾਬ ਵਿੱਚ ਬਿਜਲੀ ਫਰੀ ਕੀਤੀ ਨੂੰ 17 ਮਹੀਨੇ ਤੋਂ ਵਧੇਰੇ ਦਾ ਸਮਾਂ ਹੋ ਗਿਆ ਹੈ। ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੀ ਪਹਿਲੀ ਚੋਣ ਗਰੰਟੀ ਮੁਫ਼ਤ ਬਿਜਲੀ ਦੇ ਕੇ ਪੂਰੀ ਕੀਤੀ ਸੀ।
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਬਿਜਲੀ ਵਿਭਾਗ ਵਿਚ ਕਈ ਸੁਧਾਰ ਕੀਤੇ ਗਏ ਹਨ। ਜਦੋਂ ਉਹਨਾਂ ਦੀ ਸਰਕਾਰ ਨੇ ਸੱਤਾ ਸੰਭਾਲੀ ਸੀ ਤਾਂ ਉਸ ਵੇਲੇ ਬਿਜਲੀ ਬੋਰਡ 1880 ਕਰੋੜ ਰੁਪਏ ਦੇ ਘਾਟੇ ਵਿਚ ਚੱਲ ਰਿਹਾ ਸੀ। ਪਰ ਪੰਜਾਬ ਸਰਕਾਰ ਦੇ ਸੁਯੋਗ ਉਪਰਾਲਿਆਂ ਨਾਲ ਅੱਜ ਬੋਰਡ ਨੂੰ 564 ਕਰੋੜ ਰੁਪਏ ਮੁਨਾਫ਼ੇ ਵਿੱਚ ਕਰ ਦਿੱਤਾ ਗਿਆ ਹੈ। ਹੁਣ ਵੀ ਬਿਜਲੀ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।
ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸਕੂਲਾਂ ਵਿੱਚ ਟੀਚਿੰਗ ਅਤੇ ਨਾਨ ਟੀਚਿੰਗ ਸਟਾਫ਼ ਭਰਤੀ ਕਰਨ ਦੇ ਨਾਲ ਨਾਲ ਸਕੂਲਾਂ ਨੂੰ ਸਕੂਲ ਆਫ ਐਮੀਨਾਸ ਬਣਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਨੂੰ ਸਹੀ ਅਰਥਾਂ ਵਿੱਚ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ।

Leave a Reply

Your email address will not be published.


*