September 2, 2026

Justice News

ਅਵਾਮ ਦੀ ਆਵਾਜ਼

ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਮੂਹ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ, ਮਾਪਿਆਂ ਦੀ ਉਤਸ਼ਾਹਪੂਰਨ ਅਤੇ ਭਰਵੀਂ ਸ਼ਮੂਲੀਅਤ

 

ਸ੍ਰੀ ਮੁਕਤਸਰ ਸਾਹਿਬ,
ਜਸਵਿੰਦਰ ਪਾਲ ਸ਼ਰਮਾ
ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਅੱਜ ਸੂਬੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮਾਪਿਆਂ ਦੀ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ, ਜਿਨ੍ਹਾਂ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ।
 ਇਹ ਵਰਕਸ਼ਾਪ ਸਕੂਲ ਅਤੇ ਮਾਪਿਆਂ ਦਰਮਿਆਨ ਸਹਿਯੋਗ ਵਧਾਉਣ ਅਤੇ ਬੱਚਿਆਂ ਦੀ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਅਤੇ ਪ੍ਰੀਖਿਆ ਸਮੇਂ ਵਿਦਿਆਰਥੀਆਂ ਨੂੰ ਘਰ ਵਿੱਚ ਉਚਿਤ ਮਾਹੌਲ ਪ੍ਰਦਾਨ ਕਰਨ ਦੇ ਉਦੇਸ਼ ਨਾਲ ਆਯੋਜਿਤ ਕੀਤੀਆਂ ਗਈਆਂ।
ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਇਹ ਵਰਕਸ਼ਾਪਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਯਾਦਵਿੰਦਰ ਸਿੰਘ ਮਾਨ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਾਜਿੰਦਰ ਕੁਮਾਰ ਸੋਨੀ ਦੀ ਯੋਗ ਅਗਵਾਈ ਅਤੇ ਡੀ.ਆਰ.ਸੀ. ਅਕਾਦਮਿਕ ਸਪੋਰਟ ਗਰੁੱਪ ਸ. ਗੁਰਮੇਲ ਸਿੰਘ ਸਾਗੂ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਸਫਲਤਾਪੂਰਵਕ ਕਰਵਾਈਆਂ ਗਈਆਂ।
ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਅਧਿਕਾਰੀਆਂ ਵੱਲੋਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਮਾਪਿਆਂ ਨਾਲ ਸੰਵਾਦ ਰਾਹੀਂ ਬੱਚਿਆਂ ਦੀ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ।
ਵਰਕਸ਼ਾਪ ਦੌਰਾਨ ਮਾਪਿਆਂ ਨੂੰ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਦੇ ਲਈ ਪੜ੍ਹਾਈ ਵਿੱਚ ਸਕੂਲ ਅਤੇ ਮਾਤਾ ਪਿਤਾ ਦੇ ਰੋਲ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।
ਇਸ ਵਰਕਸ਼ਾਪ ਰਾਹੀਂ ਮਾਪਿਆਂ ਨੂੰ ਘਰੇਲੂ ਮਾਹੌਲ ਵਿੱਚ ਬੱਚਿਆਂ ਦੀ ਪੜ੍ਹਾਈ ਨੂੰ ਪ੍ਰੋਤਸਾਹਿਤ ਕਰਨ ਲਈ ਵੀ ਪ੍ਰੇਰਿਤ ਕੀਤਾ। ਮਾਪਿਆਂ ਨੂੰ ਦੱਸਿਆ ਗਿਆ ਕਿ ਬੱਚਿਆਂ ਨਾਲ ਰੋਜ਼ਾਨਾ ਪੜ੍ਹਾਈ ਸੰਬੰਧੀ ਗੱਲਬਾਤ ਕਰਨੀ, ਉਨ੍ਹਾਂ ਦੀਆਂ ਗਤੀਵਿਧੀਆਂ ਤੇ ਨਜ਼ਰ ਰੱਖਣੀ ਅਤੇ ਉਨ੍ਹਾਂ ਨੂੰ ਸਕਾਰਾਤਮਕ ਵਾਤਾਵਰਣ ਪ੍ਰਦਾਨ ਕਰਨਾ ਬਹੁਤ ਜ਼ਰੂਰੀ ਹੈ। ਇਸ ਦੇ ਨਾਲ ਹੀ ਬੱਚਿਆਂ ਵਿੱਚ ਸਮਾਜਿਕ ਅਤੇ ਨੈਤਿਕ ਮੁੱਲਾਂ ਨੂੰ ਮਜ਼ਬੂਤ ਬਣਾਉਣ ਲਈ ਮਾਪਿਆਂ ਦੀ ਭੂਮਿਕਾ ਨੂੰ ਵੀ ਉਜਾਗਰ ਕੀਤਾ ਗਿਆ।
ਵਰਕਸ਼ਾਪ ਦੌਰਾਨ ਮਾਪਿਆਂ ਨੇ ਖੁੱਲ੍ਹ ਕੇ ਆਪਣੇ ਵਿਚਾਰ ਅਤੇ ਸੁਝਾਅ ਪ੍ਰਸਤੁਤ ਕੀਤੇ। ਕਈ ਮਾਪਿਆਂ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਵਰਕਸ਼ਾਪਾਂ ਨਾਲ ਉਨ੍ਹਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਅਤੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਪੂਰੀ ਜਾਣਕਾਰੀ ਮਿਲਦੀ ਹੈ, ਜਿਸ ਨਾਲ ਉਹ ਬੱਚਿਆਂ ਦੀ ਬਿਹਤਰ ਮਦਦ ਕਰ ਸਕਦੇ ਹਨ। ਮਾਪਿਆਂ ਨੇ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਕਦਮ ਬੱਚਿਆਂ ਦੇ ਚੰਗੇ ਭਵਿੱਖ ਲਈ ਬਹੁਤ ਲਾਭਦਾਇਕ ਸਾਬਤ ਹੋਣਗੇ।
ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਬੱਚਿਆਂ ਦੀ ਸਫਲਤਾ ਵਿੱਚ ਮਾਪਿਆਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੁੰਦੀ ਹੈ। ਜੇਕਰ ਸਕੂਲ ਅਤੇ ਮਾਪੇ ਮਿਲ ਕੇ ਕੰਮ ਕਰਨ ਤਾਂ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਸੰਭਵ ਹੈ। ਉਨ੍ਹਾਂ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਨਿਯਮਿਤ ਤੌਰ ‘ਤੇ ਸਕੂਲ ਭੇਜਣ, ਉਨ੍ਹਾਂ ਦੀ ਪੜ੍ਹਾਈ ਵਿੱਚ ਰੁਚੀ ਬਣਾਈ ਰੱਖਣ ਅਤੇ ਸਕੂਲ ਵੱਲੋਂ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਮੇਸ਼ਾ ਭਾਗ ਲੈਣ।
ਇਹ ਮਾਪੇ ਵਰਕਸ਼ਾਪਾਂ ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਗੁਣਵੱਤਾ ਭਰੀ ਅਤੇ ਸਮਾਵੇਸ਼ੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਵੱਲ ਇਕ ਮਹੱਤਵਪੂਰਨ ਕਦਮ ਸਾਬਤ ਹੋਈਆਂ ਹਨ। ਇਨ੍ਹਾਂ ਵਰਕਸ਼ਾਪਾਂ ਰਾਹੀਂ ਸਕੂਲਾਂ ਅਤੇ ਮਾਪਿਆਂ ਦਰਮਿਆਨ ਸੰਚਾਰ ਅਤੇ ਸਹਿਯੋਗ ਨੂੰ ਹੋਰ ਮਜ਼ਬੂਤੀ ਮਿਲੀ ਹੈ, ਜਿਸ ਨਾਲ ਵਿਦਿਆਰਥੀਆਂ ਦੇ ਚੰਗੇ ਭਵਿੱਖ ਦੀ ਨੀਂਹ ਹੋਰ ਮਜ਼ਬੂਤ ਹੋਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.