August 17, 2026

Justice News

ਅਵਾਮ ਦੀ ਆਵਾਜ਼

ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ 19.56 ਕਰੋੜ ਦੀ ਲਾਗਤ ਨਾਲ ਖੰਨਾ–ਮਲੇਰਕੋਟਲਾ ਰੋਡ ਦੇ ਨਵੀਨੀਕਰਨ ਕਾਰਜ ਦਾ ਰੱਖਿਆ ਨੀਂਹ ਪੱਥਰ

ਖੰਨਾ, (ਲੁਧਿਆਣਾ)
(ਜਸਟਿਸ ਨਿਊਜ਼)
ਹਲਕਾ ਖੰਨਾ ਦੇ ਵਿਧਾਇਕ ਅਤੇ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ, ਕਿਰਤ ਅਤੇ ਪ੍ਰਾਹੁਣਚਾਰੀ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸੋਮਵਾਰ ਨੂੰ ਵਿਕਾਸ ਦੀ ਇੱਕ ਹੋਰ ਇਤਿਹਾਸਕ ਸ਼ੁਰੂਆਤ ਤਹਿਤ ਖੰਨਾ-ਮਲੇਰਕੋਟਲਾ ਰੋਡ ਲੰਬਾਈ 23.91 ਕਿਲੋਮੀਟਰ ਦਾ 19.56 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕਰਨ ਦੇ ਕਾਰਜ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਸ਼ੁਰੂਆਤ ਕਰਵਾਈ। ਇਸ ਏਜੰਸੀ ਵਲੋਂ ਇਸ ਸੜਕ 5 ਸਾਲਾਂ ਦੀ ਮੇਨਟੀਨੈਂਸ ਵੀ ਕੀਤੀ ਜਾਵੇਗੀ।
ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਇਸ ਸੜਕ ਦੇ ਤਿਆਰ ਹੋਣ ਨਾਲ ਪਿੰਡਾਂ ਅਤੇ ਖੰਨਾ ਸ਼ਹਿਰ ਦਾ ਆਪਸੀ ਰਾਬਤਾ ਮਜ਼ਬੂਤ ਹੋਵੇਗਾ ਅਤੇ ਲੋਕਾਂ ਨੂੰ ਸੁਰੱਖਿਅਤ, ਸੁਵਿਧਾਜਨਕ ਅਤੇ ਤੇਜ਼ ਆਵਾਜਾਈ ਦੀ ਸਹੂਲਤ ਮਿਲੇਗੀ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਅਤੇ ਸ਼ਹਿਰੀ ਵਿਕਾਸ ਨੂੰ ਤਰਜੀਹ ਦੇ ਰਹੀ ਹੈ ਅਤੇ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮਜ਼ਬੂਤ ਸੜਕੀ ਢਾਂਚਾ ਖੇਤੀਬਾੜੀ, ਵਪਾਰ ਅਤੇ ਉਦਯੋਗ ਲਈ ਰੀੜ੍ਹ ਦੀ ਹੱਡੀ ਹੈ।
ਮੰਤਰੀ ਸੌਂਦ ਨੇ ਕਿਹਾ ਕਿ ਹਲਕਾ ਖੰਨਾ ਦੇ ਵਿਕਾਸ ਲਈ ਸਰਕਾਰ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ ਅਤੇ ਇਲਾਕੇ ਦੇ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਕਿਹਾ ਕਿ ਸੜਕਾਂ, ਪੀਣ ਵਾਲੇ ਪਾਣੀ, ਸਿਹਤ, ਸਿੱਖਿਆ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕਈ ਅਹਿਮ ਪ੍ਰੋਜੈਕਟ ਚੱਲ ਰਹੇ ਹਨ, ਜਿਨ੍ਹਾਂ ਨਾਲ ਆਉਣ ਵਾਲੇ ਸਮੇਂ ਵਿੱਚ ਹਲਕਾ ਖੰਨਾ ਦੀ ਤਸਵੀਰ ਪੂਰੀ ਤਰ੍ਹਾਂ ਬਦਲ ਜਾਵੇਗੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕ-ਹਿਤੈਸ਼ੀ ਨੀਤੀਆਂ ਨੂੰ ਜ਼ਮੀਨੀ ਪੱਧਰ ‘ਤੇ ਲਾਗੂ ਕੀਤਾ ਜਾ ਰਿਹਾ ਹੈ ਤਾਂ ਜੋ ਹਰ ਵਰਗ ਤੱਕ ਵਿਕਾਸ ਦੇ ਫ਼ਾਇਦੇ ਪਹੁੰਚ ਸਕਣ।
ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਦ੍ਰਿੜ ਨਿਸ਼ਚੈ ਨਾਲ ਅੱਗੇ ਵਧ ਰਹੀ ਹੈ ਅਤੇ ਹਲਕਾ ਖੰਨਾ ਦੇ ਨਿਵਾਸੀਆਂ ਨੂੰ ਬਿਹਤਰ ਸੁਵਿਧਾਵਾਂ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਾਥਮਿਕਤਾ ਹੈ।
ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਅਤੇ ਸਮੇਂ-ਸਿਰ ਪੂਰਤੀ ਯਕੀਨੀ ਬਣਾਈ ਜਾਵੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।
ਕੈਬਨਿਟ ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਨੂੰ ਜੋੜਨ ਵਾਲੀਆਂ ਸੜਕਾਂ ਦੀ ਗੁਣਵੱਤਾ ਯਕੀਨੀ ਬਣਾਉਣ ਲਈ ਇੱਕ ਵਿਸ਼ੇਸ਼ ਸੀ.ਐਮ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ। ਇਹ ਅਨੋਖੀ ਪਹਿਲ ਪੰਜਾਬ ਦੇ ਸੜਕੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਦੀ ਦਿਸ਼ਾ ਵਿੱਚ ਇੱਕ ਇਨਕਲਾਬੀ ਕਦਮ ਹੈ। ਇਸ ਸਕੁਐਡ ਵਿੱਚ ਲੋਕ ਨਿਰਮਾਣ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀ ਸ਼ਾਮਲ ਹਨ, ਜੋ ਉਸਾਰੀ ਅਧੀਨ ਅਤੇ ਮੁਰੰਮਤ ਦੌਰਾਨ ਸੜਕਾਂ ਦੀ ਸਰਗਰਮੀ ਨਾਲ ਜਾਂਚ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਤੇ ਲੋਕਾਂ ਪ੍ਰਤੀ ਉਨ੍ਹਾਂ ਦੀ ਵਚਨਬੱਧਤਾ ਇਸ ਯੋਜਨਾ ਵਿੱਚ ਸਾਫ਼ ਝਲਕਦੀ ਹੈ, ਜੋ ਇਹ ਯਕੀਨੀ ਬਣਾਉਂਦੀ ਹੈ ਕਿ ਹਰ ਰੁਪਿਆ ਜਨਤਾ ਦੀ ਭਲਾਈ ‘ਤੇ ਸਹੀ ਤਰੀਕੇ ਨਾਲ ਖਰਚ ਹੋਵੇ। ਸੀ.ਐਮ ਫਲਾਇੰਗ ਸਕੁਐਡ ਵਿੱਚ ਦੋਵਾਂ ਵਿਭਾਗਾਂ ਦੇ ਸੁਪਰਡੈਂਟ ਇੰਜੀਨੀਅਰ ਸ਼ਾਮਲ ਹਨ ਅਤੇ ਇਸਦਾ ਮੁੱਖ ਉਦੇਸ਼ ਮਾਲਵਾ, ਮਾਝਾ ਅਤੇ ਦੋਆਬਾ ਸਮੇਤ ਸਾਰੇ ਖੇਤਰਾਂ ਵਿੱਚ ਸੜਕਾਂ ਦੀ ਮੁਰੰਮਤ ਅਤੇ ਅੱਪਗ੍ਰੇਡੇਸ਼ਨ ਦੇ ਕੰਮ ਦੀ ਨਿਗਰਾਨੀ, ਤਸਦੀਕ ਅਤੇ ਗੁਣਵੱਤਾ ਬਣਾਈ ਰੱਖਣਾ ਹੈ। ਇਹ ਟੀਮ ਪੂਰੇ ਪੰਜਾਬ ਵਿੱਚ ਸਰਗਰਮੀ ਨਾਲ ਕੰਮ ਕਰ ਰਹੀ ਹੈ ਤਾਂ ਜੋ ਜਨਤਕ ਬੁਨਿਆਦੀ ਢਾਂਚੇ ‘ਤੇ ਹੋਣ ਵਾਲੇ ਖਰਚੇ ਵਿੱਚ ਪੂਰੀ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਮੰਤਰੀ ਸੌਂਦ ਨੇ ਕਿਹਾ ਕਿ ਇਸ ਪਹਿਲ ਨਾਲ ਨਾ ਸਿਰਫ਼ ਸੜਕਾਂ ਦੀ ਗੁਣਵੱਤਾ ਵਿੱਚ ਸੁਧਾਰ ਹੋਵੇਗਾ, ਸਗੋਂ ਠੇਕੇਦਾਰਾਂ ‘ਤੇ ਵੀ ਸਖ਼ਤ ਨਜ਼ਰ ਰੱਖੀ ਜਾਵੇਗੀ। ਪੰਜਾਬ ਸਰਕਾਰ ਦਾ ਇਹ ਫੈਸਲਾ ਦਰਸਾਉਂਦਾ ਹੈ ਕਿ ਭਗਵੰਤ ਸਿੰਘ ਮਾਨ ਦੀ ਸਰਕਾਰ ਜਨਤਾ ਦੇ ਹਰ ਪੈਸੇ ਦੀ ਕੀਮਤ ਸਮਝਦੀ ਹੈ ਅਤੇ ਉਸਨੂੰ ਸਹੀ ਥਾਂ ‘ਤੇ ਵਰਤਣ ਲਈ ਵਚਨਬੱਧ ਹੈ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਦੱਸਿਆ ਕਿ ਇਹ ਸੜਕ ਇਲਾਕੇ ਦੇ ਲੋਕਾਂ ਦੀ ਲੰਮੀ ਚੱਲੀ ਆ ਰਹੀ ਮੰਗ ਸੀ, ਜੋ ਹੁਣ ਪੂਰੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਹਨਾਂ ਸੜਕਾਂ ਨਾਲ ਲੋਕਾਂ ਦੀ ਆਵਾਜਾਈ ਨੂੰ ਆਸਾਨ ਬਣੇਗੀ।  ਉਨ੍ਹਾਂ ਕਿਹਾ ਕਿ ਹਲਕਾ ਖੰਨਾ ਦਾ ਵਿਕਾਸ ਅਤੇ ਲੋਕ ਸੇਵਾ ਉਹਨਾਂ ਦੀ ਡਿਊਟੀ ਹੈ। ਹਲਕੇ ਦੇ ਲੋਕਾਂ ਨੇ ਹੀ ਉਹਨਾਂ ਨੂੰ ਸੇਵਾ ਦਾ ਮੌਕਾ ਦਿੱਤਾ ਹੈ। ਇਹ ਸੇਵਾ ਨਿਭਾਅ ਕੇ ਉਹ ਆਪਣਾ ਫਰਜ਼ ਵੀ ਪੂਰਾ ਕਰ ਰਹੇ ਹਨ। ਉਹ ਹਲਕਾ ਖੰਨਾ ਵਾਸੀਆਂ ਦੀਆਂ ਉਮੀਦਾਂ ਉੱਤੇ ਖਰਾ ਉਤਰਨ ਲਈ ਚਾਰ ਸਾਲਾਂ ਤੋਂ ਲਗਾਤਾਰ ਯਤਨਸ਼ੀਲ ਹਨ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਵਿਧਾਨ ਸਭਾ ਹਲਕਾ ਖੰਨਾ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।
ਹਲਕਾ ਖੰਨਾ ਵਾਸੀਆਂ ਨੇ ਇਸ ਸੜਕ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਖੁਸ਼ੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.