August 17, 2026

Justice News

ਅਵਾਮ ਦੀ ਆਵਾਜ਼

ਪੁਲਿਸ ਜ਼ਿਲ੍ਹਾ ਖੰਨਾ  ਨੂੰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਤੋਂ ਪੂਰੀ ਤਰ੍ਹਾਂ ਮੁਕਤ ਕਰਨਾ ਮੁੱਖ ਟੀਚਾ – ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ

ਖੰਨਾ, ਲੁਧਿਆਣਾ
(ਜਸਟਿਸ ਨਿਊਜ਼)
ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲ ਰਹੇ ਆਪਰੇਸ਼ਨ ਪ੍ਰਹਾਰ–2 ਦੇ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਖੰਨਾ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਨੂੰ ਵੀ ਪ੍ਰਾਥਮਿਕਤਾ ਦਿੱਤੀ ਜਾ ਰਹੀ ਹੈ। ਇਸੇ ਲੜੀ ਤਹਿਤ ਅੱਜ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਦੀ ਅਗਵਾਈ ਵਿੱਚ ਖੰਨਾ ਦੇ ਮੀਟ ਮਾਰਕੀਟ ਇਲਾਕੇ ਵਿੱਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਇਲਾਕਾ ਵਾਸੀਆਂ ਨੂੰ ਨਸ਼ਿਆਂ ਦੇ ਭਿਆਨਕ ਨਤੀਜਿਆਂ ਬਾਰੇ ਪ੍ਰਭਾਵਸ਼ਾਲੀ ਫ਼ਿਲਮ ਦਿਖਾ ਕੇ ਜਾਗਰੂਕ ਕੀਤਾ ਗਿਆ।
ਇਸ ਮੌਕੇ ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਦੇ ਨਾਲ ਡੀ.ਐੱਸ.ਪੀ ਵਿਨੋਦ ਕੁਮਾਰ ਅਤੇ ਡੀ.ਐੱਸ.ਪੀ ਕਰਮਜੀਤ ਸਿੰਘ ਗਰੇਵਾਲ ਵੀ ਹਾਜ਼ਰ ਰਹੇ। ਪੁਲਿਸ ਅਧਿਕਾਰੀਆਂ ਨੇ ਇਲਾਕੇ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਨਸ਼ੇ ਤੋਂ ਦੂਰ ਰਹਿਣ, ਆਪਣੇ ਬੱਚਿਆਂ ਦੀ ਸਹੀ ਪਰਵਰਿਸ਼ ਕਰਨ ਅਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ। ਫ਼ਿਲਮ ਰਾਹੀਂ ਦਿਖਾਇਆ ਗਿਆ ਕਿ ਨਸ਼ਾ ਕਿਵੇਂ ਪਰਿਵਾਰਾਂ ਨੂੰ ਤਬਾਹ ਕਰਦਾ ਹੈ ਅਤੇ ਨੌਜਵਾਨਾਂ ਦੇ ਸੁਪਨਿਆਂ ਨੂੰ ਕੁਚਲ ਦਿੰਦਾ ਹੈ, ਜਿਸ ਨੇ ਹਰ ਕਿਸੇ ‘ਤੇ ਡੂੰਘਾ ਪ੍ਰਭਾਵ ਛੱਡਿਆ।
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਨਸ਼ਾ ਸਿਰਫ਼ ਕਾਨੂੰਨ ਦੀ ਸਮੱਸਿਆ ਨਹੀਂ, ਸਗੋਂ ਪੂਰੇ ਸਮਾਜ ਦੀ ਸਭ ਤੋਂ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਜਦ ਤੱਕ ਹਰ ਪਰਿਵਾਰ ਅਤੇ ਹਰ ਨਾਗਰਿਕ ਇਸ ਲੜਾਈ ਵਿੱਚ ਸਾਥ ਨਹੀਂ ਦੇਵੇਗਾ, ਤਦ ਤੱਕ ਨਸ਼ੇ ਨੂੰ ਪੂਰੀ ਤਰ੍ਹਾਂ ਖਤਮ ਕਰਨਾ ਮੁਸ਼ਕਲ ਹੈ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ‘ਤੇ ਨਜ਼ਰ ਰੱਖਣ, ਉਨ੍ਹਾਂ ਨਾਲ ਖੁੱਲ੍ਹ ਕੇ ਗੱਲਬਾਤ ਕਰਨ ਅਤੇ ਸਹੀ ਦਿਸ਼ਾ ਵੱਲ ਮਾਰਗਦਰਸ਼ਨ ਕਰਨ।
ਉਹਨਾਂ ਨੇ ਇਹ ਵੀ ਭਰੋਸਾ ਦਿਵਾਇਆ ਕਿ ਖੰਨਾ ਪੁਲਿਸ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਾਲ ਹੀ ਨਸ਼ਿਆਂ ਤੋਂ ਬਚਾਅ ਲਈ ਜਾਗਰੂਕਤਾ ਪ੍ਰੋਗਰਾਮ ਲਗਾਤਾਰ ਜਾਰੀ ਰਹਿਣਗੇ।
ਮੀਟ ਮਾਰਕੀਟ ਇਲਾਕਾ ਵਾਸੀਆਂ ਅਤੇ ਸਮਾਜਿਕ ਸੰਸਥਾਵਾਂ ਨੇ ਖੰਨਾ ਪੁਲਿਸ ਦੀ ਇਸ ਸ਼ਲਾਘਾਯੋਗ ਪਹਿਲ ਦੀ ਖੁਲ੍ਹ ਕੇ ਪ੍ਰਸ਼ੰਸਾ ਕੀਤੀ। ਲੋਕਾਂ ਦਾ ਕਹਿਣਾ ਹੈ ਕਿ ਜੇ ਇਸੇ ਤਰ੍ਹਾਂ ਪੁਲਿਸ ਲੋਕਾਂ ਨਾਲ ਜੁੜ ਕੇ ਕੰਮ ਕਰਦੀ ਰਹੀ, ਤਾਂ ਉਹ ਦਿਨ ਦੂਰ ਨਹੀਂ ਜਦੋਂ ਖੰਨਾ ਪੂਰੀ ਤਰ੍ਹਾਂ ਨਸ਼ਾ ਮੁਕਤ ਸ਼ਹਿਰ ਬਣੇਗਾ। ਇਹ ਜਾਗਰੂਕਤਾ ਪ੍ਰੋਗਰਾਮ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਇੱਕ ਨਵੀਂ ਤਾਕਤ ਅਤੇ ਉਮੀਦ ਦੀ ਕਿਰਨ ਸਾਬਤ ਹੋਇਆ ਹੈ। ਦੱਸ ਦਈਏ ਕਿ ਇਸ ਇਲਾਕੇ ਨੂੰ ਨਸ਼ਿਆਂ ਤੋਂ ਮੁਕਤ ਬਣਾਉਣ ਲਈ ਬੀਤੇ ਕੱਲ੍ਹ ਹੀ ਗੋਦ ਲਿਆ ਗਿਆ। ਇਸਨੂੰ ਨਿਖਾਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਹੇ ਹਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.