August 17, 2026

Justice News

ਅਵਾਮ ਦੀ ਆਵਾਜ਼

ਖੰਨਾ ਵਿੱਚ ਟਰੱਕ, ਟ੍ਰਾਲਾ ਤੇ ਭਾਰੀ ਵਾਹਨਾਂ ਦੀ ਐਂਟਰੀ ‘ਤੇ ਸਖ਼ਤ ਪਾਬੰਦੀ, ਉਲੰਘਣਾ ‘ਤੇ 20 ਹਜ਼ਾਰ ਰੁਪਏ ਜੁਰਮਾਨਾ

ਖੰਨਾ, ਲੁਧਿਆਣਾ
:(ਜਸਟਿਸ ਨਿਊਜ਼)
ਖੰਨਾ ਸ਼ਹਿਰ ਵਿੱਚ ਲੰਮੇ ਸਮੇਂ ਤੋਂ ਚੱਲ ਰਹੀ ਗੰਭੀਰ ਟ੍ਰੈਫਿਕ ਸਮੱਸਿਆ ਨੂੰ ਦੇਖਦੇ ਹੋਏ ਖੰਨਾ ਤੋਂ ਵਿਧਾਇਕ ਅਤੇ ਪੰਜਾਬ ਸਰਕਾਰ ਵਿੱਚ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਪਹਿਲ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਅਤੇ ਸਖ਼ਤ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ ਸ਼ਹਿਰ ਵਿੱਚ ਰੋਜ਼ਾਨਾ ਲੱਗ ਰਹੇ ਟ੍ਰੈਫਿਕ ਜਾਮ, ਵਧ ਰਹੀਆਂ ਦੁਰਘਟਨਾਵਾਂ ਅਤੇ ਆਮ ਲੋਕਾਂ ਦੀ ਮੁਸ਼ਕਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨਾਲ ਵਿਸ਼ੇਸ਼ ਗੱਲਬਾਤ ਕੀਤੀ। ਇਸ ਤੋਂ ਬਾਅਦ ਡੀ.ਸੀ ਨੇ ਤੁਰੰਤ ਕਾਰਵਾਈ ਕਰਦਿਆਂ ਸਵੇਰੇ 8 ਵਜੇ ਤੋਂ ਰਾਤ 8 ਵਜੇ ਤੱਕ ਨਗਰ ਕੌਂਸਲ ਖੰਨਾ ਦੀ ਹੱਦ ਅੰਦਰ ਟਰੱਕ, ਟ੍ਰਾਲਾ, ਟਿੱਪਰ ਅਤੇ ਹੋਰ ਸਾਰੇ ਭਾਰੀ ਵਾਹਨਾਂ ਦੀ ਐਂਟਰੀ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ।
ਇਨ੍ਹਾਂ ਹੁਕਮਾਂ ਮੁਤਾਬਕ ਨਿਰਧਾਰਤ ਸਮੇਂ ਦੌਰਾਨ ਕੋਈ ਵੀ ਹੈਵੀ ਵਾਹਨ ਸ਼ਹਿਰ ਅੰਦਰ ਦਾਖ਼ਲ ਨਹੀਂ ਹੋ ਸਕੇਗਾ। ਨਿਯਮਾਂ ਦੀ ਉਲੰਘਣਾ ਕਰਨ ‘ਤੇ ਵਾਹਨ ਚਾਲਕ ‘ਤੇ 20 ਹਜ਼ਾਰ ਰੁਪਏ ਤੱਕ ਦਾ ਭਾਰੀ ਜੁਰਮਾਨਾ ਲਾਇਆ ਜਾਵੇਗਾ। ਲੋੜ ਪੈਣ ‘ਤੇ ਵਾਹਨ ਨੂੰ ਜ਼ਬਤ ਕਰਨ ਵਰਗੀ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਸਕਦੀ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਾਰੇ ਸੰਬੰਧਤ ਵਿਭਾਗਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਇਨ੍ਹਾਂ ਹੁਕਮਾਂ ਦੀ ਪੂਰੀ ਸਖ਼ਤੀ ਨਾਲ ਪਾਲਣਾ ਕਰਵਾਈ ਜਾਵੇ।
ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਖੰਨਾ ਇੱਕ ਵਪਾਰਕ ਅਤੇ ਉਦਯੋਗਿਕ ਤੌਰ ‘ਤੇ ਬਹੁਤ ਵਿਆਸਤ ਸ਼ਹਿਰ ਹੈ, ਜਿੱਥੇ ਭਾਰੀ ਵਾਹਨਾਂ ਕਾਰਨ ਹਰ ਰੋਜ਼ ਟ੍ਰੈਫਿਕ ਜਾਮ ਦੀ ਸਥਿਤੀ ਬਣੀ ਰਹਿੰਦੀ ਸੀ। ਇਸ ਨਾਲ ਸਕੂਲੀ ਬੱਚਿਆਂ, ਦਫ਼ਤਰ ਜਾਣ ਵਾਲੇ ਕਰਮਚਾਰੀਆਂ, ਵਪਾਰੀਆਂ ਅਤੇ ਮਰੀਜ਼ਾਂ ਨੂੰ ਕਾਫ਼ੀ ਮੁਸ਼ਕਲ ਆਉਂਦੀ ਸੀ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੁਵਿਧਾ ਅਤੇ ਸੜਕ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਇਹ ਫੈਸਲਾ ਲਿਆ ਗਿਆ ਹੈ, ਤਾਂ ਜੋ ਸ਼ਹਿਰ ਵਾਸੀਆਂ ਨੂੰ ਜਾਮ ਤੋਂ ਰਾਹਤ ਮਿਲੇ ਅਤੇ ਦੁਰਘਟਨਾਵਾਂ ‘ਤੇ ਰੋਕ ਲੱਗ ਸਕੇ।
ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਦੱਸਿਆ ਕਿ ਹੁਕਮਾਂ ਨੂੰ ਲਾਗੂ ਕਰਨ ਲਈ ਸ਼ਹਿਰ ਦੇ ਸਾਰੇ ਮੁੱਖ ਐਂਟਰੀ ਪੁਆਇੰਟਾਂ ‘ਤੇ ਸਾਈਨ ਬੋਰਡ ਲਗਾਏ ਜਾਣਗੇ ਅਤੇ ਟ੍ਰੈਫਿਕ ਪੁਲਿਸ ਦੀਆਂ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਜਾਣਗੀਆਂ। ਥਾਂ-ਥਾਂ ਨਾਕਾਬੰਦੀ ਕਰ ਕੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਨਿਰਧਾਰਤ ਸਮੇਂ ਦੌਰਾਨ ਕੋਈ ਵੀ ਟਰੱਕ ਜਾਂ ਹੋਰ ਭਾਰੀ ਵਾਹਨ ਨਗਰ ਕੌਂਸਲ ਦੀ ਹੱਦ ਅੰਦਰ ਦਾਖ਼ਲ ਨਾ ਹੋ ਸਕੇ।
ਪੁਲਿਸ ਜ਼ਿਲ੍ਹਾ ਖੰਨਾ ਦੀ ਐੱਸ.ਪੀ ਹੈੱਡਕੁਆਰਟਰ ਹਰਪਿੰਦਰ ਕੌਰ ਗਿੱਲ ਅਤੇ ਡੀ.ਐੱਸ.ਪੀ ਟ੍ਰੈਫਿਕ ਕਰਮਵੀਰ ਤੂਰ ਨੇ ਦੱਸਿਆ ਕਿ ਟ੍ਰੈਫਿਕ ਪੁਲਿਸ ਪੂਰੀ ਮੁਸਤੈਦੀ ਨਾਲ ਇਸ ਫੈਸਲੇ ਨੂੰ ਲਾਗੂ ਕਰ ਰਹੀ ਹੈ। ਸਾਰੇ ਸੰਬੰਧਤ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰ ਰਹੇ ਹਨ, ਤਾਂ ਜੋ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਨਾ ਆਵੇ ਅਤੇ ਆਵਾਜਾਈ ਵਿਵਸਥਾ ਸੁਚਾਰੂ ਬਣੀ ਰਹੇ।
ਸ਼ਹਿਰ ਵਾਸੀਆਂ ਨੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਇਸ ਫੈਸਲੇ ਦਾ ਭਰਪੂਰ ਸਵਾਗਤ ਕੀਤਾ ਹੈ। ਲੋਕਾਂ ਦਾ ਕਹਿਣਾ ਹੈ ਕਿ ਇਸ ਕਦਮ ਨਾਲ ਖੰਨਾ ਨੂੰ ਟ੍ਰੈਫਿਕ ਜਾਮ ਤੋਂ ਵੱਡੀ ਰਾਹਤ ਮਿਲੇਗੀ। ਸੜਕਾਂ ‘ਤੇ ਭੀੜ ਘੱਟ ਹੋਵੇਗੀ, ਦੁਰਘਟਨਾਵਾਂ ਦੀ ਸੰਭਾਵਨਾ ਘਟੇਗੀ ਅਤੇ ਆਮ ਨਾਗਰਿਕਾਂ ਨੂੰ ਸੁਰੱਖਿਅਤ ਤੇ ਸੁਗਮ ਆਵਾਜਾਈ ਸਹੂਲਤ ਮਿਲੇਗੀ। ਖਾਸ ਕਰਕੇ ਸਕੂਲੀ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਅਤੇ ਐਂਬੂਲੈਂਸ ਵਰਗੀਆਂ ਐਮਰਜੈਂਸੀ ਸੇਵਾਵਾਂ ਨੂੰ ਇਸ ਨਾਲ ਵੱਡਾ ਲਾਭ ਹੋਵੇਗਾ।
ਇਨ੍ਹਾਂ ਪੁਆਇੰਟਾਂ ਤੋਂ ਡਾਇਵਰਟ ਹੋਵੇਗੀ ਟ੍ਰੈਫਿਕ:
ਅਮਲੋਹ ਤੋਂ ਆਉਣ ਵਾਲੀ ਟ੍ਰੈਫਿਕ ਸਾਈਂ ਮੰਦਰ ਤੋਂ ਅੱਗੇ ਨਹੀਂ ਆਵੇਗੀ। ਖੇੜੀ ਨੌਧ ਸਿੰਘ ਤੋਂ ਆਉਣ ਵਾਲੀ ਟ੍ਰੈਫਿਕ ਬੱਸ ਸਟੈਂਡ ਲਲਹੇੜੀ, ਮਲੇਰਕੋਟਲਾ ਤੋਂ ਆਉਣ ਵਾਲੀ ਟ੍ਰੈਫਿਕ ਸੂਆ ਪੁਲੀ ਮਾਜਰੀ, ਸਮਰਾਲਾ ਤੋਂ ਆਉਣ ਵਾਲੀ ਟ੍ਰੈਫਿਕ ਸੂਆ ਪੁਲੀ ਏ.ਐੱਸ ਕਾਲਜ ਅਤੇ ਲੁਧਿਆਣਾ ਤੋਂ ਆਉਣ ਵਾਲੀ ਟ੍ਰੈਫਿਕ ਰੈਸਟ ਹਾਊਸ ਕੱਟ ਭੱਟੀਆਂ ਤੋਂ ਡਾਇਵਰਟ ਕੀਤੀ ਜਾਵੇਗੀ। ਇਸ ਤੋਂ ਇਲਾਵਾ ਨੈਸ਼ਨਲ ਹਾਈਵੇ ਤੋਂ ਆਉਣ-ਜਾਣ ਵਾਲੀ ਟ੍ਰੈਫਿਕ ਨੂੰ ਸ਼ਹਿਰ ਵਿੱਚ ਦਾਖ਼ਲ ਹੋਣ ਤੋਂ ਰੋਕਣ ਲਈ ਗੁਰੂ ਅਮਰਦਾਸ ਮਾਰਕੀਟ ਕੱਟ, ਬੀਕਾਨੇਰ ਕੱਟ ਅਤੇ ਥਾਣਾ ਸਦਰ ਦੇ ਸਾਹਮਣੇ ਕੱਟ ‘ਤੇ ਟ੍ਰੈਫਿਕ ਪੁਲਿਸ ਤਾਇਨਾਤ ਰਹੇਗੀ।
ਕੁੱਲ ਮਿਲਾ ਕੇ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਸਰਗਰਮ ਪਹਿਲ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਤੁਰੰਤ ਕਾਰਵਾਈ ਨਾਲ ਲਿਆ ਗਿਆ ਇਹ ਫੈਸਲਾ ਖੰਨਾ ਸ਼ਹਿਰ ਲਈ ਇਤਿਹਾਸਕ ਅਤੇ ਵੱਡੀ ਰਾਹਤ ਦੇਣ ਵਾਲਾ ਕਦਮ ਮੰਨਿਆ ਜਾ ਰਿਹਾ ਹੈ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਟ੍ਰੈਫਿਕ ਵਿਵਸਥਾ ਕਾਫ਼ੀ ਸੁਧਰੇਗੀ ਅਤੇ ਆਮ ਜਨਤਾ ਨੂੰ ਵੱਡਾ ਲਾਭ ਮਿਲੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.