August 17, 2026

Justice News

ਅਵਾਮ ਦੀ ਆਵਾਜ਼

ਸ਼ਹੀਦ-ਏ-ਆਜ਼ਮ ਭਗਤ ਸਿੰਘ ਪ੍ਰਮੋਸ਼ਨਲ ਮੈਰਾਥਨ ਰਾਹੀਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੁਧਿਆਣਾ ਵਾਸੀਆਂ ਵੱਲੋਂ ਵੱਡਾ ਹੁੰਗਾਰਾ

ਲੁਧਿਆਣਾ
(ਜਸਟਿਸ ਨਿਊਜ਼)
ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਲੁਧਿਆਣਾ ਵਿੱਚ ਵੱਡਾ ਜਨ ਸਮਰਥਨ ਮਿਲਿਆ, ਜਿੱਥੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਮੋੜਣ ਦੇ ਉਦੇਸ਼ ਨਾਲ 5 ਕਿਲੋਮੀਟਰ ਦੀ ਪਹਿਲੀ ਪ੍ਰਮੋਸ਼ਨਲ ਮੈਰਾਥਨ ਕਰਵਾਈ ਗਈ। ਇਹ ਮੈਰਾਥਨ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ) ਸਪੋਰਟਸ ਗਰਾਊਂਡ ਤੋਂ ਸ਼ੁਰੂ ਹੋਈ, ਜਿਸ ਨੂੰ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਵੱਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਸਪੀਕਰ ਸਰੋੜੀ ਨੇ ਦੱਸਿਆ ਕਿ ਲਗਭਗ 1200 ਦੌੜਾਕਾਂ ਨੇ ਇਸ ਮੈਰਾਥਨ ਵਿੱਚ ਭਾਗ ਲਿਆ। ਉਨ੍ਹਾਂ ਕਿਹਾ ਕਿ ਇਹ ਦੌੜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਮਹਾਨ ਕੁਰਬਾਨੀ ਨੂੰ ਸਮਰਪਿਤ ਹੈ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵੱਲ ਇੱਕ ਮਜ਼ਬੂਤ ਸਮੂਹਿਕ ਕਦਮ ਹੈ।
ਉਨ੍ਹਾਂ ਐਲਾਨ ਕੀਤਾ ਕਿ 22 ਮਾਰਚ ਨੂੰ ਮਾਹਿਲਪੁਰ (ਜ਼ਿਲ੍ਹਾ ਹੁਸ਼ਿਆਰਪੁਰ) ਵਿਖੇ ਸ਼ਹੀਦ-ਏ-ਆਜ਼ਮ  ਭਗਤ ਸਿੰਘ ਰਾਸ਼ਟਰੀ ਮੈਰਾਥਨ ਆਯੋਜਿਤ ਕੀਤੀ ਜਾਵੇਗੀ ਅਤੇ ਸਾਰੇ ਨਾਗਰਿਕਾਂ ਨੂੰ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਉਪਰਾਲਿਆਂ ਨਾਲ ਨਸ਼ਾ ਮੁਕਤ ਪੰਜਾਬ ਲਈ ਜਨ ਅੰਦੋਲਨ ਹੋਰ ਮਜ਼ਬੂਤ ਹੋਵੇਗਾ।
ਡਿਪਟੀ ਸਪੀਕਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਨਾਲ-ਨਾਲ ‘ਰੋਕਥਾਮ’ ਤਹਿਤ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ, ਤਾਂ ਜੋ ਸਮਾਜ ਦੇ ਹਰ ਵਰਗ ਨੂੰ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਮਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਰਾਥਨ ਵਰਗੇ ਖੇਡ ਸਮਾਗਮ ਨੌਜਵਾਨਾਂ ਵਿੱਚ ਟੀਮ ਵਰਕ, ਅਨੁਸ਼ਾਸਨ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਪ੍ਰਫੁੱਲਿਤ ਕਰਦੇ ਹਨ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਮੈਰਾਥਨ ਸਿਰਫ਼ ਇੱਕ ਦੌੜ ਨਹੀਂ ਸੀ, ਬਲਕਿ ਨਸ਼ਿਆਂ ਦੇ ਖ਼ਤਰਿਆਂ ਖ਼ਿਲਾਫ਼ ਇਕ ਸਾਂਝਾ ਸੰਦੇਸ਼ ਸੀ। ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਕੀਤੀ ਗਈ ਇਹ ਪਹਿਲ ਸੂਬੇ ਦੇ ਲੋਕਾਂ ਦੀ ਭਲਾਈ ਲਈ ਵਚਨਬੱਧਤਾ ਦਾ ਪ੍ਰਗਟਾਵਾ ਹੈ।
ਮੈਰਾਥਨ ਦੌਰਾਨ ਉਤਸ਼ਾਹਪੂਰਣ ਮਾਹੌਲ ਦੇਖਣ ਨੂੰ ਮਿਲਿਆ। ਡਿਪਟੀ ਸਪੀਕਰ ਅਤੇ ਮੌਜੂਦ ਵਿਧਾਇਕਾਂ ਵੱਲੋਂ ਜੇਤੂ ਦੌੜਾਕਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਵਧਾਈ ਦਿੱਤੀ ਗਈ।
ਲੁਧਿਆਣਾ ਵਾਸੀਆਂ ਨੇ ਪੰਜਾਬ ਸਰਕਾਰ ਦੀ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਜਾਗਰੂਕਤਾ ਸਮਾਗਮ ਨੌਜਵਾਨ ਪੀੜ੍ਹੀ ਨੂੰ ਸਹੀ ਰਸਤੇ ‘ਤੇ ਲੈ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਭਰੋਸਾ ਦਿੱਤਾ ਕਿ ਨਸ਼ਿਆਂ ਵਿਰੁੱਧ ਇਸ ਜੰਗ ਵਿੱਚ ਉਹ ਸਰਕਾਰ ਅਤੇ ਪ੍ਰਸ਼ਾਸਨ ਨੂੰ ਪੂਰਾ ਸਹਿਯੋਗ ਦੇਣਗੇ।
ਇਸ ਮੌਕੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ. ਸਤਵੀਰ ਸਿੰਘ ਗੋਸਲ, ਉਪ ਮੰਡਲ ਮੈਜਿਸਟਰੇਟ ਲੁਧਿਆਣਾ ਪੂਰਬੀ ਜਸਲੀਨ ਕੌਰ ਭੁੱਲਰ ਸਮੇਤ ਕਈ ਪ੍ਰਮੁੱਖ ਸ਼ਖਸੀਅਤਾਂ ਮੌਜੂਦ ਸਨ।
ਇਹ ਮੈਰਾਥਨ ਨਸ਼ਾ ਮੁਕਤ ਪੰਜਾਬ ਵੱਲ ਇੱਕ ਮਜ਼ਬੂਤ ਕਦਮ ਵਜੋਂ ਸਾਬਤ ਹੋਈ, ਜਿਸ ਨੇ ਸਾਬਤ ਕਰ ਦਿੱਤਾ ਕਿ ਜਦੋਂ ਸਮਾਜ ਇਕੱਠਾ ਹੁੰਦਾ ਹੈ ਤਾਂ ਕੋਈ ਵੀ ਮੁਹਿੰਮ ਕਾਮਯਾਬੀ ਤੋਂ ਦੂਰ ਨਹੀਂ ਰਹਿੰਦੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.