ਲੁਧਿਆਣਾ
(ਜਸਟਿਸ ਨਿਊਜ਼)
ਪੰਜਾਬ ਵਿਧਾਨ ਸਭਾ ਦੀ ਅਨੁਸੂਚਿਤ ਜਾਤੀਆਂ, ਅਨੁਸੂਚਿਤ ਕਬੀਲਿਆਂ ਅਤੇ ਪੱਛੜੀਆਂ ਸ੍ਰੇਣੀਆਂ ਦੀ ਭਲਾਈ ਲਈ ਕਮੇਟੀ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਲੁਧਿਆਣਾ, ਬੋਰਸਟਲ ਜੇਲ੍ਹ, ਲੁਧਿਆਣਾ ਅਤੇ ਜਨਾਨਾ ਜੇਲ੍ਹ, ਲੁਧਿਆਣਾ ਦਾ ਵਿਆਪਕ ਨਿਰੀਖਣ ਕਰਕੇ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਲਈ ਸਹੂਲਤਾਂ ਦਾ ਮੁਲਾਂਕਣ ਕੀਤਾ।
ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਵਿੱਚ ਅੰਮ੍ਰਿਤਸਰ ਪੱਛਮੀ ਦੇ ਵਿਧਾਇਕ ਡਾ. ਜਸਬੀਰ ਸਿੰਘ ਸੰਧੂ, ਬਠਿੰਡਾ ਦਿਹਾਤੀ ਤੋਂ ਵਿਧਾਇਕ ਇੰਜ. ਅਮਿਤ ਰਤਨ, ਭੁੱਚੋਂ ਦੇ ਵਿਧਾਇਕ ਮਾਸਟਰ ਜਗਸੀਰ ਸਿੰਘ, ਨਵਾ ਸ਼ਹਿਰ ਦੇ ਵਿਧਾਇਕ ਡਾ. ਨੱਛਤਰ ਪਾਲ, ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਅਤੇ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੇ ਅਧਿਕਾਰੀਆਂ ਦੇ ਨਾਲ ਤਿੰਨੋਂ ਜੇਲ੍ਹਾਂ ਦੇ ਦੌਰੇ ਕੀਤੇ।
ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਨੇ ਕੈਦੀਆਂ ਅਤੇ ਵਿਚਾਰ ਅਧੀਨ ਕੈਦੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ। ਕੈਦੀਆਂ ਨੇ ਕਮੇਟੀ ਨੂੰ ਕਿਹਾ ਕਿ ਲੰਬੇ ਸਮੇਂ ਤੋਂ ਸਾਨੂੰ ਮਾਫ਼ੀ ਨਹੀਂ ਦਿੱਤੀ ਗਈ ਇਸ ਲਈ ਮਾਫ਼ੀ ਜਾਰੀ ਕੀਤੀ ਜਾਵੇ। ਸਭਾਪਤੀ ਤੇ ਜਗਰਾਉਂ ਤੋਂ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਦੀ ਅਗਵਾਈ ਹੇਠਲੀ ਇਸ ਕਮੇਟੀ ਨੇ ਕੈਦੀਆਂ ਨੂੰ ਭਰੋਸਾ ਦਿੱਤਾ ਕਿ ਇਸ ਮੰਗ ਨੂੰ ਕਮੇਟੀ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਤੱਕ ਲੈ ਕੇ ਜਾਵੇਗੀ ਤਾਂ ਜੋ ਮੰਗ ਨੂੰ ਪੂਰਾ ਕੀਤਾ ਜਾ ਸਕੇ।
ਸਭਾਪਤੀ ਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਨੇ ਮੈਂਬਰਾਂ ਦੇ ਨਾਲ ਜੇਲ੍ਹਾਂ ਦੀਆਂ ਬੈਰਕਾਂ, ਰਸੋਈ, ਭੋਜਨ ਸੇਵਾਵਾਂ, ਪਖਾਨੇ, ਸਫਾਈ ਅਤੇ ਹੋਰ ਸਹੂਲਤਾਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ। ਉਨ੍ਹਾਂ ਜੇਲ੍ਹਾਂ ਅੰਦਰ ਰਸੋਈ ਦੇ ਖਾਣੇ ਦਾ ਵੀ ਸੁਆਦ ਲਿਆ ਅਤੇ ਕੈਦੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਫਾਈ ਦੇ ਉੱਚ ਮਿਆਰਾਂ ਨੂੰ ਬਣਾਈ ਰੱਖਣ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਖਾਸ ਕਰਕੇ ਰਸੋਈ ਵਿੱਚ, ਜਿੱਥੇ ਉਨ੍ਹਾਂ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਦੀ ਗੁਣਵੱਤਾ ਅਤੇ ਸਫਾਈ ਦਾ ਨਿੱਜੀ ਤੌਰ ‘ਤੇ ਮੁਲਾਂਕਣ ਕੀਤਾ।
ਉਨ੍ਹਾਂ ਜੇਲ੍ਹ ਦੇ ਹਸਪਤਾਲ ਦਾ ਦੌਰਾ ਕੀਤਾ, ਡਾਕਟਰੀ ਸੇਵਾਵਾਂ ਬਾਰੇ ਵਿਸਤ੍ਰਿਤ ਜਾਣਕਾਰੀ ਇਕੱਠੀ ਕੀਤੀ, ਜਿਸ ਵਿੱਚ ਓਟ ਕਲੀਨਿਕ, ਐੱਚ.ਆਈ.ਵੀ ਲਈ ਐਂਟੀਰੇਟਰੋਵਾਇਰਲ ਥੈਰੇਪੀ (ਏ.ਆਰ.ਟੀ), ਟੀ.ਬੀ ਦੇ ਇਲਾਜ ਅਤੇ ਕਾਉਂਸਲਿੰਗ ਪ੍ਰੋਗਰਾਮ ਸ਼ਾਮਲ ਹਨ। ਉਨ੍ਹਾਂ ਨੇ ਕੈਦੀਆਂ ਲਈ ਲੋੜੀਂਦੀ ਗਿਣਤੀ ਵਿੱਚ ਵਾਸ਼ਰੂਮਾਂ ਅਤੇ ਉਨ੍ਹਾਂ ਦੀ ਨਿਯਮਤ ਸਫਾਈ ਅਤੇ ਰੱਖ-ਰਖਾਅ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ।
ਜੇਲ੍ਹ ਦੇ ਆਲੇ-ਦੁਆਲੇ ਦੇ ਉਦਯੋਗ ਖੇਤਰ ਨੂੰ ਧਿਆਨ ਵਿੱਚ ਰੱਖਦੇ ਹੋਏ, ਸਭਾਪਤੀ ਨੇ ਉਕਤ ਉਦਯੋਗ ਵਿੱਚ ਵਰਤੇ ਜਾ ਰਹੇ ਰਸਾਇਣਾਂ ਦੀ ਪਛਾਣ ਕਰਨ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ ਅਤੇ ਆਫ਼ਤ ਦੀ ਤਿਆਰੀ ਦੇ ਹਿੱਸੇ ਵਜੋਂ ਐਮਰਜੈਂਸੀ ਪ੍ਰਤੀਕਿਰਿਆ ਯੋਜਨਾਵਾਂ ਜਿਵੇਂ ਕਿ ਉਨ੍ਹਾਂ ਦੇ ਐਂਟੀਡੋਟ ਆਦਿ ਦਾ ਪਤਾ ਲਗਾਇਆ ਜਾਵੇ।
ਇਸ ਤੋਂ ਇਲਾਵਾ ਉਨ੍ਹਾਂ ਨੇ ਬੇਕਰੀ, ਤਰਖਾਣ, ਵੈਲਡਿੰਗ, ਪਾਵਰਲੂਮ, ਬੁਣਾਈ, ਲੱਕੜ ਦਾ ਕੰਮ ਅਤੇ ਟੇਲਰਿੰਗ ਵਰਕਸ਼ਾਪਾਂ ਵਰਗੇ ਕਿੱਤਾਮੁਖੀ ਭਾਗਾਂ ਦਾ ਦੌਰਾ ਕੀਤਾ। ਉਨ੍ਹਾਂ ਸੀ.ਸੀ.ਟੀ.ਵੀ ਕੰਟਰੋਲ ਰੂਮ ਅਤੇ ਹੋਰ ਮਨੋਰੰਜਨ ਸਹੂਲਤਾਂ ਦਾ ਵੀ ਨਿਰੀਖਣ ਕੀਤਾ। ਜੇਲ੍ਹ ਅਧਿਕਾਰੀਆਂ ਨੇ ਉਨ੍ਹਾਂ ਨੂੰ ਹੁਨਰ ਵਿਕਾਸ ਲਈ ਕੈਦੀਆਂ ਲਈ ਉਪਲਬਧ ਵੱਖ-ਵੱਖ ਉਦਯੋਗਿਕ ਸਿਖਲਾਈ ਸੰਸਥਾ (ਆਈ.ਟੀ.ਆਈ) ਕੋਰਸਾਂ ਬਾਰੇ ਜਾਣਕਾਰੀ ਦਿੱਤੀ।
ਜੇਲ੍ਹਾਂ ਦੇ ਅਧਿਕਾਰੀਆਂ ਨਾਲ ਇੱਕ ਮੀਟਿੰਗ ਵਿੱਚ, ਸਭਾਪਤੀ ਤੇ ਵਿਧਾਇਕ ਸਰਵਜੀਤ ਕੌਰ ਮਾਣੂੰਕੇ ਅਤੇ ਮੈਂਬਰਾਂ ਨੇ ਪ੍ਰਸ਼ਾਸਕੀ ਪ੍ਰਕਿਰਿਆਵਾਂ ਦੀ ਸਮੀਖਿਆ ਕੀਤੀ ਅਤੇ ਪ੍ਰਕਿਰਿਆਵਾਂ ਨੂੰ ਸੁਚਾਰੂ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ, ਇਹ ਯਕੀਨੀ ਬਣਾਉਂਦੇ ਹੋਏ ਕਿ ਵਿਚਾਰ ਅਧੀਨ ਕੈਦੀ ਅਤੇ ਕੈਦੀ ਸਥਾਪਿਤ ਪ੍ਰੋਟੋਕੋਲ ਦੇ ਅਨੁਸਾਰ ਪਰਿਵਾਰਕ ਮੈਂਬਰਾਂ ਨੂੰ ਮਿਲ ਸਕਣ। ਉਨ੍ਹਾਂ ਨੇ ਕੈਦੀਆਂ ਦੀ ਸਮੁੱਚੀ ਸਿਹਤ ਅਤੇ ਤੰਦਰੁਸਤੀ ਬਾਰੇ ਵੀ ਪੁੱਛਗਿੱਛ ਕੀਤੀ।
ਬਾਅਦ ਵਿੱਚ ਸਰਵਜੀਤ ਕੌਰ ਮਾਣੂੰਕੇ ਅਤੇ ਹੋਰ ਕਮੇਟੀ ਮੈਂਬਰਾਂ ਵੱਲੋਂ ਜਨਾਨਾ ਜੇਲ੍ਹ, ਲੁਧਿਆਣਾ ਦੀਆਂ ਬੰਦੀ ਔਰਤਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਤੋਂ ਜੇਲ੍ਹ ਹਸਪਤਾਲ ਵਿੱਚ ਮਿਲ ਰਹੀਆਂ ਸਿਹਤ ਸਹੂਲਤਾਂ, ਦਿੱਤਾ ਜਾ ਰਿਹਾ ਖਾਣਾ ਅਤੇ ਉਨ੍ਹਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਉਨ੍ਹਾਂ ਨੇ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਜਿਹੜੇ ਬੰਦੀ ਆਪਣੇ ਕੇਸ ਦੀ ਪੈਰਵੀ ਲਈ ਆਪਣੇ ਪ੍ਰਾਈਵੇਟ ਪੱਧਰ ‘ਤੇ ਵਕੀਲ ਹਾਇਰ ਕਰਨ ਵਿੱਚ ਅਸਮਰੱਥ ਹਨ, ਉਹ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਤੋਂ ਮੁਫਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਜੇਲ੍ਹ ਬੰਦੀਆਂ ਨੂੰ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਲੈਣ ਲਈ ਜੇਲ੍ਹ ਵਿੱਚ ਖੋਲ੍ਹੇ ਹੋਏ ਲੀਗਲ ਏਡ ਕਲੀਨਿਕ ਵਿੱਚ ਪੇਸ਼ ਹੋ ਕੇ ਕਾਨੂੰਨੀ ਸਹਾਇਤਾ ਦਾ ਫਾਰਮ ਭਰਵਾਇਆ ਜਾ ਸਕਦਾ ਹੈ।
ਵਿਧਾਨ ਸਭਾ ਕਮੇਟੀ ਨੇ ਅੱਗੇ ਦੱਸਿਆ ਕਿ ਲੁਧਿਆਣਾ ਦੀ ਮਹਿਲਾ ਜੇਲ੍ਹ ਦਾ ਇਹ ਦੌਰਾ ਕਰਨਾ ਇਸ ਲਈ ਯਕੀਨੀ ਬਣਾਉਣ ‘ਤੇ ਕੇਂਦਰਿਤ ਸੀ ਕਿ ਮਹਿਲਾ ਕੈਦੀਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਿਆ ਜਾਵੇ ਅਤੇ ਉਨ੍ਹਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਨੂੰ ਹੱਲ ਕੀਤਾ ਜਾ ਸਕੇ। ਉਨ੍ਹਾਂ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਕਿਸੇ ਵੀ ਸਮੱਸਿਆ ਨੂੰ ਜਲਦ ਹੱਲ ਕਰਨ ਅਤੇ ਸਾਰੀਆਂ ਔਰਤਾਂ ਨਾਲ ਨਿਰਪੱਖ ਵਿਵਹਾਰ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਸਭਾਪਤੀ ਅਤੇ ਕਮੇਟੀ ਮੈਂਬਰ ਜਨਾਨਾ ਜੇਲ੍ਹ ਵਿੱਚ ਬੰਦੀ ਔਰਤਾਂ ਨਾਲ ਰਹਿ ਰਹੇ ਛੋਟੇ ਬੱਚਿਆਂ ਨੂੰ ਵੀ ਮਿਲੇ ਅਤੇ ਉਨ੍ਹਾਂ ਨੂੰ ਪੜ੍ਹਨ ਲਈ ਪ੍ਰੇਰਿਤ ਕੀਤਾ।
ਸਭਾਪਤੀ ਅਤੇ ਕਮੇਟੀ ਮੈਂਬਰ ਨੇ ਜਾਣ ਤੋਂ ਪਹਿਲਾਂ ਜੇਲ੍ਹਾਂ ਦੇ ਵਿਜ਼ਟਰ ਰਜਿਸਟਰ ਵਿੱਚ ਆਪਣੇ ਸੁਝਾਅ ਵੀ ਦਰਜ ਕੀਤੇ।
ਇਸ ਮੌਕੇ ਸਹਾਇਕ ਕਮਿਸ਼ਨਰ (ਜਨਰਲ) ਅਤੇ ਉਪ ਮੰਡਲ ਮੈਜਿਸਟਰੇਟ ਸ੍ਰੀਮਤੀ ਪਾਇਲ ਗੋਇਲ, ਐਡੀਸ਼ਨਲ ਡੀ.ਜੀ.ਪੀ (ਜੇਲ੍ਹਾਂ) ਸ੍ਰੀ ਅਰੁਣ ਪਾਲ ਸਿੰਘ, ਡੀ.ਆਈ.ਜੀ ਪਟਿਆਲਾ ਸਰਕਲ (ਜੇਲ੍ਹਾਂ) ਸ੍ਰੀ ਐਸ.ਐਸ.ਮੰਡ, ਕੇਂਦਰੀ ਜੇਲ੍ਹ ਦੇ ਸੁਪਰਡੈਂਟ ਸ੍ਰੀ ਕੁਲਵੰਤ ਸਿੰਘ, ਡਿਪਟੀ ਜੇਲ੍ਹ ਸੁਪਰਡੈਂਟ ਹਰਬੰਸ ਸਿੰਘ, ਬੋਰਸਟਲ ਜੇਲ੍ਹ ਦੇ ਸੁਪਰਡੈਂਟ ਸ੍ਰੀ ਗੁਰਪ੍ਰੀਤ ਸਿੰਘ, ਜਨਾਨਾ ਜੇਲ੍ਹ ਦੇ ਸੁਪਰਡੈਂਟ ਸ੍ਰੀ ਦਲਬੀਰ ਸਿੰਘ ਕਾਹਲੋ, ਡਿਪਟੀ ਜੇਲ੍ਹ ਸੁਪਰਡੈਂਟ ਰਵਨੀਤ ਕੌਰ ਤੋਂ ਇਲਾਵਾ ਜ਼ਿਲੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਮੌਜੂਦ ਸਨ।
Leave a Reply