August 17, 2026

Justice News

ਅਵਾਮ ਦੀ ਆਵਾਜ਼

ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ

ਖੰਨਾ, ਲੁਧਿਆਣਾ
(ਜਸਟਿਸ ਨਿਊਜ਼)
ਖੰਨਾ ਦੇ ਦੁਸਹਿਰਾ ਗਰਾਊਂਡ ਵਿੱਚ ਸਜਿਆ ਪੰਜਾਬ ਸਖੀ ਸ਼ਕਤੀ ਮੇਲਾ ਹੁਣ ਆਪਣੇ ਪੂਰੇ ਜੋਬਨ ‘ਤੇ ਪੁੱਜ ਚੁੱਕਾ ਹੈ। ਜਿਥੇ ਰੋਜ਼ਾਨਾ ਇਸ ਮੇਲੇ ‘ਚ ਵੱਡੀ ਗਿਣਤੀ ਲੋਕਾਂ ਵੱਲੋਂ ਖਰੀਦੋ ਫਰੋਖ਼ਤ ਕੀਤੀ ਜਾ ਰਹੀ ਹੈ, ਉਥੇ ਹੀ ਸਟੇਜ ’ਤੇ ਚੱਲ ਰਹੀਆਂ ਸਭਿਆਚਾਰਕ ਪੇਸ਼ਕਾਰੀਆਂ ਰਾਹੀ ਮੇਲੇ ’ਚ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਸਟੇਜ ਤੋਂ ਵੱਖ ਮੈਦਾਨ ਵਿੱਚ ਬੀਨ ਜੋਗੀ ਆਪਣੇ ਫਨ ਦਾ ਮੁਜ਼ਾਹਰਾ ਕਰਕੇ ਮੇਲੀਆਂ ਨੂੰ ਆਪਣੇ ਵੱਲ ਕੀਲ ਰਹੇ ਹਨ।
ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ ਵੱਲੋਂ ਮੇਲੇ ਵਿੱਚ ਭੇਜੇ ਹੋਰਨਾਂ ਰਾਜਾਂ ਦੇ ਕਰੀਬ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ। ਇਸ ਤੋਂ ਇਲਾਵਾ ਲੁਧਿਆਣਾ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵੀ ਵੱਖ-ਵੱਖ ਪੇਸ਼ਕਾਰੀਆਂ ਨਾਲ ਮੇਲੇ ’ਚ ਸਮਾਂ ਬੰਨ੍ਹਿਆਂ ਜਾ ਰਿਹਾ ਹੈ ਅਤੇ ਸ਼ਾਮ ਸਮੇਂ ਪੰਜਾਬੀ ਦੇ ਨਾਮਵਰ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਜਾਂਦੀਆਂ ਹਨ।
ਹਰਿਆਣਾ ਤੋਂ ਆਈ ਬੀਨ ਜੋਗੀਆ ਦੀ 9 ਮੈਂਬਰੀ ਟੀਮ ਦੇ ਮੈਂਬਰ ਸੰਜੇ ਨਾਥ ਬੀਨ ਜੋਗੀ ਨੇ ਦੱਸਿਆ ਕਿ ਉਹ ਪੀੜ੍ਹੀਆਂ ਤੋਂ ਇਸੇ ਕਿਤੇ ਨਾਲ ਸਬੰਧ ਰੱਖ ਰਹੇ ਹਨ ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ’ਚ ਲੱਗਦੇ ਸਾਰਸ, ਕਰਾਫ਼ਟ ਤੇ ਖੇਤਰੀ ਮੇਲਿਆਂ ’ਚ ਉਨ੍ਹਾਂ ਦੀ ਟੀਮ ਵੱਲੋਂ ਹਾਜ਼ਰੀ ਲਵਾਈ ਜਾਂਦੀ ਹੈ। ਉਨ੍ਹਾਂ ਖੰਨਾ ਦੇ ਪੰਜਾਬ ਸਖੀ ਸ਼ਕਤੀ ਮੇਲੇ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਥੇ ਆਉਣ ਵਾਲੇ ਦਰਸ਼ਕਾਂ ਵੱਲੋਂ ਉਨ੍ਹਾਂ ਦੀ ਕਲਾਂ ਨੂੰ ਪੂਰਾ ਸਤਿਕਾਰ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਟੀਮ ਭਾਰਤ ਦੇ ਨਾਲ-ਨਾਲ ਇਟਲੀ, ਦੁਬਈ, ਫਰਾਂਸ ਆਦਿ ਦੇਸ਼ਾਂ ਦਾ ਦੌਰਾ ਕਰਕੇ ਆਪਣੀ ਕਲਾਂ ਦਾ ਪ੍ਰਦਰਸ਼ਨ ਕਰ ਚੁੱਕੀ ਹੈ ਜਿਸ ਦੀ ਦੇਸ਼ ਅਤੇ ਵਿਦੇਸ਼ ਰਹਿੰਦੇ ਲੋਕਾਂ ਵੱਲੋਂ ਉਨ੍ਹਾਂ ਭਰਪੂਰ ਸ਼ਲਾਘਾ ਕੀਤੀ ਜਾਂਦੀ ਹੈ।
ਮਹਿਲਾ ਸ਼ਕਤੀ ਦਾ ਪ੍ਰਤੀਕ ਬਣੇ ਪੰਜਾਬ ਸਖੀ ਸ਼ਕਤੀ ਮੇਲੇ ਦੇ ਉਪ ਮੰਡਲ ਮੈਜਿਸਟਰੇਟ ਖੰਨਾ ਸਵਾਤੀ ਟਿਵਾਣਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਸਦਕਾ ਅਤੇ ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਦੀ ਅਗਵਾਈ ’ਚ ਕਰਵਾਏ ਜਾ ਰਹੇ ਇਸ ਮੇਲੇ ਵਿੱਚ ਦੂਰ ਦੁਰਾਡੇ ਤੋਂ ਆਏ ਦਸਤਕਾਰਾਂ ਤੇ ਕਲਾਕਾਰਾਂ ਨੂੰ ਖੰਨਾ ਅਤੇ ਜ਼ਿਲ੍ਹਾ ਲੁਧਿਆਣਾ ਵਾਸੀਆਂ ਵੱਲੋਂ ਭਰਾਵਾਂ ਹੂੰਗਾਰਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ’ਚ ਵੱਖ-ਵੱਖ ਟੈਂਟਾਂ ’ਚ 200 ਤੋਂ ਸਟਾਲਾਂ ਸਜੀਆਂ ਹੋਈਆਂ ਹਨ, ਜਿੱਥੋਂ ਰੋਜ਼ਾਨਾ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਖ਼ਰੀਦੋ ਫ਼ਰੋਖ਼ਤ ਕਰ ਰਹੇ ਹਨ। ਉਨ੍ਹਾਂ ਖੰਨਾ, ਜ਼ਿਲ੍ਹਾ ਲੁਧਿਆਣਾ ਅਤੇ ਪੰਜਾਬ ਵਾਸੀਆਂ ਨੂੰ ਮੇਲੇ ’ਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਦੂਰ ਦੁਰਾਡੇ ਤੋਂ ਆਏ ਕਲਾਕਾਰਾਂ ਤੇ ਘਰੇਲੂ ਦਸਤਕਾਰਾਂ/ਹਸਤਕਾਰਾਂ ਦੀ ਹੌਸਲਾ ਅਫ਼ਜ਼ਾਈ ਮੇਲੇ ’ਚ ਸ਼ਾਮਲ ਹੋ ਕੇ ਹੀ ਕੀਤੀ ਜਾ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.