August 17, 2026

Justice News

ਅਵਾਮ ਦੀ ਆਵਾਜ਼

ਫ਼ਰੀਦਕੋਟ ਵਿਖੇ ਬੱਚੇਦਾਨੀ ਦੇ ਕੈਂਸਰ ਦੀ ਰੋਕਥਾਮ ਲਈ ਮੁਫਤ ਐਚ.ਪੀ.ਵੀ. ਵੈਕਸੀਨੇਸ਼ਨ ਦੀ ਸ਼ੁਰੂਆਤ ਕੀਤੀ : ਡਾ. ਪਰਵਜੀਤ ਸਿੰਘ ਗੁਲਾਟੀ ਸਿਵਲ ਸਰਜਨ ਫਰੀਦਕੋਟ 

​ਫ਼ਰੀਦਕੋਟ
( ਪੱਤਰ ਪ੍ਰੇਰਕ )
ਬੱਚੇਦਾਨੀ ਦੇ ਕੈਂਸਰ ਵਰਗੀ ਨਾਮੁਰਾਦ ਬਿਮਾਰੀ ਤੋਂ ਔਰਤਾਂ ਨੂੰ ਬਚਾਉਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾ ਰਹੀ ਵਿਸ਼ੇਸ਼ ਮੁਫਤ  ਐਚਪੀਵੀ ਵੈਕਸੀਨੇਸ਼ਨ ਮੁਹਿੰਮ ਦੇ ਸਬੰਧ ਵਿੱਚ ਅੱਜ ਸਿਵਲ ਹਸਪਤਾਲ ਫਰੀਦਕੋਟ ਵਿਖੇ ਸਿਵਲ ਸਰਜਨ ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਨੇ ਮੁਹਿੰਮ ਦਾ ਆਗਾਜ ਕੀਤਾ । ਇਸ ਮੌਕੇ ਓਹਨਾਂ ਦੇ ਨਾਲ ਜਿਲਾ ਟੀਕਾਕਰਨ ਅਫਸਰ ਡਾ. ਹੁਸਨਪਾਲ ਸਿੱਧੂ, ਸੀਨੀਅਰ ਮੈਡੀਕਲ ਅਫਸਰ ਫਰੀਦਕੋਟ ਕਮ ਡਿਪਟੀ ਮੈਡੀਕਲ ਕਮਿਸ਼ਨਰ ਫਰੀਦਕੋਟ ਡਾ. ਵਿਸ਼ਵਦੀਪ ਗੋਇਲ, ਨੋਡਲ ਅਫਸਰ ਡਾ. ਦੀਪਕ ਗਰਗ, ਡਿਪਟੀ ਮਾਸ ਮੀਡੀਆ ਅਫਸਰ ਸੁਧੀਰ ਧੀਰ, ਲਖਵਿੰਦਰ ਕੈੰਥ, ਡਾ. ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਐਲਐਚਵੀ ਸੁਨੀਤਾ ਅਤੇ ਏਐਨਐਮ ਪਰਮਜੀਤ ਕੌਰ ਹਾਜਰ ਸਨ।
ਇਸ ਮੌਕੇ ਸਿਵਲ ਸਰਜਨ ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਨੇ ਦੱਸਿਆ ਕਿ ਸਰਵਾਈਕਲ ਕੈਂਸਰ, ਜੋ ਕਿ ਬੱਚੇਦਾਨੀ ਦੇ ਮੂੰਹ ਦਾ ਕੈਂਸਰ ਹੈ, ਭਾਰਤ ਵਿੱਚ ਔਰਤਾਂ ਵਿੱਚ ਹੋਣ ਵਾਲਾ ਦੂਜਾ ਸਭ ਤੋਂ ਵੱਡਾ ਕੈਂਸਰ ਮੰਨਿਆ ਜਾਂਦਾ ਹੈ। ਇਸ ਦੀ ਰੋਕਥਾਮ ਲਈ ਐਚ.ਪੀ.ਵੀ. ਵੈਕਸੀਨ ਬਹੁਤ ਹੀ ਕਾਰਗਰ ਅਤੇ ਸੁਰੱਖਿਅਤ ਹੈ। ਉਨ੍ਹਾਂ ਦੱਸਿਆ ਕਿ ਇਹ ਵੈਕਸੀਨ ਪ੍ਰਾਈਵੇਟ ਹਸਪਤਾਲਾਂ ਵਿੱਚ ਬਹੁਤ ਮਹਿੰਗੀ ਮਿਲਦੀ ਹੈ, ਪਰ ਪੰਜਾਬ ਸਰਕਾਰ ਹੁਣ ਇਸ ਨੂੰ ਸਰਕਾਰੀ ਸਿਹਤ ਕੇਂਦਰਾਂ ਵਿੱਚ ਬਿਲਕੁਲ ਮੁਫ਼ਤ ਮੁਹੱਈਆ ਕਰਵਾਇਆ ਗਿਆ ਹੈ । ਇਸ ਮੁਹਿੰਮ ਦੇ ਪਹਿਲੇ ਪੜਾਅ ਤਹਿਤ 14 ਸਾਲ ਦੀਆਂ ਲੜਕੀਆਂ ਨੂੰ ਸਰਕਾਰੀ ਸਿਹਤ ਕੇਂਦਰਾਂ ਵਿਖੇ ਮੈਡੀਕਲ ਅਫ਼ਸਰਾਂ ਦੀ ਨਿਗਰਾਨੀ ਵਿੱਚ ਇਹ ਟੀਕਾ ਲਗਾਇਆ ਜਾ ਰਿਹਾ ਹੈ । ਉਹਨਾਂ ਦੱਸਿਆ ਕਿ ਵਿਸ਼ਵ ਸਿਹਤ ਸੰਸਥਾ (WHO) ਵੱਲੋਂ ਕੁਝ ਸਾਲ ਪਹਿਲਾਂ ਬਠਿੰਡਾ ਅਤੇ ਮਾਨਸਾ ਜ਼ਿਲ੍ਹਿਆਂ ਵਿੱਚ ਇਸ ਦਾ ਪਾਇਲਟ ਪ੍ਰੋਜੈਕਟ ਸਫ਼ਲਤਾਪੂਰਵਕ ਚਲਾਇਆ ਗਿਆ ਸੀ, ਜਿਸ ਤੋਂ ਬਾਅਦ ਹੁਣ ਇਸ ਨੂੰ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾ ਰਿਹਾ ਹੈ।​ਉਹਨਾਂ ਜਿਲਾ ਫਰੀਦਕੋਟ ਦੀ ਆਮ ਜਨਤਾ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੀਆਂ ਬੱਚੀਆਂ ਦੀ ਸਿਹਤ ਸੁਰੱਖਿਆ ਲਈ ਇਸ ਮੁਫ਼ਤ ਟੀਕਾਕਰਨ ਮੁਹਿੰਮ ਦਾ ਵੱਧ ਤੋਂ ਵੱਧ ਲਾਭ ਉਠਾਉਣ।

Leave a Reply

Your email address will not be published. Required fields are marked *

Copyright © All rights reserved. | Newsphere by AF themes.