ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਲੜਕੀਆਂ ਨੂੰ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਨ ਦਾ ਸੱਦਾ

ਲੁਧਿਆਣਾ

(  ਜਸਟਿਸ ਨਿਊਜ਼  )

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੜਕੀਆਂ ਨੂੰ ਪੰਜਾਬ ਦੇ ਸੁਨਹਿਰੇ ਭਵਿੱਖ ਲਈ ਬਰਾਬਰ ਭਾਈਵਾਲ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ ਸ਼ਾਸਨ, ਆਰਥਿਕਤਾ ਅਤੇ ਸਿਆਸਤ ਵਿੱਚ ਔਰਤਾਂ ਦੀ ਭਾਈਵਾਲੀ ਤੋਂ ਬਿਨਾਂ ਸੂਬਾ ਦੇਸ਼ ਦਾ ਮੋਹਰੀ ਨਹੀਂ ਬਣ ਸਕਦਾ।
ਲੁਧਿਆਣਾ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਰਾਜ ਪੱਧਰੀ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਕਿਵੇਂ ਪੰਜਾਬ ਸਰਕਾਰ ਉਨ੍ਹਾਂ ਰੁਕਾਵਟਾਂ ਨੂੰ ਸ਼ਿੱਦਤ ਨਾਲ ਦੂਰ ਕਰ ਰਹੀ ਹੈ ਜੋ ਔਰਤਾਂ ਨੂੰ ਮੁੱਖ ਖੇਤਰਾਂ ਤੋਂ ਦੂਰ ਰੱਖਦੀਆਂ ਸਨ। ਉਨ੍ਹਾਂ ਨੇ ਸਰਕਾਰੀ ਨੌਕਰੀਆਂ ਲਈ ਮੈਰਿਟ ਤੇ ਯੋਗਤਾ-ਅਧਾਰਿਤ ਭਰਤੀ ਦਾ ਵੀ ਜ਼ਿਕਰ ਕੀਤਾ ਜਿੱਥੇ 63,000 ਤੋਂ ਵੱਧ ਸਰਕਾਰੀ ਨੌਕਰੀਆਂ ਵਿੱਚੋਂ ਜ਼ਿਆਦਾਤਰ ਕੁੜੀਆਂ ਨੂੰ ਮਿਲੀਆਂ ਹਨ। ਮੁੱਖ ਮੰਤਰੀ ਨੇ ਗੈਰ-ਵਾਜਬ ਸ਼ਰਤਾਂ ਨੂੰ ਦੂਰ ਕਰਨ ਤੋਂ ਬਾਅਦ ਔਰਤਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਅਤੇ ਉੱਚ ਪ੍ਰਸ਼ਾਸਨਿਕ ਅਹੁਦਿਆਂ ‘ਤੇ ਮਹਿਲਾ ਅਧਿਕਾਰੀਆਂ ਦੀ ਵਧ ਰਹੀ ਮੌਜੂਦਗੀ ਬਾਰੇ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕੀਤਾ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੜਕੀਆਂ ਨੂੰ ਰਾਜਨੀਤੀ ਵਿੱਚ ਆਉਣ ਅਤੇ ਫੈਸਲਾ ਲੈਣ ਵਿੱਚ ਸਰਗਰਮ ਭਾਗੀਦਾਰ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਮਜ਼ਬੂਤ ਲੋਕਤੰਤਰ ਅਤੇ ਪ੍ਰਗਤੀਸ਼ੀਲ ਪੰਜਾਬ ਦਾ ਸੁਪਨਾ ਤਾਂ ਹੀ ਸਾਕਾਰ ਹੋਵੇਗਾ, ਜਦੋਂ ਔਰਤਾਂ ਜਨਤਕ ਨੀਤੀ ਅਤੇ ਲੀਡਰਸ਼ਿਪ ਲਈ ਕੇਂਦਰੀ ਭੂਮਿਕਾ ਨਿਭਾਉਣਗੀਆਂ।

ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਕੁੜੀਆਂ ਅੱਜ ਸਾਰੇ ਖੇਤਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰ ਰਹੀਆਂ ਹਨ। ਸੂਬੇ ਦੇ ਮੁਖੀ ਹੋਣ ਦੇ ਨਾਤੇ ਮੈਨੂੰ ਇਹ ਦੇਖ ਕੇ ਬਹੁਤ ਖੁਸ਼ੀ ਹੋ ਰਹੀ ਹੈ ਕਿ ਕੁੜੀਆਂ ਵੱਖ-ਵੱਖ ਖੇਤਰਾਂ ਵਿੱਚ ਨਵੀਆਂ ਉਚਾਈਆਂ ਛੂਹ ਰਹੀਆਂ ਹਨ। ਮੈਂ ਉਨ੍ਹਾਂ ਨੂੰ ਸ਼ਾਨਦਾਰ ਅਤੇ ਖੁਸ਼ਹਾਲ ਭਵਿੱਖ ਲਈ ਆਪਣੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਆਪਣੇ ਲਈ ਮੁਕਾਮ ਹਾਸਲ ਕਰਨਗੀਆਂ। ਅੱਜ ਦੀਆਂ ਕੁੜੀਆਂ ਖੁਸ਼ਕਿਸਮਤ ਹਨ ਕਿਉਂਕਿ ਉਨ੍ਹਾਂ ਨੂੰ ਬੁਲੰਦੀਆਂ ਛੂਹਣ ਲਈ ਢੁਕਵਾਂ ਮਾਹੌਲ ਮਿਲ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸੂਬਾ ਭਰ ਵਿੱਚ ਔਰਤਾਂ ਨੂੰ ਸ਼ਾਸਨ ਅਤੇ ਪ੍ਰਸ਼ਾਸਨ ਵਿੱਚ ਵੱਧ ਤੋਂ ਵੱਧ ਮੌਕੇ ਦੇ ਕੇ ਸਮਰੱਥ ਬਣਾਉਣ ਲਈ ਠੋਸ ਯਤਨ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੀ ਸਰਕਾਰ ਨੇ ਕਈ ਮਹਿਲਾ ਅਧਿਕਾਰੀਆਂ ਨੂੰ ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨਿਯੁਕਤ ਕੀਤਾ ਹੈ। ਕਈ ਮਹਿਲਾ ਅਧਿਕਾਰੀਆਂ ਨੂੰ ਏ.ਡੀ.ਸੀ. ਵੀ ਨਿਯੁਕਤ ਕੀਤਾ ਗਿਆ ਹੈ। ਪਹਿਲਾਂ ਕਦੇ ਵੀ ਕਿਸੇ ਹੋਰ ਸਰਕਾਰ ਨੇ ਇਨ੍ਹਾਂ ਵੱਕਾਰੀ ਅਹੁਦਿਆਂ ‘ਤੇ ਔਰਤਾਂ ਨੂੰ ਜ਼ਿੰਮੇਵਾਰੀ ਦੇਣ ਦੀ ਖੇਚਲ ਨਹੀਂ ਕੀਤੀ।”
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਉੱਚ ਅਹੁਦਿਆਂ ‘ਤੇ ਸਮਾਜ ਦੀ ਸੇਵਾ ਕਰਦੇ ਹੋਏ ਮਹਿਲਾ ਅਧਿਕਾਰੀ ਆਪਣੀਆਂ ਜ਼ਿੰਮੇਵਾਰੀਆਂ ਸਮਰਪਣ ਤੇ ਯੋਗਤਾ ਨਾਲ ਨਿਭਾ ਰਹੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਅਧਿਕਾਰੀ ਇਨ੍ਹਾਂ ਅਹੁਦਿਆਂ ‘ਤੇ ਰਹਿੰਦਿਆਂ ਸੂਝ-ਬੂਝ ਤੇ ਸੂਖਮਤਾ ਨਾਲ ਸਮਾਜ ਦੀ ਸੇਵਾ ਕਰ ਰਹੇ ਹਨ ਜਿਸ ਕਾਰਨ ਸਮਾਜ ਨੂੰ ਬਹੁਤ ਲਾਭ ਹੋ ਰਿਹਾ ਹੈ। ਮਹਿਲਾ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਵਾਲੇ ਜ਼ਿਲ੍ਹਿਆਂ ਵਿੱਚ ਭਰੂਣ ਹੱਤਿਆ ਦਰ ਸਭ ਤੋਂ ਘੱਟ ਹੈ, ਜਿਸ ਨਾਲ ਮਨ ਨੂੰ ਸਕੂਨ ਮਿਲਦਾ ਹੈ। ਇਸੇ ਤਰ੍ਹਾਂ ਇਹ ਅਧਿਕਾਰੀ ਸਮਾਜ ਵਿੱਚ ਪ੍ਰਚਲਿਤ ਹੋਰ ਸਮਾਜਿਕ ਬੁਰਾਈਆਂ ਨੂੰ ਰੋਕਣ ਵਿੱਚ ਵੱਡੀ ਭੂਮਿਕਾ ਨਿਭਾ ਰਹੇ ਹਨ।”

ਪੰਜਾਬ ਸਰਕਾਰ ਦੀ ਪਾਰਦਰਸ਼ੀ ਭਰਤੀ ਮੁਹਿੰਮ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਨੇ ਨੌਜਵਾਨਾਂ ਨੂੰ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਉਨ੍ਹਾਂ ਕਿਹਾ, “ਇਹ ਮਾਣ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਨੌਕਰੀਆਂ ਕੁੜੀਆਂ ਨੂੰ ਮਿਲੀਆਂ ਹਨ। ਸੂਬੇ ਦੇ ਇਤਿਹਾਸ ਵਿੱਚ ਪਹਿਲੀ ਵਾਰ, ਕਿਸੇ ਸਰਕਾਰ ਨੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਭਾਈ-ਭਤੀਜਾਵਾਦ ਦੇ, ਪੂਰੀ ਤਰ੍ਹਾਂ ਯੋਗਤਾ ਦੇ ਆਧਾਰ ‘ਤੇ ਰਿਕਾਰਡ ਗਿਣਤੀ ਵਿੱਚ ਨੌਕਰੀਆਂ ਦਿੱਤੀਆਂ ਹਨ। ਮੈਨੂੰ ਵਿਸ਼ਵਾਸ ਹੈ ਕਿ ਇਹ ਕੁੜੀਆਂ ਆਪੋ-ਆਪਣੇ ਵਿਭਾਗਾਂ ਵਿੱਚ ਸੇਵਾ ਨਿਭਾਉਂਦੇ ਹੋਏ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭੂਮਿਕਾ ਨਿਭਾਉਣਗੀਆਂ।”
ਨੌਜਵਾਨ ਕੁੜੀਆਂ ਨੂੰ ਵੱਡੇ ਸੁਪਨੇ ਦੇਖਣ ਲਈ ਉਤਸ਼ਾਹਿਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਤਿਹਾਸ ਉਨ੍ਹਾਂ ਮਿਸਾਲਾਂ ਨਾਲ ਭਰਿਆ ਪਿਆ ਹੈ ਜਿੱਥੇ ਨਿਮਰ ਪਿਛੋਕੜ ਵਾਲੇ ਲੋਕਾਂ ਨੇ ਸਖ਼ਤ ਮਿਹਨਤ ਤੇ ਸਮਰਪਣ ਭਾਵਨਾ ਨਾਲ ਅਸਾਧਾਰਨ ਸਫਲਤਾ ਪ੍ਰਾਪਤ ਕੀਤੀ ਹੈ। ਉਨ੍ਹਾਂ ਅੱਗੇ ਕਿਹਾ, “ਲੜਕੀਆਂ ਨੂੰ ਦੁਨੀਆ ਭਰ ਵਿੱਚ ਆਪਣੀ ਯੋਗਤਾ ਸਾਬਤ ਕਰਨ ਲਈ ਅਜਿਹੀਆਂ ਮਿਸਾਲਾਂ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਅਤੇ ਪੰਜਾਬ ਸਰਕਾਰ ਇਸ ਨੇਕ ਉਪਰਾਲੇ ਵਿੱਚ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹਾਇਤਾ ਕਰੇਗੀ।”
ਮੁੱਖ ਮੰਤਰੀ ਨੇ ਕਿਹਾ ਕਿ ਵਿਭਿੰਨਤਾ, ਸਮਾਜ ਨੂੰ ਉਸੇ ਤਰ੍ਹਾਂ ਮਜ਼ਬੂਤ ਬਣਾਉਂਦੀ ਹੈ ਜਿਵੇਂ ਵੱਖ-ਵੱਖ ਫੁੱਲ ਇਕ ਗੁਲਦਸਤੇ ਨੂੰ ਸਜਾਉਂਦੇ ਹਨ। ਉਨ੍ਹਾਂ ਕਿਹਾ, “ਇਕ ਗੁਲਦਸਤੇ ਵਿੱਚ ਕਈ ਤਰ੍ਹਾਂ ਦੇ ਫੁੱਲ ਹੁੰਦੇ ਹਨ ਅਤੇ ਇਸੇ ਕਰਕੇ ਲੋਕ ਇਸ ਤੋਂ ਆਕਰਸ਼ਤ ਹੁੰਦੇ ਹਨ। ਇਸੇ ਤਰ੍ਹਾਂ, ਜਦੋਂ ਹਰ ਕੋਈ ਆਪਣੀ ਪ੍ਰਤਿਭਾ ਤੇ ਸਮਰਪਣ ਨਾਲ ਸਮਾਜ ਵਿੱਚ ਯੋਗਦਾਨ ਪਾਉਂਦਾ ਹੈ, ਤਾਂ ਇਸ ਨਾਲ ਵਿਵਸਥਾ ਨੂੰ ਮਜ਼ਬੂਤੀ ਮਿਲਦੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ, ਦੇਸ਼ ਦੇ ਇਤਿਹਾਸ ਵਿੱਚ ਵਿਲੱਖਣ ਸਥਾਨ ਰੱਖਦਾ ਹੈ। ਉਨ੍ਹਾਂ ਕਿਹਾ, “ਪੰਜਾਬ ਨਾ ਸਿਰਫ਼ ਦੇਸ਼ ਦਾ ਅੰਨਦਾਤਾ ਹੈ, ਸਗੋਂ ਦੇਸ਼ ਦੀ ਖੜਗਭੁਜਾ ਵੀ ਹੈ। ਪੰਜਾਬ ਦੇ ਲੋਕ ਦੁਨੀਆ ਭਰ ਵਿੱਚ ਆਪਣੀ ਹਿੰਮਤ, ਮਿਹਨਤ ਅਤੇ ਉੱਦਮੀ ਭਾਵਨਾ ਲਈ ਜਾਣੇ ਜਾਂਦੇ ਹਨ। ਇਹ ਪਵਿੱਤਰ ਧਰਤੀ ਮਹਾਨ ਗੁਰੂਆਂ, ਸੰਤਾਂ-ਮਹਾਪੁਰਸ਼ਾਂ ਅਤੇ ਸ਼ਹੀਦਾਂ ਦੀ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਜ਼ੁਲਮ ਤੇ ਬੇਇਨਸਾਫ਼ੀ ਦਾ ਵਿਰੋਧ ਕਰਨ ਦਾ ਰਾਹ ਦਿਖਾਇਆ। ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਹੈ ਅਤੇ ਇਹ ਵਿਸ਼ਵ ਪੱਧਰ ‘ਤੇ ਆਪਣੀ ਨਿੱਘੀ ਮਹਿਮਾਨਨਿਵਾਜ਼ੀ ਲਈ ਜਾਣਿਆ ਜਾਂਦਾ ਹੈ।”
ਔਰਤਾਂ ਨੂੰ ਸਿਆਸਤ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦੇ ਹੋਏ  ਮੁੱਖ ਮੰਤਰੀ ਨੇ ਕਿਹਾ ਕਿ ਜਮਹੂਰੀ ਸੰਸਥਾਵਾਂ ਨੂੰ ਮਜ਼ਬੂਤ ਕਰਨ ਅਤੇ ਸਮਾਜਿਕ ਤਬਦੀਲੀ ਲਿਆਉਣ ਲਈ ਉਨ੍ਹਾਂ ਦੀ ਸ਼ਮੂਲੀਅਤ ਜ਼ਰੂਰੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕੁੜੀਆਂ ਪਹਿਲਾਂ ਹੀ ਕਈ ਖੇਤਰਾਂ ਵਿੱਚ ਮੁੰਡਿਆਂ ਨੂੰ ਪਛਾੜ ਚੁੱਕੀਆਂ ਹਨ ਪਰ ਸਿਆਸਤ ਅਜੇ ਵੀ ਅਪਵਾਦ ਹੈ। ਇਸ ਖੇਤਰ ਨੂੰ ਲੰਬੇ ਸਮੇਂ ਤੋਂ ਪੁਰਸ਼ਾਂ ਦਾ ਖੇਤਰ ਮੰਨਿਆ ਜਾਂਦਾ ਰਿਹਾ ਹੈ, ਪਰ ਸਮਾਂ ਆ ਗਿਆ ਹੈ ਕਿ ਔਰਤਾਂ ਇੱਥੇ ਵੀ ਆਪਣਾ ਮੁਕਾਮ ਬਣਾਉਣ।”

ਉਨ੍ਹਾਂ ਕਿਹਾ ਕਿ ਸਿਆਸਤ ਵਿੱਚ ਔਰਤਾਂ ਦੀ ਸ਼ਮੂਲੀਅਤ ਨਾਲ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਅਤੇ ਜ਼ਮੀਨੀ ਪੱਧਰ ‘ਤੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿੱਚ ਮਦਦ ਕਰੇਗੀ। ਮੁੱਖ ਮੰਤਰੀ ਨੇ ਕਿਹਾ, “ਔਰਤਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਅਤੇ ਨੀਤੀਆਂ ਘੜਨ ਅਤੇ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਸਰਗਰਮ ਭਾਈਵਾਲ ਬਣਨਾ ਚਾਹੀਦਾ ਹੈ। ਉਨ੍ਹਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਵੀ ਸੂਝ-ਬੂਝ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਉਨ੍ਹਾਂ ਦੀ ਵੋਟ ਚੰਗੇ ਨੇਤਾਵਾਂ ਨੂੰ ਵਿਧਾਨ ਸਭਾ ਅਤੇ ਸੰਸਦ ਵਿੱਚ ਭੇਜਣ ਵਿੱਚ ਸਹਾਈ ਹੋਵੇ।”

ਮਹਿਲਾ ਆਜ਼ਾਦੀ ਘੁਲਾਟੀਆਂ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਮੁੱਖ ਮੰਤਰੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸਹਿਯੋਗੀ ਦੁਰਗਾ ਭਾਬੀ ਦੀ ਉਦਾਹਰਣ ਦਿੱਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਦੁਰਗਾ ਭਾਬੀ ਨੇ ਆਜ਼ਾਦੀ ਸੰਗਰਾਮ ਵਿੱਚ ਵੱਡੀ ਭੂਮਿਕਾ ਨਿਭਾਈ। ਉਸ ਸਮੇਂ ਜਦੋਂ ਸ਼ਹੀਦ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਵਿੱਤੀ ਸਹਾਇਤਾ ਦੀ ਲੋੜ ਸੀ, ਉਨ੍ਹਾਂ ਨੇ ਰਾਸ਼ਟਰੀ ਉਦੇਸ਼ ਲਈ ਆਪਣੇ ਗਹਿਣੇ ਵੀ ਵੇਚ ਦਿੱਤੇ। ਪੰਜਾਬ ਦੀਆਂ ਕੁੜੀਆਂ ਕੋਲ ਮਾਈ ਭਾਗੋ, ਦੁਰਗਾ ਭਾਬੀ ਅਤੇ ਹੋਰ ਬਹੁਤ ਸਾਰੇ ਪ੍ਰੇਰਨਾਦਾਇਕ ਰੋਲ ਮਾਡਲ ਹਨ। ਹੁਣ ਸਮਾਂ ਆ ਗਿਆ ਹੈ ਕਿ ਉਹ ਉਨ੍ਹਾਂ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਅਤੇ ਦੇਸ਼ ਦੀ ਸੇਵਾ ਕਰਨ।”

ਮੁੱਖ ਮੰਤਰੀ ਨੇ ਐਮਰਜੈਂਸੀ ਸੇਵਾਵਾਂ ਵਿੱਚ ਔਰਤਾਂ ਦੀ ਸ਼ਮੂਲੀਅਤ ਲਈ ਇਤਿਹਾਸਕ ਕਦਮ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ, “ਪੰਜਾਬ, ਦੇਸ਼ ਦਾ ਇਕਲੌਤਾ ਸੂਬਾ ਹੋਵੇਗਾ ਜਿੱਥੇ ਅੱਗ ਬੁਝਾਊ ਸੇਵਾਵਾਂ ਵਾਲੇ ਸਟਾਫ ਵਿੱਚ ਕੁੜੀਆਂ ਵੀ ਸ਼ਾਮਲ ਹੋਣਗੀਆਂ। ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਦੀ ਇੱਛਾ ਰੱਖਣ ਵਾਲੀਆਂ ਕੁੜੀਆਂ ਨੇ ਮੈਨੂੰ ਮਿਲ ਕੇ ਕੁਝ ਬੁਨਿਆਦੀ ਸ਼ਰਤਾਂ ਕਾਰਨ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਦੱਸਿਆ। ਹਮਦਰਦੀ ਵਾਲੀ ਪਹੁੰਚ ਅਪਣਾਉਂਦੇ ਹੋਏ ਸਾਡੀ ਸਰਕਾਰ ਨੇ ਸ਼ਰਤਾਂ ਵਿੱਚ ਢਿੱਲ ਦਿੱਤੀ, ਜਿਸ ਨਾਲ ਉਨ੍ਹਾਂ ਲਈ ਅੱਗ ਬੁਝਾਊ ਸੇਵਾਵਾਂ ਵਿੱਚ ਸ਼ਾਮਲ ਹੋਣ ਦਾ ਰਾਹ ਪੱਧਰਾ ਹੋਇਆ।”
ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ, ਮੁੱਖ ਮੰਤਰੀ ਨੇ ਔਰਤਾਂ ਦੇ ਦ੍ਰਿੜ ਇਰਾਦੇ ਨੂੰ ਸਲਾਮ ਕੀਤਾ ਜਿਨ੍ਹਾਂ ਨੇ ਦੇਸ਼ ਦੀ ਤਰੱਕੀ ਵਿੱਚ ਵੱਡਾ ਯੋਗਦਾਨ ਪਾਇਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਕਿਸੇ ਵੀ ਦੇਸ਼ ਜਾਂ ਸਮਾਜ ਦਾ ਇਤਿਹਾਸ ਔਰਤਾਂ ਦੀ ਭੂਮਿਕਾ ਨੂੰ ਸਵੀਕਾਰ ਕੀਤੇ ਬਿਨਾਂ ਅਧੂਰਾ ਹੈ। ਔਰਤਾਂ ਨੇ ਨਾ ਸਿਰਫ਼ ਦੇਸ਼ ਦੀ ਆਜ਼ਾਦੀ ਨੂੰ ਸੁਰੱਖਿਅਤ ਕਰਨ ਵਿੱਚ, ਸਗੋਂ ਇਸ ਦੇ ਵਿਕਾਸ ਅਤੇ ਤਰੱਕੀ ਵਿੱਚ ਵੀ ਬੇਮਿਸਾਲ ਯੋਗਦਾਨ ਪਾਇਆ ਹੈ।”
ਮਹਾਨ ਸਿੱਖ ਫਿਲਾਸਫੀ ਦਾ ਹਵਾਲਾ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਫਿਲਾਸਫੀ ਔਰਤਾਂ ਨੂੰ ਬਹੁਤ ਸਤਿਕਾਰ ਅਤੇ ਮਾਣ ਦਿੰਦੀ ਹੈ। ਉਨ੍ਹਾਂ ਕਿਹਾ, “ਮਹਾਨ ਸਿੱਖ ਸਿਧਾਂਤ ਔਰਤਾਂ ਲਈ ਮਾਣ, ਸਤਿਕਾਰ ਅਤੇ ਬਰਾਬਰੀ ‘ਤੇ ਜ਼ੋਰ ਦਿੰਦੇ ਹਨ। ਜੇਕਰ ਔਰਤਾਂ ਨੂੰ ਸਹੀ ਮੌਕੇ ਦਿੱਤੇ ਜਾਣ ਤਾਂ ਉਹ ਕਿਸੇ ਵੀ ਤਰ੍ਹਾਂ ਪੁਰਸ਼ਾਂ ਨਾਲੋਂ ਘੱਟ ਨਹੀਂ ਹਨ। ਘਰ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਿਆਣਪ ਨਾਲ ਨਿਭਾਉਣ ਦੇ ਨਾਲ-ਨਾਲ, ਔਰਤਾਂ ਰਾਸ਼ਟਰ ਨਿਰਮਾਣ ਵਿੱਚ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ ਅਤੇ ਦੇਸ਼ ਨੂੰ ਤਰੱਕੀ ਵੱਲ ਲੈ ਜਾ ਰਹੀਆਂ ਹਨ।”

ਉਨ੍ਹਾਂ ਕਿਹਾ ਕਿ ਜੇਕਰ ਔਰਤਾਂ ਨੂੰ ਪਹਿਲਾਂ ਬਰਾਬਰ ਮੌਕੇ ਮਿਲੇ ਹੁੰਦੇ ਤਾਂ ਵਿਕਾਸ ਦੀ ਗਤੀ ਹੋਰ ਵੀ ਤੇਜ਼ ਹੋ ਸਕਦੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਹੁਤ ਸਾਰੀਆਂ ਚੁਣੌਤੀਆਂ ਦੇ ਬਾਵਜੂਦ ਔਰਤਾਂ ਨੇ ਸਿੱਖਿਆ, ਸਿਵਲ ਸੇਵਾਵਾਂ, ਰੱਖਿਆ, ਪੁਲਾੜ ਖੋਜ, ਖੇਤੀਬਾੜੀ ਅਤੇ ਰਾਜਨੀਤੀ ਵਿੱਚ ਸ਼ਾਨਦਾਰ ਸਫਲਤਾ ਪ੍ਰਾਪਤ ਕੀਤੀ ਹੈ। ਇਸ ਇਤਿਹਾਸਕ ਮੌਕੇ ‘ਤੇ ਮੈਂ ਸਕੰਲਪ ਲੈਂਦਾ ਹਾਂ ਕਿ ਪੰਜਾਬ ਸਰਕਾਰ ਔਰਤਾਂ ਲਈ ਬਰਾਬਰੀ, ਨਿਆਂ ਅਤੇ ਆਜ਼ਾਦੀ ਨੂੰ ਯਕੀਨੀ ਬਣਾਉਣ ਲਈ ਵਧੇਰੇ ਸਮਰਪਣ ਨਾਲ ਕੰਮ ਕਰੇਗੀ ਤਾਂ ਜੋ ਉਹ ਪੰਜਾਬ ਅਤੇ ਦੇਸ਼ ਦੀ ਤਰੱਕੀ ਵਿੱਚ ਬਰਾਬਰ ਦੇ ਭਾਈਵਾਲ ਵਜੋਂ ਯੋਗਦਾਨ ਪਾ ਸਕਣ।”
ਇਸ ਮੌਕੇ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਈ ਮਹਿਲਾਵਾਂ ਨੂੰ ਸ਼ਾਨਦਾਰ ਪ੍ਰਾਪਤੀਆਂ ਹਾਸਲ ਕਰਨ ਲਈ ਸਨਮਾਨਿਤ ਵੀ ਕੀਤਾ, ਜਿਨ੍ਹਾਂ ਵਿੱਚ ਹਾਲ ਹੀ ਵਿੱਚ ਯੂ.ਪੀ.ਐਸ.ਸੀ. ਪ੍ਰੀਖਿਆਵਾਂ ਪਾਸ ਕਰਨ ਵਾਲੀਆਂ ਕੁੜੀਆਂ ਵੀ ਸ਼ਾਮਲ ਸਨ।

ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਕਈ ਹੋਰ ਪਤਵੰਤੇ ਵੀ ਮੌਜੂਦ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vapeshop discount code vapewholesale affiliate link geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin