August 17, 2026

Justice News

ਅਵਾਮ ਦੀ ਆਵਾਜ਼

ਪੀ.ਐਮ ਕਿਸਾਨ ਸਨਮਾਨ ਨਿਧੀ ਦਾ ਲਾਭ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਤਹਿਤ ਰਜਿਸਟਰਡ ਹੋਣਾ ਲਾਜ਼ਮੀ : ਮੁੱਖ ਖੇਤੀਬਾੜੀ ਅਫ਼ਸਰ

ਲੁਧਿਆਣਾ,
(ਜਸਟਿਸ ਨਿਊਜ਼)
ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਡਾ. ਗੁਰਦੀਪ ਸਿੰਘ ਨੇ ਜ਼ਿਲ੍ਹੇ ਦੇ ਕਿਸਾਨਾਂ ਲਈ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਦਾ ਲਾਭ ਲੈ ਰਹੇ ਹਰੇਕ ਕਿਸਾਨ ਲਈ ਐਗਰੀਟੈਕ ਦੇ ਆਨਲਾਈਨ ਪੋਰਟਲ ਤੇ ਫਾਰਮਰ ਰਜਿਸਟਰੀ ਤਹਿਤ ਰਜਿਸਟਰ ਹੋ ਕੇ ਆਪਣੀ ਫਾਰਮਰ ਆਈ.ਡੀ ਬਣਾਉਣਾ ਲਾਜ਼ਮੀ ਹੈ। ਉਨ੍ਹਾਂ ਨੇ ਦੱਸਿਆ ਕਿ ਫਾਰਮਰ ਰਜਿਸਟਰੀ ਦਾ ਮੁੱਖ ਉਦੇਸ਼ ਕਿਸਾਨਾਂ ਦਾ ਕੇਂਦਰੀ ਡਾਟਾ ਬੇਸ ਬਣਾਉਣਾ ਹੈ ਤਾਂ ਜੋ ਸਰਕਾਰੀ ਸਹਾਇਤਾ ਸਿੱਧੇ ਅਤੇ ਪਾਰਦਰਸ਼ੀ ਢੰਗ ਨਾਲ ਅਸਲ ਲਾਭਪਾਤਰੀਆਂ ਤੱਕ ਪਹੁੰਚਾਈ ਜਾ ਸਕੇ।
ਉਨ੍ਹਾਂ ਦੱਸਿਆ ਕਿ ਵਿਭਾਗ ਵੱਲੋਂ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਭਵਿੱਖ ਵਿੱਚ ਕੇਵਲ ਉਨ੍ਹਾਂ ਹੀ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ ਮਿਲਣ ਵਾਲੀਆਂ ਵਿੱਤੀ ਕਿਸ਼ਤਾਂ ਜਾਰੀ ਕੀਤੀਆਂ ਜਾਣਗੀਆਂ ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ ਬਣਵਾ ਲਈ ਹੋਵੇਗੀ। ਇਸ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਹਰੇਕ ਲਾਭਪਾਤਰੀ ਕਿਸਾਨ ਨੂੰ ਇੱਕ ਵਿਲੱਖਣ ਕਿਸਾਨ ਆਈ.ਡੀ ਜਾਰੀ ਕੀਤੀ ਜਾਵੇਗੀ। ਇਸ ਕਿਸਾਨ ਆਈ.ਡੀ ਨੂੰ ਕਿਸਾਨ ਦੇ ਮੌਜੂਦਾ ਪੀ.ਐਮ ਕਿਸਾਨ ਖਾਤੇ ਨਾਲ ਲਿੰਕ ਕੀਤਾ ਜਾਵੇਗਾ। ਜਿਸ ਨਾਲ ਕਿਸਾਨ ਦੀ ਪਹਿਚਾਣ ਅਤੇ ਜ਼ਮੀਨੀ ਰਿਕਾਰਡ ਤਸਦੀਕ ਕਰਨਾ ਆਸਾਨ ਹੋਵੇਗਾ।
ਡਾ. ਗੁਰਦੀਪ ਸਿੰਘ ਨੇ ਕਿਹਾ ਕਿ ਜਿਨ੍ਹਾਂ ਕਿਸਾਨਾਂ ਵੱਲੋਂ ਇਹ ਰਜਿਸਟ੍ਰੇਸ਼ਨ ਨਹੀਂ ਕਰਵਾਈ ਜਾਵੇਗੀ, ਉਨ੍ਹਾਂ ਕਿਸਾਨਾਂ ਦੀਆਂ ਪੀ.ਐਮ ਕਿਸਾਨ ਦੀਆਂ ਸਾਰੀਆਂ ਕਿਸ਼ਤਾਂ ਭਵਿੱਖ ਵਿੱਚ ਰੁੱਕ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਕਿਸਾਨ ਬਿਨ੍ਹਾਂ ਕਿਸੇ ਦੇਰੀ ਤੋਂ ਆਪਣੀ ਕਿਸਾਨ ਆਈ.ਡੀ ਦੀ ਰਜਿਸਟ੍ਰੇਸ਼ਨ ਆਪਣਾ ਆਧਾਰ ਕਾਰਡ ਲੈ ਕੇ ਨੇੜੇ ਦੇ ਸੀ.ਐਸ.ਸੀ ਸੈਂਟਰ ਪਹੁੰਚ ਕੇ ਪੂਰੀ ਕਰਵਾਉਣ। ਇਸ ਸਬੰਧੀ ਵਿਭਾਗ ਵੱਲੋਂ ਸੀ.ਐਸ.ਸੀ ਸੈਂਟਰਾਂ ਨਾਲ ਮਿਲ ਕੇ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਜਿੱਥੇ ਕਿਸਾਨ ਇਹ ਰਜਿਸਟ੍ਰੇਸ਼ਨ ਫਰੀ ਕਰਵਾ ਸਕਦੇ ਹਨ। ਕਿਸਾਨ ਬਲਾਕ ਖੇਤੀਬਾੜੀ ਦਫਤਰ ਨਾਲ ਵੀ ਸੰਪਰਕ ਕਰ ਸਕਦੇ ਹਨ। ਜ਼ਿਲ੍ਹੇ ਵਿੱਚ ਸੀ.ਐਸ.ਸੀ ਅਤੇ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕੈਂਪਾਂ ਸਬੰਧੀ 0161-2552757 ਨੰਬਰ ਤੋਂ ਜਾਣਕਾਰੀ ਲਈ ਜਾ ਸਕਦੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.