August 17, 2026

Justice News

ਅਵਾਮ ਦੀ ਆਵਾਜ਼

ਰਾਮ ਤੀਰਥ ਰੋਡ ਤੇ ਨਵੀਆਂ ਵਿਕਸਿਤ ਹੋ ਰਹੀਆਂ ਅਣ-ਅਧਿਕਾਰਿਤ ਕਲੋਨੀਆਂ ਤੇ ਚੱਲਿਆ ਪੀਲਾ ਪੰਜਾ=ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜ਼ਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ)
– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਸ੍ਰੀਮਤੀ ਇਨਾਯਤ ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਥਾਣਾ ਕੰਬੋਅ ਦੇ ਪੁਲਿਸ ਅਧਿਕਾਰੀਆਂ ਦੀ ਮੌਜ਼ੂਦਗੀ ਵਿੱਚ ਅੰਮ੍ਰਿਤਸਰ-ਰਾਮ ਤੀਰਥ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ। ਰੈਗੁਲੇਟਰੀ ਵਿੰਗ ਵੱਲੋਂ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਟਾਊਨ ਪਲਾਨਰ ਅਮਰਿੰਦਰਜੀਤ ਸਿੰਘ (ਰੈਗੂਲੇਟਰੀ) ਵਿੰਗ ਨੇ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਮ ਤੀਰਥ ਰੋਡ ਉੱਪਰ ਪੈਂਦੇ ਪਿੰਡ ਧੌਲ ਕਲਾਂ ਵਿੱਚ ਸ਼ਿਵਾ ਪੈਰਾਡਾਈਡਜ਼ ਦੇ ਨਾਮ ਹੇਠ ਅਤੇ ਪਿੰਡ ਵਡਾਲਾ ਭਿੱਟੇਵੱਡ ਵਿੱਚ ਮਧੂਬਨ ਅਸਟੇਟ (ਐਕਸਟੈਂਸ਼ਨ) ਦੇ ਨਾਮ ਹੇਠ ਅਣ-ਅਧਿਕਾਰਤ ਕਲੋਨੀ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਅੱਜ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਉਕਤ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਵੱਲੋਂ ਸਰਕਾਰ ਦੀਆਂ ਹਦਾਇਤਾਂ ਦੀ ਪ੍ਰਵਾਹ ਨਾ ਕਰਦੇ ਹੋਏ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਸਨ।
ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕ਼ੈਦ ਅਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ, ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖਿਆ ਜਾ ਰਿਹਾ ਹੈ।
      ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜ਼ੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖ਼ਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜ਼ੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.