August 17, 2026

Justice News

ਅਵਾਮ ਦੀ ਆਵਾਜ਼

ਕਾਂਗਰਸ ਪਾਰਟੀ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਨੂੰ ਦਿੱਤੀ ਸ਼ਰਧਾਂਜਲੀ

ਲੁਧਿਆਣਾ

(ਜਸਟਿਸ ਨਿਊਜ਼   )
ਕਾਂਗਰਸ ਪਾਰਟੀ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਥਾਪਰ ਦੇ ਸ਼ਹੀਦੀ ਦਿਵਸ ਮੌਕੇ ਜਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਸਰਾਭਾ ਨਗਰ ਵਿਖੇ ਆਯੋਜਿਤ ਸਮਾਗਮ ਦੌਰਾਨ ਅੱਜ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਪਾਰਟੀ ਆਗੂਆਂ ਵੱਲੋਂ ਦੇਸ਼ ਦੀ ਆਜ਼ਾਦੀ ਲਈ ਮਹਾਨ ਸ਼ਹੀਦਾਂ ਦੀਆ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ, ਦੀਵਾਨ ਨੇ ਦੇਸ਼ ਦੇ ਮਹਾਨ ਸ਼ਹੀਦਾਂ ਦੀ ਲਸਾਨੀ ਸ਼ਹਾਦਤ ਨੂੰ ਯਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਵੱਲੋਂ ਦਿੱਤੇ ਗਏ ਮਹਾਨ ਬਲਿਦਾਨਾਂ ਕਰਕੇ ਅੱਜ ਅਸੀਂ ਆਜ਼ਾਦੀ ਦੀ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਅੱਜ ਦਾ ਦਿਨ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਮਹਾਨ ਬਲਿਦਾਨਾਂ ਦੀ ਯਾਦ ਦਿਵਾਉਂਦਾ ਹੈ। ਜਿਨ੍ਹਾਂ ਨੇ ਭਰੀ ਜਵਾਨੀ ਵਿੱਚ ਆਪਣੀ ਦੇਸ਼ ਭਗਤ ਸੋਚ ਅਤੇ ਬੇਮਿਸਾਲ ਹਿੰਮਤ ਦਾ ਪ੍ਰਦਰਸ਼ਨ ਕਰਦੇ ਹੋਏ, ਅੰਗਰੇਜ਼ੀ ਹਕੂਮਤ ਖਿਲਾਫ ਆਵਾਜ਼ ਉਠਾਈ ਅਤੇ ਭਾਰਤ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ।

ਉਨ੍ਹਾਂ ਨੇ ਜ਼ੋਰ ਦਿੰਦਿਆਂ, ਕਿਹਾ ਕਿ ਸਾਡੇ ਮਹਾਨ ਸ਼ਹੀਦਾਂ ਨੇ ਸਾਨੂੰ ਸਿਖਾਇਆ ਹੈ ਕਿ ਸੱਚ ਅਤੇ ਨਿਆਂ ਲਈ ਖੜ੍ਹਾ ਹੋਣਾ ਸਭ ਤੋਂ ਵੱਡੀ ਹਿੰਮਤ ਹੈ। ਇਹਨਾਂ ਵੱਲੋਂ ਦਿਖਾਏ ਗਏ ਰਾਹ ਤੇ ਚੱਲਣਾ ਹੀ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ, ਪੀਸੀਸੀ ਮੈਂਬਰ ਸੁਸ਼ੀਲ ਮਲਹੋਤਰਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਗੁਰਨਾਮ ਸਿੰਘ ਕਲੇਰ, ਕੁਲਬੀਰ ਨੀਟਾ, ਜਸਵਿੰਦਰ ਸਿੰਘ ਓਸਾਹਨ, ਵਰੂਨ ਸ਼ਰਮਾ, ਸਤੀਸ਼ ਗਰਗ, ਨਿਰਭੈ ਸਿੰਘ ਰੰਗੂਵਾਲ, ਪ੍ਰਭਜੋਤ ਸਿੰਘ, ਵਰਿੰਦਰ ਸ਼ਰਮਾ ਵੀ ਮੌਜੂਦ ਰਹੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.