August 17, 2026

Justice News

ਅਵਾਮ ਦੀ ਆਵਾਜ਼

ਜਿਲ੍ਹਾ ਮੋਗਾ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. ਦੀ ਕੋਈ ਕਮੀ ਨਹੀਂ, ਅਫਵਾਹਾਂ ਤੇ ਨਾ ਕਰੋ ਵਿਸ਼ਵਾਸ-ਡਿਪਟੀ ਕਮਿਸ਼ਨਰ


ਮੋਗਾ
  (ਮਨਪ੍ਰੀਤ ਸਿੰਘ/ ਗੁਰਜੀਤ ਸੰਧੂ  )
ਜ਼ਿਲ੍ਹਾ ਮੋਗਾ ਵਿੱਚ ਪੈਟਰੋਲ, ਡੀਜ਼ਲ ਅਤੇ ਘਰੈਲੂ ਐਲ.ਪੀ.ਜੀ. ਗੈਸ ਦਾ ਪੂਰਾ ਅਤੇ ਨਿਯਮਿਤ ਸਟਾਕ ਉਪਲਬਧ ਹੈ ਅਤੇ ਕਿਸੇ ਵੀ ਪੈਟਰੋਲੀਅਮ ਉਤਪਾਦ ਦੀ ਕੋਈ ਕਮੀ ਨਹੀਂ ਹੈ। ਪਿਛਲੇ ਕੁਝ ਦਿਨਾਂ ਦੌਰਾਨ ਸੋਸ਼ਲ ਮੀਡੀਆ ‘ਤੇ ਫੈਲੀਆਂ ਅਫਵਾਹਾਂ ਕਾਰਨ ਮੰਗ ਵਿੱਚ ਅਚਾਨਕ ਵਾਧਾ ਦੇਖਣ ਨੂੰ ਮਿਲਿਆ ਸੀ, ਪਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਤੇਲ ਕੰਪਨੀਆਂ ਨਾਲ ਤਾਲਮੇਲ ਕਰਕੇ ਲੋਕਾਂ ਦੀ ਮੰਗ ਅਨੁਸਾਰ ਪੈਟਰੋਲ ਅਤੇ ਡੀਜ਼ਲ ਦੀ ਪੂਰੀ ਸਪਲਾਈ ਯਕੀਨੀ ਬਣਾਈ ਗਈ ਹੈ। ਇਸ ਸਮੇਂ ਜ਼ਿਲ੍ਹੇ ਦੇ ਕਿਸੇ ਵੀ ਪੈਟਰੋਲ ਪੰਪ ‘ਤੇ ਕੋਈ ਭੀੜ ਜਾਂ ਲਾਈਨ ਨਹੀਂ ਹੈ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਜ਼ਿਲ੍ਹਾ ਅਫਵਾਹਾਂ ‘ਤੇ ਵਿਸ਼ਵਾਸ ਨਾ ਕਰਨ ਅਤੇ ਕੇਵਲ ਭਰੋਸੇਯੋਗ ਸਰਕਾਰੀ ਜਾਣਕਾਰੀ ‘ਤੇ ਹੀ ਨਿਰਭਰ ਰਹਿਣ। ਜੇਕਰ ਕੋਈ ਵਿਅਕਤੀ ਗਲਤ ਜਾਣਕਾਰੀ ਫੈਲਾਉਂਦਾ ਜਾਂ ਅਫਵਾਹਾਂ ਪੈਦਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਸਖਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਪੈਟਰੋਲ ਪੰਪ ਡੀਲਰਾਂ ਨੂੰ ਵੀ ਹੁਕਮ ਦਿੱਤੇ ਹਨ ਕਿ ਤੇਲ ਦੀ ਜਮ੍ਹਾਂਖੋਰੀ ਨੂੰ ਰੋਕਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ। ਕਿਸੇ ਵੀ ਵਿਅਕਤੀ ਨੂੰ ਲੋੜ ਤੋਂ ਵੱਧ ਤੇਲ ਜਾਰੀ ਨਾ ਕੀਤਾ ਜਾਵੇ ਅਤੇ ਕੇਵਲ ਵਾਹਨਾਂ ਵਿੱਚ ਹੀ ਪੈਟਰੋਲ ਭਰਿਆ ਜਾਵੇ। ਕਿਸੇ ਵੀ ਕਿਸਮ ਦੇ ਕੰਟੇਨਰ, ਬੋਤਲਾਂ ਜਾਂ ਡਰੰਮਾਂ ਵਿੱਚ ਪੈਟਰੋਲ ਜਾਰੀ ਕਰਨ ‘ਤੇ ਪਾਬੰਦੀ ਰਹੇਗੀ।
ਡਿਪਟੀ ਕਮਿਸ਼ਨਰ ਨੇ ਘਰੈਲੂ ਗੈਸ ਖਪਤਕਾਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਘਰਾਂ ਵਿੱਚ ਵਾਧੂ ਸਿਲੰਡਰ ਇਕੱਠੇ ਨਾ ਕਰਨ ਅਤੇ ਸਿਰਫ਼ ਲੋੜ ਅਨੁਸਾਰ ਹੀ ਗੈਸ ਦੀ ਬੁਕਿੰਗ ਕਰਵਾਉਣ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਗੈਸ ਦੀ ਜਮ੍ਹਾਂਖੋਰੀ ਅਤੇ ਕਾਲਾਬਾਜ਼ਾਰੀ ਨੂੰ ਰੋਕਣ ਲਈ ਚੈਕਿੰਗ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ ਅਤੇ ਸੰਬੰਧਿਤ ਅਧਿਕਾਰੀਆਂ ਦੀ ਡਿਊਟੀ ਲਗਾਈ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਵਿੱਚ ਵਪਾਰਿਕ ਐਲ.ਪੀ.ਜੀ. ਗੈਸ ਸਿਲੰਡਰਾਂ ਦੀ ਸਪਲਾਈ ਵੀ ਸੁਚਾਰੂ ਢੰਗ ਨਾਲ ਜਾਰੀ ਹੈ।
ਅੰਤ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸੋਸ਼ਲ ਮੀਡੀਆ ‘ਤੇ ਫੈਲ ਰਹੀਆਂ ਗਲਤ ਅਫਵਾਹਾਂ ਕਾਰਨ ਘਬਰਾਹਟ ਵਿੱਚ ਆ ਕੇ ਪੈਟਰੋਲ, ਡੀਜ਼ਲ ਜਾਂ ਗੈਸ ਖਰੀਦਣ ਲਈ ਲਾਈਨਾਂ ਨਾ ਲਗਾਈਆਂ ਜਾਣ। ਸਰਕਾਰ ਵੱਲੋਂ ਪੈਟਰੋਲੀਅਮ ਉਤਪਾਦਾਂ ਦੀ ਸਪਲਾਈ ਨਿਰੰਤਰ ਅਤੇ ਬਿਨਾ ਰੁਕਾਵਟ ਜਾਰੀ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.