August 17, 2026

Justice News

ਅਵਾਮ ਦੀ ਆਵਾਜ਼

ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਲੁਧਿਆਣਾ

(ਜਸਟਿਸ ਨਿਊਜ਼    )

– ਡੇਅਰੀ ਵਿਕਾਸ ਵਿਭਾਗ ਵਲੋਂ ਚਲਾਏ ਜਾ ਰਹੇ 2 ਹਫਤੇ ਦੀ ਡੇਅਰੀ ਸਿਖਲਾਈ ਕੋਰਸ ਦੇ ਸਮਾਪਤ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ, ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।

ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਵਰਿਆਮ ਸਿੰਘ ਗਿੱਲ ਦੀ ਯੋਗ ਅਗਵਾਈ ਹੇਠ ਵਿਭਾਗ ਵਲੋਂ ਸਿਖਿਆਰਥੀਆਂ ਲਈ ਚਲਾਏ ਜਾ ਰਹੇ 2 ਹਫਤੇ ਦੇ ਡੇਅਰੀ ਸਿਖਲਾਈ ਕੋਰਸ ਦਾ ਸਮਾਪਨ 28 ਮਾਰਚ 2026 ਨੂੰ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਕੋਰਸ ਮੁਕੰਮਲ ਹੋਣ ਤੋਂ ਬਾਅਦ ਸਿਖਿਆਰਥੀਆਂ ਨੂੰ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਬੀਜਾ ਵਿਖੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ।

ਇਸ ਮੌਕੇ ਉਨ੍ਹਾਂ ਭਾਗ ਲੈਣ ਵਾਲੇ ਸਿਖਿਆਰਥੀਆਂ ਨੂੰ ਵਿਭਾਗੀ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਜਨਰਲ ਜਾਤੀ ਨੂੰ 25 ਪ੍ਰਤੀਸਤ ਅਤੇ ਅਨੁਸੂਚਿਤ ਜਾਤੀ ਦੇ ਸਿਖਿਆਰਥੀ ਨੂੰ 33 ਪ੍ਰਤੀਸਤ ਸਬਸਿਡੀ ਦਿਵਾਈ ਜਾਵੇਗੀ। ਉਨ੍ਹਾਂ ਇਲਾਕੇ ਦੇ ਬੇਰੋਜਗਾਰ ਮੁੰਡੇ-ਕੁੜੀਆਂ ਨੂੰ ਵੀ ਡੇਅਰੀ ਵਿਕਾਸ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

ਸੀਨੀਅਰ ਕਾਰਜਕਾਰੀ ਅਫਸਰ-ਕਮ-ਇੰਚਾਰਜ ਡੇਅਰੀ ਸਿਖਲਾਈ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਜਾਗਰੂਕ ਕਰਨ ਲਈ ਵਿਭਾਗ ਵਲੋਂ ਸ਼ਹਿਰਾਂ ਵਿੱਚ ਮੋਬਾਇਲ ਵੈਨ ਰਾਹੀ ਕੈਂਪ ਵੀ ਲਗਾਏ ਜਾ ਰਹੇ ਹਨ।

ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81461-00543 ਜਾਂ 01628-299322 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਹਰਵਿੰਦਰ ਸਿੰਘ ਕਲਰਕ, ਹਰਿੰਦਰ ਸਿੰਘ ਸਟੈਨੋ-ਟਾਈਪਿਸਟ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.