August 17, 2026

Justice News

ਅਵਾਮ ਦੀ ਆਵਾਜ਼

ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਖਾਦਾਂ ਦੀ ਕਾਲਾਬਾਜ਼ਾਰੀ ਰੋਕਣ ਲਈ ਜ਼ਿਲ੍ਹਾ ਪੱਧਰੀ ਟਾਸਕ ਫੋਰਸ ਦਾ ਗਠਨ

ਕਪੂਰਥਲਾ,
: (ਜਸਟਿਸ ਨਿਊਜ਼)
ਸਾਉਣੀ (ਖਰੀਫ) 2026 ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਖਾਦਾਂ ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਅਤੇ ਇਸ ਦੀ ਦੁਰਵਰਤੋਂ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵਲੋਂ ਜ਼ਿਲ੍ਹੇ ਵਿੱਚ ਇੱਕ ਵਿਸ਼ੇਸ਼ ‘ਜ਼ਿਲ੍ਹਾ ਪੱਧਰੀ ਟਾਸਕ ਫੋਰਸ’ ਦਾ ਗਠਨ ਕੀਤਾ ਗਿਆ ਹੈ।
ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਬਣਾਈ ਗਈ ਇਸ ਟਾਸਕ ਫੋਰਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਪੂਰਥਲਾ ਕਰਨਗੇ, ਜਦਕਿ ਐਸ.ਪੀ. ਕਪੂਰਥਲਾ, ਮੁੱਖ ਖੇਤੀਬਾੜੀ ਅਫ਼ਸਰ (ਕਨਵੀਨਰ), ਖੇਤੀਬਾੜੀ ਅਫ਼ਸਰ (ਹੈੱਡਕੁਆਰਟਰ) ਅਤੇ ਖੇਤੀਬਾੜੀ ਵਿਕਾਸ ਅਫ਼ਸਰ ਨਡਾਲਾ ਨੂੰ ਇਸ ਦੇ ਮੈਂਬਰ ਵਜੋਂ ਸ਼ਾਮਲ ਕੀਤਾ ਗਿਆ ਹੈ।
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦੱਸਿਆ ਕਿ ਇਹ ਟਾਸਕ ਫੋਰਸ ਖਾਦਾਂ ਦੀ ਵਿਕਰੀ ‘ਤੇ ‘ਆਈ.ਐਫ.ਐਮ.ਐਸ.’ ਪ੍ਰਣਾਲੀ ਰਾਹੀਂ ਤਿੱਖੀ ਨਜ਼ਰ ਰੱਖੇਗੀ ਅਤੇ ਕਿਸੇ ਵੀ ਤਰ੍ਹਾਂ ਦੀ ਅਸਧਾਰਨ ਵਿਕਰੀ ਦੀ ਜਾਂਚ ਕਰੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਖਾਦਾਂ ਦੀ ਜਮ੍ਹਾਂਖੋਰੀ, ਕਾਲਾਬਾਜ਼ਾਰੀ ਜਾਂ ਖੇਤੀਬਾੜੀ ਤੋਂ ਇਲਾਵਾ ਕਿਸੇ ਹੋਰ ਕੰਮ ਲਈ ਵਰਤੋਂ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਟੀਮਾਂ ਵੱਲੋਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਜ਼ਿਲ੍ਹੇ ਵਿਚ ਖਾਦਾਂ ਦੀ ਨਿਯਮਤ ਸਪਲਾਈ ਉਪਲਬਧ ਹੈ ਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਜਾਂ ਪੀਏਯੂ ਦੇ ਮਾਹਿਰਾਂ ਅਨੁਸਾਰ ਹੀ ਖਾਦਾਂ ਦੀ ਵਰਤੋਂ ਯਕੀਨੀ ਬਣਾਈ ਜਾਵੇ। ਟਾਸਕ ਫੋਰਸ ਇਹ ਯਕੀਨੀ ਬਣਾਏਗੀ ਕਿ ਕਿਸਾਨਾਂ ਨੂੰ ਸਹੀ ਸਮੇਂ ਅਤੇ ਸਹੀ ਸਥਾਨ ‘ਤੇ ਖਾਦ ਉਪਲਬਧ ਹੋਵੇ।
ਇਸ ਦੇ ਨਾਲ ਹੀ ਕਿਸਾਨਾਂ ਨੂੰ ਸੋਇਲ ਹੈਲਥ ਕਾਰਡ ਅਨੁਸਾਰ ਸੰਤੁਲਿਤ ਖਾਦਾਂ ਦੀ ਵਰਤੋਂ ਕਰਨ ਅਤੇ ਵਿਕਲਪਿਕ ਖਾਦਾਂ ਜਿਵੇਂ ਕਿ ਐਨ.ਪੀ.ਕੇ. , ਐਸ.ਐਸ.ਪੀ. ਅਤੇ ਜੈਵਿਕ ਖਾਦਾਂ ਨੂੰ ਅਪਣਾਉਣ ਲਈ ਪ੍ਰੇਰਿਤ ਕਰਨ ਵਾਸਤੇ ਜਾਗਰੂਕਤਾ ਮੁਹਿੰਮਾਂ ਵੀ ਚਲਾਈਆਂ ਜਾਣਗੀਆਂ।
 ਉਨ੍ਹਾਂ ਦੱਸਿਆ ਕਿ ਇਹ ਟਾਸਕ ਫੋਰਸ ਖਰੀਫ ਸੀਜ਼ਨ ਦੌਰਾਨ ਨਿਯਮਤ ਮੀਟਿੰਗਾਂ ਕਰੇਗੀ ਅਤੇ ਹਰ 15 ਦਿਨਾਂ ਬਾਅਦ ਆਪਣੀ ਰਿਪੋਰਟ ਡਿਪਟੀ ਕਮਿਸ਼ਨਰ ਦਫ਼ਤਰ ਨੂੰ ਸੌਂਪੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.