September 2, 2026

Justice News

ਅਵਾਮ ਦੀ ਆਵਾਜ਼

ਪੰਜਾਬ ਦੇ ਸੈਂਸਸ ਅਪਰੇਸ਼ਨਜ਼ ਦੇ ਡਾਇਰੈਕਟਰ ਨੇ ਬਠਿੰਡਾ ਵਿੱਚ ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਦੀ ਪ੍ਰਗਤੀ ਦਾ ਜਾਇਜ਼ਾ ਲਿਆ

ਬਠਿੰਡਾ

( ਜਸਟਿਸ ਨਿਊਜ਼ )

ਜ਼ਿਲ੍ਹਾ ਬਠਿੰਡਾ ਵਿੱਚ ਮਰਦਮਸ਼ੁਮਾਰੀ 2027: ਪਹਿਲਾ ਪੜਾਅ – ਹਾਊਸਲਿਸਟਿੰਗ ਅਤੇ ਹਾਊਸਿੰਗ ਅਪਰੇਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਸੈਂਸਸ ਅਪਰੇਸ਼ਨਜ਼ ਦੇ ਡਾਇਰੈਕਟਰ ਡਾ. ਨਵਜੋਤ ਖੋਸਾ ਆਈਏਐੱਸ ਦੀ ਪ੍ਰਧਾਨਗੀ ਹੇਠ ਸਮੀਖਿਆ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਰਾਜੇਸ਼ ਧੀਮਾਨ ਆਈਏਐੱਸ ਅਤੇ ਨਗਰ ਨਿਗਮ ਕਮਿਸ਼ਨਰ ਬਠਿੰਡਾ ਲਵਜੀਤ ਕਲਸੀ ਪੀਸੀਐੱਸ ਵੀ ਮੌਜੂਦ ਸਨ। ਇਸ ਮੀਟਿੰਗ ਵਿੱਚ ਸਬੰਧਤ ਅਧਿਕਾਰੀਆਂ, ਚਾਰਜ ਅਫ਼ਸਰਾਂ ਅਤੇ ਮਰਦਮਸ਼ੁਮਾਰੀ ਦੇ ਕੰਮ ਨਾਲ ਜੁੜੇ ਕਰਮਚਾਰੀਆਂ ਨੇ ਹਿੱਸਾ ਲਿਆ।ਸਮੀਖਿਆ ਦੌਰਾਨ, ਡਾਇਰੈਕਟਰ ਨੇ ਜ਼ਿਲ੍ਹੇ ਭਰ ਵਿੱਚ ਮਰਦਮਸ਼ੁਮਾਰੀ ਦੀਆਂ ਗਤੀਵਿਧੀਆਂ ਵਿੱਚ ਲੱਗੇ 2,530 ਐਨਿਊਮਿਰੇਟਰਾਂ ਅਤੇ 420 ਸੁਪਰਵਾਈਜ਼ਰਾਂ ਵੱਲੋਂ ਕੀਤੀ ਗਈ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਪਹਿਲੇ ਪੜਾਅ ਦੇ ਮਰਦਮਸ਼ੁਮਾਰੀ ਅਪਰੇਸ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਲਈ ਚਾਰਜ ਅਫਸਰਾਂ ਅਤੇ ਫੀਲਡ ਸਟਾਫ਼ ਦੀਆਂ ਸੁਹਿਰਦ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

ਸਾਰੇ ਸੌਂਪੇ ਗਏ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਮਹੱਤਤਾ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਕਿ ਮਰਦਮਸ਼ੁਮਾਰੀ ਦੀਆਂ ਰਹਿੰਦੀਆਂ ਗਤੀਵਿਧੀਆਂ ਜੂਨ 2026 ਦੇ ਦੂਜੇ ਹਫ਼ਤੇ ਤੋਂ ਪਹਿਲਾਂ ਮੁਕੰਮਲ ਕਰ ਲਈਆਂ ਜਾਣ। ਉਨ੍ਹਾਂ ਨੇ ਮਿੱਥੇ ਸਮੇਂ ਦੇ ਅੰਦਰ ਟੀਚੇ ਪੂਰੇ ਕਰਨ ਲਈ ਸਾਰਿਆਂ ਵਿਚਾਲੇ ਨਿਗਰਾਨੀ ਅਤੇ ਪ੍ਰਭਾਵਸ਼ਾਲੀ ਤਾਲਮੇਲ ਦੀ ਲੋੜ ’ਤੇ ਵੀ ਜ਼ੋਰ ਦਿੱਤਾ।ਬਠਿੰਡਾ ਜ਼ਿਲ੍ਹੇ ਵਿੱਚ ਚੱਲ ਰਹੇ ਮਰਦਮਸ਼ੁਮਾਰੀ ਦੇ ਕੰਮ ਦੀ ਰਫ਼ਤਾਰ ਅਤੇ ਮਿਆਰ ’ਤੇ ਤਸੱਲੀ ਪ੍ਰਗਟਾਉਂਦਿਆਂ ਡਾਇਰੈਕਟਰ ਨੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਮਰਦਮਸ਼ੁਮਾਰੀ ਕਰਮਚਾਰੀਆਂ ਦੀ ਵਚਨਬੱਧਤਾ ਅਤੇ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਉਨ੍ਹਾਂ ਨੇ ਭਰੋਸਾ ਪ੍ਰਗਟਾਇਆ ਕਿ ਜ਼ਿਲ੍ਹਾ ਮਰਦਮਸ਼ੁਮਾਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਨੂੰ ਮਿੱਥੇ ਸਮੇਂ ਮੁਤਾਬਕ ਸਫ਼ਲਤਾਪੂਰਵਕ ਮੁਕੰਮਲ ਕਰ ਲਵੇਗਾ।ਡਾਇਰੈਕਟਰ ਸੈਂਸਸ ਅਪਰੇਸ਼ਨਜ਼ ਨੇ ਜ਼ਮੀਨੀ ਪੱਧਰ ’ਤੇ ਮਰਦਮਸ਼ੁਮਾਰੀ ਦੇ ਕੰਮ ਦੇ ਮਿਆਰ ਦਾ ਜਾਇਜ਼ਾ ਲੈਣ ਲਈ ਫੀਲਡ ਦਾ ਨਿਰੀਖਣ ਵੀ ਕੀਤਾ। ਉਨ੍ਹਾਂ ਨੇ ਪ੍ਰਿੰਸੀਪਲ ਸੈਂਸਸ ਅਫ਼ਸਰਾਂ ਨੂੰ ਲਗਾਤਾਰ ਨਿਗਰਾਨੀ ਅਤੇ ਨਿਯਮਤ ਅਚਨਚੇਤ ਚੈਕਿੰਗ ਰਾਹੀਂ ਡੇਟਾ ਇਕੱਠਾ ਕਰਨ ਵਿੱਚ ਸੰਪੂਰਨਤਾ, ਸ਼ੁੱਧਤਾ ਅਤੇ ਕੁਆਲਿਟੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।

ਜ਼ਿਲ੍ਹੇ ਵਿੱਚ ਚੱਲ ਰਹੀ ਲੂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ, ਫੀਲਡ ਗਤੀਵਿਧੀਆਂ ਵਿੱਚ ਲੱਗੇ ਸਾਰੇ ਐਨਿਊਮਿਰੇਟਰਾਂ ਅਤੇ ਸੁਪਰਵਾਈਜ਼ਰਾਂ ਨੂੰ ਆਪਣੀ ਸਿਹਤ ਅਤੇ ਤੰਦਰੁਸਤੀ ਲਈ ਲੋੜੀਂਦੀਆਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ। ਫੀਲਡ ਸਟਾਫ਼ ਨੂੰ ਸਲਾਹ ਦਿੱਤੀ ਗਈ ਕਿ ਉਹ ਸਿੱਧੀ ਧੁੱਪ ਵਿੱਚ ਜ਼ਿਆਦਾ ਦੇਰ ਰਹਿਣ ਤੋਂ ਬਚਣ, ਪੂਰੀ ਮਾਤਰਾ ਵਿੱਚ ਪਾਣੀ ਪੀਂਦੇ ਰਹਿਣ, ਹਲਕੇ ਰੰਗ ਦੇ ਅਤੇ ਖੁੱਲ੍ਹੇ ਕੱਪੜੇ ਪਹਿਨਣ, ਬਾਹਰ ਨਿਕਲਣ ਵੇਲੇ ਟੋਪੀ ਜਾਂ ਛੱਤਰੀ ਦੀ ਵਰਤੋਂ ਕਰਨ ਅਤੇ ਫੀਲਡ ਡਿਊਟੀਆਂ ਨਿਭਾਉਂਦੇ ਸਮੇਂ ਛਾਂਦਾਰ ਜਾਂ ਠੰਢੀਆਂ ਥਾਵਾਂ ’ਤੇ ਨਿਯਮਤ ਬ੍ਰੇਕ ਲੈਣ। ਉਨ੍ਹਾਂ ਨੂੰ ਗਰਮੀ ਨਾਲ ਸਬੰਧਤ ਬਿਮਾਰੀਆਂ ਦੇ ਲੱਛਣਾਂ ਜਿਵੇਂ ਕਿ ਚੱਕਰ ਆਉਣਾ, ਜ਼ਿਆਦਾ ਥਕਾਵਟ, ਸਿਰਦਰਦ ਜਾਂ ਡੀਹਾਈਡ੍ਰੇਸ਼ਨ (ਪਾਣੀ ਦੀ ਘਾਟ) ਪ੍ਰਤੀ ਸੁਚੇਤ ਰਹਿਣ ਅਤੇ ਲੋੜ ਪੈਣ ਉੱਤੇ ਤੁਰੰਤ ਡਾਕਟਰੀ ਸਹਾਇਤਾ ਲੈਣ ਦੀ ਵੀ ਸਲਾਹ ਦਿੱਤੀ ਗਈ।

ਬਠਿੰਡਾ ਦੇ ਡਿਪਟੀ ਕਮਿਸ਼ਨਰ ਨੇ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਬਠਿੰਡਾ ਵਿੱਚ ਮਰਦਮਸ਼ੁਮਾਰੀ ਨਾਲ ਸਬੰਧਤ ਸਾਰੀਆਂ ਗਤੀਵਿਧੀਆਂ ਮਿੱਥੇ ਸਮੇਂ ਦੇ ਅੰਦਰ ਹੀ ਮੁਕੰਮਲ ਕਰ ਲਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪੰਜਾਬ ਵਿੱਚ ਮਰਦਮਸ਼ੁਮਾਰੀ 2027: ਪਹਿਲਾ ਪੜਾਅ – ਹਾਊਸਲਿਸਟਿੰਗ ਅਤੇ ਹਾਊਸਿੰਗ ਅਪਰੇਸ਼ਨ 15 ਮਈ 2026 ਤੋਂ 13 ਜੂਨ 2026 ਤੱਕ ਕਰਵਾਇਆ ਜਾ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਸ ਕੰਮ ਨੂੰ ਸਫ਼ਲਤਾਪੂਰਵਕ ਅਤੇ ਸਮੇਂ ਸਿਰ ਨੇਪਰੇ ਚਾੜ੍ਹਨ ਲਈ ਸਾਰੇ ਲੋੜੀਂਦੇ ਯਤਨ ਕਰ ਰਿਹਾ ਹੈ।ਸਹੀ ਅਤੇ ਭਰੋਸੇਯੋਗ ਡੇਟਾ ਇਕੱਠਾ ਕਰਨ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਨਿਰਧਾਰਿਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸੁਚਾਰੂ ਢੰਗ ਨਾਲ ਮਰਦਮਸ਼ੁਮਾਰੀ ਅਪਰੇਸ਼ਨ ਕਰਵਾਉਣ ਲਈ ਵਚਨਬੱਧ ਹੈ।
ਮੀਟਿੰਗ ਦੀ ਸਮਾਪਤੀ ਮਰਦਮਸ਼ੁਮਾਰੀ ਦੇ ਰਹਿੰਦੇ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੀ ਰੂਪ-ਰੇਖਾ ’ਤੇ ਵਿਸਥਾਰਪੂਰਵਕ ਚਰਚਾ ਨਾਲ ਹੋਈ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.