October 2, 2026

Justice News

ਅਵਾਮ ਦੀ ਆਵਾਜ਼

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਦੀਆਂ ਤਿਆਰੀਆਂ ਮੁਕੰਮਲ; ਡਿਪਟੀ ਕਮਿਸ਼ਨਰ ਵੱਲੋਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ 

ਕਪੂਰਥਲਾ
:(ਜਸਟਿਸ ਨਿਊਜ਼)
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁਰੂ ਨਾਨਕ ਸਟੇਡੀਅਮ ਵਿਖੇ ਕੱਲ੍ਹ 7 ਜੂਨ ਨੂੰ ਕਰਵਾਏ ਜਾ ਰਹੇ ਕੀਰਤਨ ਸਮਾਗਮ ਦੀਆਂ ਤਿਆਰੀਆਂ ਨੂੰ ਅੱਜ ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਵੱਲੋਂ ਅੰਤਿਮ ਛੋਹਾਂ ਦਿੱਤੀਆਂ ਗਈਆਂ।
ਇਸ ਸਬੰਧੀ ਅੱਜ ਗੁਰੂ ਨਾਨਕ ਸਟੇਡੀਅਮ ਵਿਖੇ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ  ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਦਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਕੀਰਤਨ ਸਮਾਗਮ 7 ਜੂਨ 2026, ਦਿਨ ਐਤਵਾਰ ਨੂੰ ਸ਼ਾਮ 5:00 ਵਜੇ ਤੋਂ ਰਾਤ 8:00 ਵਜੇ ਤੱਕ ਗੁਰੂ ਨਾਨਕ ਸਟੇਡੀਅਮ, ਕਪੂਰਥਲਾ ਵਿਖੇ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ।
 ਉਨ੍ਹਾਂ ਦੱਸਿਆ ਕਿ ਸਮਾਗਮ ਵਾਲੀ ਥਾਂ ‘ਤੇ ਸੰਗਤਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ਼ ਪਾਣੀ, ਬੈਠਣ ਦੇ ਪ੍ਰਬੰਧ, ਪਾਰਕਿੰਗ, ਸੁਰੱਖਿਆ ਅਤੇ ਸਾਫ਼-ਸਫ਼ਾਈ ਦੇ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਗਏ ਹਨ ਤਾਂ ਜੋ ਆਉਣ ਵਾਲੀਆਂ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਡਿਪਟੀ ਕਮਿਸ਼ਨਰ ਨੇ ਸਮਾਗਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਪ੍ਰੋਗਰਾਮ ਦੀ ਸ਼ੁਰੂਆਤ ਸ਼ਾਮ 05:00 ਵਜੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਨਾਲ ਹੋਵੇਗੀ। ਇਸ ਤੋਂ ਉਪਰੰਤ, ਸ਼ਾਮ 05:00 ਤੋਂ 06:00 ਵਜੇ ਤੱਕ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਸ਼ਾਮ 06:00 ਤੋਂ 07:00 ਵਜੇ ਤੱਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਸ਼ਾਮ 07:00 ਤੋਂ ਰਾਤ 08:00 ਵਜੇ ਤੱਕ ਭਾਈ ਦਵਿੰਦਰ ਸਿੰਘ ਸੋਢੀ ਰਾਗੀ (ਲੁਧਿਆਣੇ ਵਾਲੇ) ਰੱਬਾਨੀ ਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ।
ਡਿਪਟੀ ਕਮਿਸ਼ਨਰ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਕੀਰਤਨ ਸਮਾਗਮ ਵਿੱਚ ਆਪਣੇ ਪਰਿਵਾਰਾਂ ਸਮੇਤ ਵੱਧ ਤੋਂ ਵੱਧ ਸ਼ਮੂਲੀਅਤ ਕਰ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼ੀਖਾ ਭਗਤ, ਐਸ ਡੀ ਐਮ ਮੇਜਰ ਡਾ. ਇਰਵਿਨ ਕੌਰ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਹਾਜ਼ਰ ਸਨ।
ਕਿਸੇ ਵੀ ਤਰ੍ਹਾਂ ਦੀ ਮਦਦ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਹੈਲਪਲਾਈਨ ਨੰਬਰ 01822-233777 ’ਤੇ ਸੰਪਰਕ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.