August 17, 2026

Justice News

ਅਵਾਮ ਦੀ ਆਵਾਜ਼

ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ

ਖੰਨਾ, ਲੁਧਿਆਣਾ,
:(ਜਸਟਿਸ ਨਿਊਜ਼)
ਖੰਨਾ ਵਿੱਚ ਆਮ ਆਦਮੀ ਕਲੀਨਿਕਾਂ ਨੂੰ ਲੈ ਕੇ ਕਾਂਗਰਸ ਵੱਲੋਂ ਕੀਤੇ ਜਾ ਰਹੇ ਝੂਠੇ ਦਾਵਿਆਂ ਦਾ ਪੰਜਾਬ ਦੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ੁੱਕਰਵਾਰ ਨੂੰ ਕਰਾਰਾ ਜਵਾਬ ਦਿੱਤਾ। ਮੰਤਰੀ ਸੌਂਦ ਖੁਦ ਖੰਨਾ ਦੇ ਵੱਖ-ਵੱਖ ਆਮ ਆਦਮੀ ਕਲੀਨਿਕਾਂ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਨੇ ਪ੍ਰਬੰਧਾਂ ਦਾ ਜਾਇਜ਼ਾ ਲਿਆ, ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਆਪਣੇ ਪੂਰੇ ਦੌਰੇ ਦਾ ਸੋਸ਼ਲ ਮੀਡੀਆ ‘ਤੇ ਲਾਈਵ ਪ੍ਰਸਾਰਣ ਕੀਤਾ। ਇਸ ਦੌਰਾਨ ਉਨ੍ਹਾਂ ਕਾਂਗਰਸ ਵੱਲੋਂ ਲਗਾਏ ਜਾ ਰਹੇ ਦੋਸ਼ਾਂ ਨੂੰ ਝੂਠਾ ਅਤੇ ਬੇਬੁਨਿਆਦ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਵੱਲੋਂ ਫੈਲਾਏ ਜਾ ਰਹੇ ਝੂਠ ਦੀ ਸੱਚਾਈ ਲੋਕਾਂ ਸਾਹਮਣੇ ਲਿਆਉਣਾ ਜ਼ਰੂਰੀ ਸੀ ਅਤੇ ਅੱਜ ਲੋਕਾਂ ਨੇ ਖੁਦ ਦੇਖ ਲਿਆ ਹੈ ਕਿ ਕਲੀਨਿਕ ਪੂਰੀ ਤਰ੍ਹਾਂ ਚੱਲ ਰਹੇ ਹਨ ਅਤੇ ਮਰੀਜ਼ਾਂ ਨੂੰ ਨਿਯਮਿਤ ਸਿਹਤ ਸੇਵਾਵਾਂ ਮਿਲ ਰਹੀਆਂ ਹਨ।
ਗੌਰਤਲਬ ਹੈ ਕਿ ਹਾਲ ਹੀ ਵਿੱਚ ਖੰਨਾ ਕਾਂਗਰਸ ਦੇ ਸੋਸ਼ਲ ਮੀਡੀਆ ਪੇਜ ‘ਤੇ ਇੱਕ ਵੀਡੀਓ ਵਾਇਰਲ ਕੀਤੀ ਗਈ ਸੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਇਲਾਕੇ ਦੇ ਆਮ ਆਦਮੀ ਕਲੀਨਿਕ ਬੰਦ ਹਨ ਅਤੇ ਲੋਕਾਂ ਨੂੰ ਸਿਹਤ ਸਹੂਲਤਾਂ ਨਹੀਂ ਮਿਲ ਰਹੀਆਂ। ਇਸ ਵੀਡੀਓ ਤੋਂ ਬਾਅਦ ਕੈਬਨਿਟ ਮੰਤਰੀ ਸੌਂਦ ਖੁਦ ਮੈਦਾਨ ਵਿੱਚ ਉਤਰੇ ਅਤੇ ਕਾਂਗਰਸ ਦੇ ਝੂਠੇ ਦਾਅਵਿਆਂ ਦੀ ਹਕੀਕਤ ਲੋਕਾਂ ਸਾਹਮਣੇ ਰੱਖੀ।
ਦੌਰੇ ਦੌਰਾਨ ਮੰਤਰੀ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਿਹਤ ਸੇਵਾਵਾਂ ਨੂੰ ਲੋਕਾਂ ਦੇ ਘਰਾਂ ਤੱਕ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਆਮ ਆਦਮੀ ਕਲੀਨਿਕ ਅੱਜ ਲੱਖਾਂ ਪਰਿਵਾਰਾਂ ਲਈ ਰਾਹਤ ਦਾ ਕੇਂਦਰ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਲੋਕਾਂ ਨੂੰ ਦੱਸਣ ਲਈ ਕੋਈ ਪ੍ਰਾਪਤੀ ਨਹੀਂ ਹੈ, ਇਸ ਲਈ ਉਹ ਝੂਠੀਆਂ ਅਤੇ ਗੁੰਮਰਾਹਕੁੰਨ ਵੀਡੀਓਜ਼ ਬਣਾ ਕੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਮੰਤਰੀ ਸੌਂਦ ਨੇ ਮਰੀਜ਼ਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਕਿਹਾ ਕਿ ਜੇਕਰ ਕਲੀਨਿਕ ਬੰਦ ਹੁੰਦੇ ਤਾਂ ਇੱਥੇ ਮਰੀਜ਼ ਇਲਾਜ ਕਰਵਾਉਣ ਲਈ ਕਿਉਂ ਆਉਂਦੇ? ਉਨ੍ਹਾਂ ਕਿਹਾ ਕਿ ਸੱਚਾਈ ਇਹ ਹੈ ਕਿ ਹਰ ਰੋਜ਼ ਵੱਡੀ ਗਿਣਤੀ ਵਿੱਚ ਲੋਕ ਇਨ੍ਹਾਂ ਕਲੀਨਿਕਾਂ ਤੋਂ ਮੁਫ਼ਤ ਇਲਾਜ, ਮੁਫ਼ਤ ਦਵਾਈਆਂ ਅਤੇ ਮੁਫ਼ਤ ਜਾਂਚਾਂ ਦਾ ਲਾਭ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਝੂਠ ਦੀ ਪੋਲ ਇੱਥੇ ਮੌਜੂਦ ਮਰੀਜ਼ਾਂ ਅਤੇ ਸਿਹਤ ਕਰਮਚਾਰੀਆਂ ਨੇ ਹੀ ਖੋਲ੍ਹ ਦਿੱਤੀ ਹੈ।
ਨਿਰੀਖਣ ਦੌਰਾਨ ਮੰਤਰੀ ਨੇ ਦਵਾਈਆਂ ਦੇ ਸਟੋਰਾਂ ਦਾ ਵੀ ਜਾਇਜ਼ਾ ਲਿਆ ਅਤੇ ਉਪਲਬਧ ਦਵਾਈਆਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿੱਚ 100 ਤੋਂ ਵੱਧ ਲੋੜੀਂਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਕਈ ਤਰ੍ਹਾਂ ਦੇ ਮੈਡੀਕਲ ਟੈਸਟ ਵੀ ਬਿਨਾਂ ਕਿਸੇ ਖਰਚੇ ਦੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅੱਜ ਗਰੀਬ ਅਤੇ ਮੱਧ ਵਰਗ ਦੇ ਪਰਿਵਾਰਾਂ ਨੂੰ ਬਿਨਾਂ ਆਰਥਿਕ ਬੋਝ ਦੇ ਵਧੀਆ ਸਿਹਤ ਸਹੂਲਤਾਂ ਮਿਲ ਰਹੀਆਂ ਹਨ।
ਮੰਤਰੀ ਸੌਂਦ ਨੇ ਖੰਨਾ ਦੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਦੀ ਵਿਸ਼ੇਸ਼ ਤੌਰ ‘ਤੇ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਹਤ ਵਿਭਾਗ ਦੀ ਟੀਮ ਸ਼ਾਨਦਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਡਾ. ਮਨਿੰਦਰ ਸਿੰਘ ਭਸੀਨ ਅਤੇ ਉਨ੍ਹਾਂ ਦਾ ਸਟਾਫ਼ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰ ਰਿਹਾ ਹੈ, ਜਿਸ ਕਾਰਨ ਆਮ ਆਦਮੀ ਕਲੀਨਿਕਾਂ ਅਤੇ ਸਿਵਲ ਹਸਪਤਾਲ ‘ਤੇ ਲੋਕਾਂ ਦਾ ਭਰੋਸਾ ਲਗਾਤਾਰ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਖੰਨਾ ਅੱਜ ਪੰਜਾਬ ਦੇ ਮੋਹਰੀ ਹਸਪਤਾਲਾਂ ਵਿੱਚ ਸ਼ਾਮਲ ਹੈ, ਜਿਸਦਾ ਵੱਡਾ ਸਿਹਰਾ ਡਾ. ਮਨਿੰਦਰ ਸਿੰਘ ਭਸੀਨ ਦੀ ਕਾਰਗੁਜ਼ਾਰੀ ਨੂੰ ਜਾਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਮਾਨੂਪੁਰ ਦੇ ਐਸ.ਐਮ.ਓ ਡਾ. ਸੁਦੀਪ ਸਿੱਧੂ ਦੀਆਂ ਸੇਵਾਵਾਂ ਦੀ ਵੀ ਪ੍ਰਸ਼ੰਸਾ ਕੀਤੀ।
ਕਾਂਗਰਸ ‘ਤੇ ਨਿਸ਼ਾਨਾ ਸਾਧਦਿਆਂ ਮੰਤਰੀ ਸੌਂਦ ਨੇ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕ-ਹਿਤੈਸ਼ੀ ਨੀਤੀਆਂ ਤੋਂ ਘਬਰਾਈ ਹੋਈ ਹੈ। ਇਸੇ ਲਈ ਏ.ਆਈ ਤਕਨੀਕ ਅਤੇ ਐਡਿਟ ਕੀਤੀਆਂ ਵੀਡੀਓਜ਼ ਰਾਹੀਂ ਝੂਠ ਫੈਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹਨ ਅਤੇ ਅਜਿਹੇ ਸਿਆਸੀ ਹਥਕੰਡਿਆਂ ਨੂੰ ਚੰਗੀ ਤਰ੍ਹਾਂ ਸਮਝਦੇ ਹਨ।
ਮੰਤਰੀ ਸੌਂਦ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਲੋਕਤੰਤਰ ਵਿੱਚ ਆਲੋਚਨਾ ਕਰਨ ਦਾ ਹੱਕ ਹਰ ਕਿਸੇ ਨੂੰ ਹੈ, ਪਰ ਝੂਠੀ ਅਤੇ ਮਨਘੜਤ ਸਮੱਗਰੀ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜੇਕਰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀ ਗੁੰਮਰਾਹਕੁੰਨ ਸਮੱਗਰੀ ਪ੍ਰਸਾਰਿਤ ਕੀਤੀ ਗਈ ਤਾਂ ਆਮ ਆਦਮੀ ਪਾਰਟੀ ਕਾਨੂੰਨੀ ਕਾਰਵਾਈ ਕਰਨ ਤੋਂ ਪਿੱਛੇ ਨਹੀਂ ਹਟੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਧਿਆਨ ਸਿਆਸਤ ਕਰਨ ਦੀ ਬਜਾਏ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ‘ਤੇ ਹੈ। ਆਮ ਆਦਮੀ ਕਲੀਨਿਕਾਂ ਦੀ ਸਫ਼ਲਤਾ ਅਤੇ ਉੱਥੇ ਇਲਾਜ ਲਈ ਪਹੁੰਚ ਰਹੇ ਮਰੀਜ਼ਾਂ ਦੀ ਵੱਡੀ ਗਿਣਤੀ ਇਸ ਗੱਲ ਦਾ ਸਬੂਤ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਿਹਤ ਕ੍ਰਾਂਤੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲ ਰਿਹਾ ਹੈ ਅਤੇ ਵਿਰੋਧੀ ਧਿਰ ਦੇ ਝੂਠੇ ਦਾਅਵੇ ਜ਼ਮੀਨੀ ਹਕੀਕਤ ਸਾਹਮਣੇ ਟਿਕ ਨਹੀਂ ਰਹੇ।
ਇਸ ਮੌਕੇ ਮੰਤਰੀ ਦੇ ਨਾਲ ਖੰਨਾ ਦੇ ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ, ਮਾਨੂਪੁਰ ਦੇ ਐਸ.ਐਮ.ਓ ਡਾ. ਸੁਦੀਪ ਸਿੱਧੂ, ਮੰਤਰੀ ਦੇ ਓ.ਐਸ.ਡੀ ਕਰਨ ਅਰੋੜਾ, ਕੌਂਸਲਰ ਹਰੀਸ਼ ਗੁਪਤਾ, ਕੌਂਸਲਰ ਰਾਜਿੰਦਰ ਸਿੰਘ ਜੀਤ ਅਤੇ ਹੋਰ ਪਾਰਟੀ ਆਗੂ ਵੀ ਮੌਜੂਦ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.