August 17, 2026

Justice News

ਅਵਾਮ ਦੀ ਆਵਾਜ਼

ਨਵੀਆਂ ਵਿਕਸਿਤ ਹੋ ਰਹੀਆਂ 4 ਅਣ-ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ-ਅੰਮ੍ਰਿਤਸਰ ਵਿਕਾਸ ਅਥਾਰਟੀ, ਪੁੱਡਾ ਦੇ ਜਿਲ੍ਹਾ ਨਗਰ ਯੋਜਨਕਾਰ (ਰੈਗੁਲੇਟਰੀ) ਵਿੰਗ ਵੱਲੋਂ ਕੀਤੀ ਗਈ ਕਾਰਵਾਈ

ਅੰਮਿਤਸਰ,
(ਰਣਜੀਤ ਸਿੰਘ ਮਸੌਣ / ਜੋਗਾ ਸਿੰਘ ਰਾਜਪੂਤ)-
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਦਾਲਮ, ਕੁਕੜਾਂਵਾਲਾ ਅਤੇ ਗੱਗੋਮਾਹਲ ਵਿਖੇ ਅਜਨਾਲਾ ਰੋਡ ਉੱਪਰ ਬਣ ਰਹੀਆਂ 4 ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।
ਇਸ ਸਬੰਧੀ ਜਿਲ੍ਹਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪਿੰਡ ਦਾਲਮ, ਕੁਕੜਾਂਵਾਲਾ ਅਤੇ ਗੱਗੋਮਾਹਲ ਵਿਖੇ ਵਿਕਸਿਤ ਕੀਤੀਆਂ ਜਾ ਰਹੀਆਂ ਨਵੀਆਂ ਅਣ-ਅਧਿਕਾਰਤ ਕਲੋਨੀਆਂ ਨੂੰ ਪਾਪਰਾ ਐਕਟ-1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਇਹਨਾਂ ਵਿਰੁੱਧ ਮਿਤੀ 12/6/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਇਹਨਾਂ ਅਣ-ਅਧਿਕਾਰਤ ਕਲੋਨੀਆਂ ਦੇ ਮਾਲਕਾਂ ਨੇ ਸਰਕਾਰੀ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਅਤੇ ਨੋਟਿਸ ਜਾਰੀ ਹੋਣ ਦੇ ਬਾਵਜ਼ੂਦ ਉਕਤ ਅਣ-ਅਧਿਕਾਰਤ ਕਲੋਨੀਆਂ ਸਬੰਧੀ ਸਪੱਸ਼ਟੀਕਰਨ ਦੇਣ ਦੀ ਬਜ਼ਾਏ ਮੌਕੇ ਤੇ ਵਿਕਾਸ ਦੇ ਕੰਮਾਂ ਨੂੰ ਜਾਰੀ ਰੱਖਿਆ ਗਿਆ, ਜਿਸ ਦੇ ਤਹਿਤ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਪੁਲਿਸ ਦੀ ਨਿਗਰਾਨੀ ਹੇਠ ਉਕਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ।
ਇਸ ਤੋਂ ਇਲਾਵਾ ਅਜਨਾਲਾ ਰੋਡ ਉੱਪਰ ਪੈਂਦੇ ਪਿੰਡ ਦਾਲਮ ਵਿਖੇ ਵਿਸਕਿਤ ਅਣ-ਅਧਿਕਾਰਤ ਕਲੋਨੀ ਖਿਲਾਫ਼ ਪਹਿਲਾਂ ਵੀ ਮਿਤੀ 9/1/2026 ਰਾਹੀਂ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਸੀ ਪਰ ਕਲੋਨੀ ਦੇ ਮਾਲਕਾਂ ਵੱਲੋਂ ਹੁਣ ਮੌਕੇ ਤੇ ਦੁਬਾਰਾ ਵਿਕਾਸ ਦੇ ਕੰਮ ਸ਼ੁਰੂ ਕਰ ਲਏ ਸਨ, ਜਿਸ ਕਰਕੇ ਹੁਣ ਨਵੇਂ ਕੀਤੇ ਵਿਕਾਸ ਕਾਰਜਾਂ ਨੂੰ ਮੁੜ ਢਾਹਿਆ ਗਿਆ।
 ਉਨ੍ਹਾਂ ਨੇ ਇਹ ਵੀ ਸਪੱਸ਼ਟ ਕੀਤਾ ਕਿ ਅਣ-ਅਧਿਕਾਰਤ ਕਲੋਨੀ ਕੱਟਣ ਵਾਲੇ ਵਿਅਕਤੀ ਵਿਰੁੱਧ ਪਾਪਰਾ ਐਕਟ-1995 ਦੀ ਸੋਧ 2024 ਅਨੁਸਾਰ 5 ਤੋਂ 10 ਸਾਲ ਦੀ ਕੈਂਦ ਅਤੇ 25 ਲੱਖ ਤੋਂ 5 ਕਰੋੜ ਦਾ ਜ਼ੁਰਮਾਨਾ ਕੀਤਾ ਜਾ ਸਕਦਾ ਹੈ, ਜਿਸ ਕਰਕੇ ਉਕਤ ਕਲੋਨੀ ਅਧੀਨ ਆਉਂਦੀ ਜ਼ਮੀਨ ਦੇ ਮਾਲਕਾਂ ਅਤੇ ਕਲੋਨੀ ਵਿਕਸਿਤ ਕਰਨ ਵਾਲਿਆਂ ਖ਼ਿਲਾਫ਼ ਲੋੜੀਂਦੀ ਕਾਰਵਾਈ ਕਰਨ ਲਈ ਪੁਲਿਸ ਵਿਭਾਗ ਨੂੰ ਵੀ ਰੈਵੇਨਿਊ ਰਿਕਾਰਡ ਦੇ ਆਧਾਰ ਲਿਖ਼ਿਆ ਜਾ ਰਿਹਾ ਹੈ।
ਏਡੀਏ ਦੇ ਰੈਗੂਲੇਟਰੀ ਵਿੰਗ ਨੇ ਆਮ ਜਨਤਾ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਉਹ ਗੈਰ-ਕਨੂੰਨੀ ਕਲੋਨੀਆਂ ਜੋ ਕਿ ਪੁੱਡਾ ਵਿਭਾਗ ਤੋਂ ਮੰਜੂਰ ਸ਼ੁਦਾ ਨਹੀਂ ਹਨ, ਉਹਨਾਂ ਵਿੱਚ ਪੈਂਦੇ ਪਲਾਟਾਂ ਦੀ ਵਿਕਰੀ ਸਬੰਧੀ ਕਿਸੇ ਵੀ ਇਸ਼ਤਿਹਾਰ ਅਨੁਸਾਰ ਪਲਾਟ ਖ਼ਰੀਦਣ ਤੋਂ ਪਹਿਲਾਂ ਉਸ ਕਲੋਨੀ ਸਬੰਧੀ ਪੁੱਡਾ ਵੱਲੋਂ ਜਾਰੀ ਕੀਤੀ ਗਈ ਮੰਜੂਰੀ ਦੀ ਮੰਗ ਜ਼ਰੂਰ ਕਰਨ ਅਤੇ ਅੰਮ੍ਰਿਤਸਰ ਵਿਕਾਸ ਅਥਾਰਿਟੀ ਦੀ ਵੈਬਸਾਈਟ ਉਪਰ ਉਪਲਬਧ ਅਣ-ਅਧਿਕਾਰਿਤ ਕਲੋਨੀਆਂ ਸਬੰਧੀ ਵੇਰਵਿਆਂ ਨੂੰ ਜ਼ਰੂਰ ਵਾਚ ਲਿਆ ਜਾਵੇ ਤਾਂ ਜੋ ਉਨ੍ਹਾਂ ਦੇ ਧਨ ਮਾਲ ਦਾ ਨੁਕਸਾਨ ਨਾ ਹੋ ਸਕੇ ਅਤੇ ਉਨ੍ਹਾਂ ਲਈ ਪ੍ਰੇਸ਼ਾਨੀ ਦਾ ਕਾਰਨ ਨਾ ਬਣੇ। ਇਸ ਤੋਂ ਇਲਾਵਾ ਉਹਨਾਂ ਵੱਲੋਂ ਇਹ ਵੀ ਅਪੀਲ ਕੀਤੀ ਗਈ ਕਿ ਜ਼ਿਲੇ ਅੰਦਰ ਕਿਸੇ ਵੀ ਜਗ੍ਹਾ ਉੱਪਰ ਕਿਸੇ ਵੀ ਪ੍ਰਕਾਰ ਦੀ ਉਸਾਰੀ ਕਰਨ ਤੋਂ ਪਹਿਲਾਂ ਪੁੱਡਾ ਵਿਭਾਗ ਪਾਸੋਂ ਲੋੜੀਂਦੀਆਂ ਪ੍ਰਵਾਨਗੀਆਂ ਪ੍ਰਾਪਤ ਕਰਨ ਉਪਰੰਤ ਹੀ ਉਸਾਰੀ ਕੀਤੀ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.