ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਤਰੁਣ ਚੁੱਘ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਜਾਵੇ : ਪ੍ਰੋ. ਸਰਚਾਂਦ ਸਿੰਘ ਖਿਆਲਾ।
ਅੰਮ੍ਰਿਤਸਰ,
( ਜਸਟਿਸ ਨਿਊਜ਼)
ਭਾਜਪਾ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੂੰ ਮੱਧ ਪ੍ਰਦੇਸ਼ ਤੋਂ ਹਾਲ ਹੀ ਵਿੱਚ ਰਾਜ ਸਭਾ ਲਈ ਨਿਰਵਿਰੋਧ ਚੁਣੇ ਗਏ ਭਾਜਪਾ ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਸ਼ਾਮਲ ਕਰਨ ਦੀ ਅਪੀਲ ਕੀਤੀ ਹੈ । ਉਨ੍ਹਾਂ ਕਿਹਾ ਕਿ ਅਜਿਹਾ ਫ਼ੈਸਲਾ ਨਾ ਸਿਰਫ਼ ਸ੍ਰੀ ਚੁੱਘ ਦੀ ਲੰਬੀ ਸਿਆਸੀ ਸੇਵਾ, ਵਿਸ਼ਾਲ ਸੰਗਠਨਾਤਮਿਕ ਤਜਰਬੇ, ਜਨਤਕ ਜੀਵਨ ਪ੍ਰਤੀ ਵਚਨਬੱਧਤਾ ਅਤੇ ਰਾਸ਼ਟਰ ਨਿਰਮਾਣ ਪ੍ਰਤੀ ਸਮਰਪਣ ਨੂੰ ਯੋਗ ਮਾਨਤਾ ਦੇਵੇਗਾ, ਸਗੋਂ ਦੇਸ਼ ਅਤੇ ਸਮਾਜ ਦੇ ਵਡੇਰੇ ਹਿੱਤ ਵਿੱਚ ਉਨ੍ਹਾਂ ਦੀਆਂ ਬਹੁਪੱਖੀ ਯੋਗਤਾਵਾਂ ਦਾ ਲਾਹਾ ਲੈਣ ਦਾ ਮੌਕਾ ਵੀ ਪ੍ਰਦਾਨ ਕਰੇਗਾ।
ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਨਾਲ ਡੂੰਘਾ ਰਾਜਨੀਤਿਕ ਅਤੇ ਸਮਾਜਿਕ ਸਰੋਕਾਰ ਰੱਖਣ ਵਾਲੇ ਤਰੁਣ ਚੁੱਘ ਉਨ੍ਹਾਂ ਆਗੂਆਂ ਵਿੱਚੋਂ ਹਨ ਜਿਨ੍ਹਾਂ ਨੇ ਇੱਕ ਸਧਾਰਨ ਪਾਰਟੀ ਕਾਰਕੁਨ ਵਜੋਂ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਕੇ ਭਾਜਪਾ ਦੇ ਕੌਮੀ ਲੀਡਰਸ਼ਿਪ ਵਿੱਚ ਮਹੱਤਵਪੂਰਨ ਸਥਾਨ ਹਾਸਲ ਕੀਤਾ ਹੈ। ਉਨ੍ਹਾਂ ਨੇ ਭਾਰਤੀ ਜਨਤਾ ਪਾਰਟੀ ਦੀ ਵਿਚਾਰਧਾਰਾ ਅਤੇ ਦ੍ਰਿਸ਼ਟੀਕੋਣ ਨੂੰ ਜਨ-ਜਨ ਤੱਕ ਪਹੁੰਚਾਉਣ ਲਈ ਅਣਥੱਕ ਮਿਹਨਤ ਕੀਤੀ ਹੈ। ਉਨ੍ਹਾਂ ਦੀ ਸੂਝ-ਬੂਝ, ਕਾਰਕੁਨਾਂ ਨਾਲ ਸਿੱਧਾ ਸੰਪਰਕ, ਸੰਗਠਨ ਪ੍ਰਤੀ ਅਟੁੱਟ ਵਚਨਬੱਧਤਾ ਅਤੇ ਨਤੀਜਾ-ਮੁਖੀ ਕਾਰਜਸ਼ੈਲੀ ਨੇ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਸ਼ਵਾਸਪਾਤਰ ਆਗੂਆਂ ਵਿੱਚ ਸ਼ਾਮਲ ਕੀਤਾ ਹੈ ਅਤੇ ਭਾਜਪਾ ਦੇ ਸਭ ਤੋਂ ਪ੍ਰਭਾਵਸ਼ਾਲੀ ਰਣਨੀਤੀਕਾਰਾਂ ਵਿੱਚੋਂ ਇੱਕ ਵਜੋਂ ਸਥਾਪਿਤ ਕੀਤਾ ਹੈ।
ਪ੍ਰੋ. ਖਿਆਲਾ ਨੇ ਅੰਮ੍ਰਿਤਸਰ ਨਾਲ ਸਬੰਧਿਤ ਤਰੁਣ ਚੁੱਘ ਦੀ ਸਮਾਜਿਕ ਸਦਭਾਵਨਾ ਲਈ ਪਾਏ ਗਏ ਯੋਗਦਾਨ ਨੂੰ ਉਜਾਗਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਵੱਖ-ਵੱਖ ਸਮਾਜਿਕ ਅਤੇ ਧਾਰਮਿਕ ਵਰਗਾਂ, ਖ਼ਾਸ ਕਰਕੇ ਸਿੱਖ ਭਾਈਚਾਰੇ ਨਾਲ ਨਿਰੰਤਰ ਸੰਵਾਦ ਕਾਇਮ ਰੱਖਿਆ ਹੈ, ਜਿਸ ਨਾਲ ਆਪਸੀ ਵਿਸ਼ਵਾਸ ਅਤੇ ਸਹਿਯੋਗ ਨੂੰ ਹੁਲਾਰਾ ਮਿਲਿਆ ਹੈ। ਉਨ੍ਹਾਂ ਨੇ ਹਿੰਦੂ-ਸਿੱਖ ਏਕਤਾ, ਆਪਸੀ ਸਤਿਕਾਰ ਅਤੇ ਸਾਂਝ ਦੇ ਆਧਾਰਿਤ ਪੰਜਾਬ ਦੀ ਸਾਂਝੀ ਵਿਰਾਸਤ ਨੂੰ ਮਜ਼ਬੂਤ ਕਰਨ ਵਿੱਚ ਵੀ ਯੋਗਦਾਨ ਪਾਇਆ ਹੈ। ਸਮੇਂ-ਸਮੇਂ ‘ਤੇ ਵੱਖ-ਵੱਖ ਭਾਈਚਾਰਿਆਂ ਦਰਮਿਆਨ ਸੰਵਾਦ ਨੂੰ ਉਤਸ਼ਾਹਿਤ ਕਰਕੇ ਸ੍ਰੀ ਚੁੱਘ ਨੇ ਸੂਬੇ ਵਿੱਚ ਭਾਈਚਾਰਕ ਸਦਭਾਵਨਾ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਸਾਰਥਕ ਯਤਨ ਕੀਤੇ ਹਨ।
ਇਸੇ ਲਈ ਉਹ ਪੰਜਾਬ ਦੀਆਂ ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਿਕ ਸੰਵੇਦਨਸ਼ੀਲਤਾ ਦੀ ਡੂੰਘੀ ਸਮਝ ਰੱਖਣ ਵਾਲੇ ਹਨ , ਉਹਨਾਂ ਨੇ ਸਰਹੱਦੀ ਸੂਬੇ ਦੇ ਲੋਕਾਂ ਦੀਆਂ ਚਿੰਤਾਵਾਂ ਅਤੇ ਉਮੀਦਾਂ ਨੂੰ ਲਗਾਤਾਰ ਉਜਾਗਰ ਕੀਤਾ ਅਤੇ ਸਰਹੱਦੀ ਜ਼ਿਲ੍ਹਿਆਂ ਦੇ ਵਿਕਾਸ, ਵਪਾਰਕ ਸੰਭਾਵਨਾਵਾਂ ਦੇ ਵਿਸਤਾਰ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਨਾਲ ਸੰਬੰਧਿਤ ਮੁੱਦਿਆਂ ਦੀ ਨਿਰੰਤਰ ਵਕਾਲਤ ਕੀਤੀ ਹੈ। ਪੰਜਾਬ ਵਰਗੇ ਰਣਨੀਤਿਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਨੂੰ ਕੇਂਦਰੀ ਮੰਤਰੀ ਮੰਡਲ ਵਿੱਚ ਪ੍ਰਭਾਵਸ਼ਾਲੀ ਨੁਮਾਇੰਦਗੀ ਮਿਲਣੀ ਚਾਹੀਦੀ ਹੈ ਅਤੇ ਤਰੁਣ ਚੁੱਘ ਅਜਿਹੀ ਜ਼ਿੰਮੇਵਾਰੀ ਲਈ ਇੱਕ ਯੋਗ, ਤਜਰਬੇਕਾਰ ਅਤੇ ਸਮਰੱਥ ਚਿਹਰਾ ਹਨ।
ਜੰਮੂ-ਕਸ਼ਮੀਰ ਦੇ ਭਾਜਪਾ ਪ੍ਰਭਾਰੀ ਵਜੋਂ ਤਰੁਣ ਚੁੱਘ ਵੱਲੋਂ ਨਿਭਾਈ ਗਈ ਭੂਮਿਕਾ ਦਾ ਜ਼ਿਕਰ ਕਰਦਿਆਂ ਪ੍ਰੋ. ਖਿਆਲਾ ਨੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੇ ਸਭ ਤੋਂ ਚੁਣੌਤੀਪੂਰਨ ਖੇਤਰਾਂ ਵਿੱਚੋਂ ਇੱਕ ਵਿੱਚ ਆਪਣੀਆਂ ਜ਼ਿੰਮੇਵਾਰੀਆਂ ਨੂੰ ਬੇਹੱਦ ਸੰਵੇਦਨਸ਼ੀਲਤਾ ਅਤੇ ਦ੍ਰਿੜ੍ਹਤਾ ਨਾਲ ਨਿਭਾਇਆ ਹੈ। ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਨਿਰੰਤਰ ਸੰਵਾਦ ਰਾਹੀਂ ਸ੍ਰੀ ਚੁੱਘ ਨੇ ਨਰਿੰਦਰ ਮੋਦੀ ਸਰਕਾਰ ਦੀਆਂ ਲੋਕ-ਭਲਾਈ ਪਹਿਲਕਦਮੀਆਂ ਅਤੇ ਵਿਕਾਸਮੁਖੀ ਦ੍ਰਿਸ਼ਟੀਕੋਣ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਅ ਕੇ ਜੰਮੂ-ਕਸ਼ਮੀਰ ਵਿੱਚ ਭਾਜਪਾ ਦੀ ਪਹੁੰਚ ਨੂੰ ਹੋਰ ਮਜ਼ਬੂਤ ਕੀਤਾ ਅਤੇ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਅਤੇ ਸ਼ਾਸਨ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਵਿੱਚ ਵੀ ਮਹੱਤਵਪੂਰਨ ਯੋਗਦਾਨ ਦਿੱਤਾ।
ਪ੍ਰੋ. ਖਿਆਲਾ ਨੇ ਕਿਹਾ ਕਿ ਪੰਜਾਬ ਅਤੇ ਜੰਮੂ-ਕਸ਼ਮੀਰ ਵਰਗੇ ਸੰਵੇਦਨਸ਼ੀਲ ਸਰਹੱਦੀ ਖੇਤਰਾਂ ਨਾਲ ਸ੍ਰੀ ਚੁੱਘ ਦੀ ਨੇੜਲੀ ਸਾਂਝ ਨੇ ਉਨ੍ਹਾਂ ਨੂੰ ਰਾਸ਼ਟਰੀ ਏਕਤਾ, ਅੰਦਰੂਨੀ ਸੁਰੱਖਿਆ ਅਤੇ ਸਰਹੱਦੀ ਪ੍ਰਬੰਧਨ ਨਾਲ ਜੁੜੇ ਮੁੱਦਿਆਂ ਦੀ ਵਿਹਾਰਕ ਅਤੇ ਡੂੰਘੀ ਸਮਝ ਪ੍ਰਦਾਨ ਕੀਤੀ ਹੈ। ਕੇਂਦਰੀ ਮੰਤਰੀ ਮੰਡਲ ਵਿੱਚ ਅਜਿਹੇ ਤਜਰਬੇਕਾਰ ਆਗੂ ਦੀ ਮੌਜੂਦਗੀ ਦੇਸ਼ ਦੇ ਰਣਨੀਤਿਕ ਹਿੱਤਾਂ ਨੂੰ ਹੋਰ ਮਜ਼ਬੂਤ ਕਰ ਸਕਦੀ ਹੈ।ਪ੍ਰੋ. ਖਿਆਲਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਜਪਾ ਨੇ ਵਿਕਾਸ, ਸੁਸ਼ਾਸਨ ਤੇ ਪਾਰਦਰਸ਼ਤਾ ਦੇ ਸਿਧਾਂਤਾਂ ਨੂੰ ਆਧਾਰ ਬਣਾ ਕੇ ਭਾਰਤੀ ਰਾਜਨੀਤੀ ਵਿੱਚ ਨਵੇਂ ਮਾਪਦੰਡ ਸਥਾਪਿਤ ਕੀਤੇ ਹਨ। ਗ਼ਰੀਬ-ਪੱਖੀ ਨੀਤੀਆਂ, ਲੋਕ-ਭਲਾਈ ਕੇਂਦਰਿਤ ਯੋਜਨਾਵਾਂ ਅਤੇ ਸੇਵਾ-ਭਾਵਨਾ ‘ਤੇ ਆਧਾਰਿਤ ਰਾਜਨੀਤੀ ਰਾਹੀਂ ਪਾਰਟੀ ਨੇ ਕਰੋੜਾਂ ਭਾਰਤੀਆਂ ਦਾ ਵਿਸ਼ਵਾਸ ਜਿੱਤਿਆ ਹੈ।