August 17, 2026

Justice News

ਅਵਾਮ ਦੀ ਆਵਾਜ਼

ਕਰਨਪ੍ਰਯਾਗ ਘਟਨਾ ਸਬੰਧੀ ਉੱਤਰਾਖੰਡ ਦੇ ਮੁੱਖ ਮੰਤਰੀ ਸ੍ਰੀ ਪੁਸ਼ਕਰ ਸਿੰਘ ਧਾਮੀ ਨੂੰ ਪੱਤਰ ਲਿਖ ਕੇ ਉੱਚ ਪੱਧਰੀ ਨਿਰਪੱਖ ਜਾਂਚ ਦੀ ਮੰਗ-ਦੋਸ਼ੀ ਅਧਿਕਾਰੀਆਂ ਅਤੇ ਨਫ਼ਰਤ ਫੈਲਾਉਣ ਵਾਲੇ ਤੱਤਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ: ਪ੍ਰੋ. ਸਰਚਾਂਦ ਸਿੰਘ ਖਿਆਲਾ

ਅੰਮ੍ਰਿਤਸਰ,

( ਜਸਟਿਸ ਨਿਊਜ਼  )

ਭਾਰਤੀ ਜਨਤਾ ਪਾਰਟੀ ਪੰਜਾਬ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਉੱਤਰਾਖੰਡ ਦੇ ਮੁੱਖ ਮੰਤਰੀ ਸ਼੍ਰੀ ਪੁਸ਼ਕਰ ਸਿੰਘ ਧਾਮੀ ਨੂੰ ਇੱਕ ਪੱਤਰ ਲਿਖ ਕੇ ਕਰਨਪ੍ਰਯਾਗ ਵਿਖੇ ਸਿੱਖ ਸ਼ਰਧਾਲੂ ਨੌਜਵਾਨਾਂ ਨਾਲ ਵਾਪਰੀ ਘਟਨਾ ਦੀ ਉੱਚ ਪੱਧਰੀ, ਨਿਰਪੱਖ ਅਤੇ ਸਮਾਂਬੱਧ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨਾਲ ਜੁੜੀਆਂ ਘਟਨਾਵਾਂ ਅਤੇ ਸਾਹਮਣੇ ਆ ਰਹੇ ਤੱਥਾਂ ਨੇ ਦੇਸ਼ ਭਰ ਦੇ ਸਿੱਖ ਭਾਈਚਾਰੇ ਵਿੱਚ ਗੰਭੀਰ ਚਿੰਤਾ ਪੈਦਾ ਕੀਤੀ ਹੈ, ਜਿਸ ਨੂੰ ਸੰਵੇਦਨਸ਼ੀਲਤਾ ਅਤੇ ਨਿਰਪੱਖਤਾ ਨਾਲ ਸੰਬੋਧਨ ਕੀਤਾ ਜਾਣਾ ਚਾਹੀਦਾ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਮੀਡੀਆ ਰਿਪੋਰਟਾਂ, ਵੀਡੀਓ ਸਬੂਤਾਂ ਅਤੇ ਸਥਾਨਕ ਜਾਣਕਾਰੀਆਂ ਤੋਂ ਇਹ ਪ੍ਰਭਾਵ ਬਣਿਆ ਹੈ ਕਿ ਵਿਵਾਦ ਦੀ ਸ਼ੁਰੂਆਤ ਸਿੱਖ ਨੌਜਵਾਨਾਂ ਵੱਲੋਂ ਨਹੀਂ ਹੋਈ ਸੀ, ਫਿਰ ਵੀ ਪੁਲਿਸ ਪ੍ਰਸ਼ਾਸਨ ਨੇ ਮਾਮਲੇ ਨੂੰ ਨਿਰਪੱਖ ਢੰਗ ਨਾਲ ਨਿਪਟਾਉਣ ਦੀ ਬਜਾਏ ਸਿੱਖ ਨੌਜਵਾਨਾਂ ਖ਼ਿਲਾਫ਼ ਹੀ ਇੱਕ ਤਰਫ਼ਾ ਕਾਰਵਾਈ ਕੀਤੀ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਨਾ ਸਿਰਫ਼ ਨਿਆਂ ਪ੍ਰਣਾਲੀ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਕਰਦੀਆਂ ਹਨ, ਸਗੋਂ ਸਮਾਜ ਵਿੱਚ ਬੇਲੋੜਾ ਅਵਿਸ਼ਵਾਸ ਵੀ ਪੈਦਾ ਕਰਦੀਆਂ ਹਨ।

ਉਨ੍ਹਾਂ ਕਿਹਾ ਕਿ ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਉਤਾਰ ਕੇ ਅਦਾਲਤ ਵਿੱਚ ਪੇਸ਼ ਕੀਤੇ ਜਾਣ ਸਬੰਧੀ ਸਾਹਮਣੇ ਆਈਆਂ ਰਿਪੋਰਟਾਂ ਬਹੁਤ ਹੀ ਗੰਭੀਰ ਹਨ। ਦਸਤਾਰ ਸਿੱਖ ਧਰਮ ਵਿੱਚ ਸਵੈਮਾਣ, ਧਾਰਮਿਕ ਮਰਿਆਦਾ ਅਤੇ ਪਹਿਚਾਣ ਦਾ ਪ੍ਰਤੀਕ ਹੈ। ਇਸ ਲਈ ਇਸ ਮਾਮਲੇ ਦੀ ਪੂਰੀ ਸੱਚਾਈ ਸਾਹਮਣੇ ਲਿਆਉਣਾ ਅਤੇ ਜ਼ਿੰਮੇਵਾਰ ਵਿਅਕਤੀਆਂ ਦੀ ਜਵਾਬਦੇਹੀ ਤੈਅ ਕਰਨਾ ਬਹੁਤ ਜ਼ਰੂਰੀ ਹੈ।
ਪ੍ਰੋ. ਖਿਆਲਾ ਨੇ ਕਿਹਾ ਕਿ ਅਮਨ-ਸ਼ਾਂਤੀ, ਕਾਨੂੰਨ ਦਾ ਰਾਜ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖਣਾ ਪੁਲਿਸ ਅਤੇ ਪ੍ਰਸ਼ਾਸਨ ਦੀ ਮੁੱਢਲੀ ਜ਼ਿੰਮੇਵਾਰੀ ਹੁੰਦੀ ਹੈ। ਪਰ ਜੇਕਰ ਕਿਸੇ ਵੀ ਪੱਧਰ ’ਤੇ ਪੱਖਪਾਤੀ ਰਵੱਈਏ ਦੀ ਧਾਰਨਾ ਬਣਦੀ ਹੈ ਤਾਂ ਇਸ ਨਾਲ ਸਮਾਜਕ ਤਣਾਅ ਵਧਣ ਦਾ ਖ਼ਤਰਾ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਕਰਨਪ੍ਰਯਾਗ ਮਾਮਲੇ ਦੀ ਜਾਂਚ ਕਿਸੇ ਉੱਚ ਪੱਧਰੀ ਵਿਸ਼ੇਸ਼ ਜਾਂਚ ਟੀਮ (SIT) ਜਾਂ ਕਿਸੇ ਸੀਨੀਅਰ ਅਤੇ ਸੁਤੰਤਰ ਏਜੰਸੀ ਤੋਂ ਕਰਵਾਈ ਜਾਣੀ ਚਾਹੀਦੀ ਹੈ ਤਾਂ ਜੋ ਸੱਚਾਈ ਸਾਹਮਣੇ ਆ ਸਕੇ ਅਤੇ ਨਿਆਂ ਹੁੰਦਾ ਹੋਇਆ ਦਿਖਾਈ ਵੀ ਦੇਵੇ।

ਭਾਜਪਾ ਬੁਲਾਰੇ ਨੇ ਮੰਗ ਕੀਤੀ ਕਿ ਜੇਕਰ ਜਾਂਚ ਦੌਰਾਨ ਕਿਸੇ ਅਧਿਕਾਰੀ ਵੱਲੋਂ ਅਧਿਕਾਰਾਂ ਦੇ ਦੁਰਪਯੋਗ, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਜਾਂ ਇੱਕ ਪਾਸੜ ਕਾਰਵਾਈ ਕਰਨ ਦੇ ਤੱਥ ਸਾਹਮਣੇ ਆਉਂਦੇ ਹਨ ਤਾਂ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਝਗੜੇ ਨੂੰ ਭੜਕਾਉਣ, ਸਿੱਖ ਸ਼ਰਧਾਲੂਆਂ ’ਤੇ ਹਮਲਾ ਕਰਨ ਜਾਂ ਸਮਾਜ ਵਿੱਚ ਨਫ਼ਰਤ ਅਤੇ ਕੁੜਤਨ ਦਾ ਮਾਹੌਲ ਪੈਦਾ ਕਰਨ ਵਾਲੇ ਤੱਤਾਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ।

ਪ੍ਰੋ. ਖਿਆਲਾ ਨੇ ਕਿਹਾ ਕਿ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ’ਤੇ ਹਰ ਸਾਲ ਦੇਸ਼ ਅਤੇ ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਪਹੁੰਚਦੇ ਹਨ। ਉੱਤਰਾਖੰਡ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਧਾਰਮਿਕ ਆਜ਼ਾਦੀ ਨੂੰ ਹਰ ਹਾਲਤ ਵਿੱਚ ਯਕੀਨੀ ਬਣਾਇਆ ਜਾਵੇ, ਤਾਂ ਜੋ ਕਿਸੇ ਵੀ ਸ਼ਰਧਾਲੂ ਨੂੰ ਅਸੁਰੱਖਿਆ ਜਾਂ ਵਿਤਕਰੇ ਦਾ ਅਹਿਸਾਸ ਨਾ ਹੋਵੇ।

ਉਨ੍ਹਾਂ ਕਿਹਾ ਕਿ ਮਾਣਯੋਗ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤੀ ਜਨਤਾ ਪਾਰਟੀ “ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ ਅਤੇ ਸਭ ਕਾ ਪ੍ਰਯਾਸ” ਦੇ ਮੂਲ ਮੰਤਰ ਨੂੰ ਲੈ ਕੇ ਸਮਾਜਿਕ ਸਦਭਾਵਨਾ ਅਤੇ ਰਾਸ਼ਟਰੀ ਏਕਤਾ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਰਹੀ ਹੈ। ਇਸ ਲਈ ਜੋ ਵੀ ਤੱਤ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ, ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਜਾਂ ਸਮਾਜ ਵਿੱਚ ਵੰਡ ਅਤੇ ਨਫ਼ਰਤ ਦਾ ਮਾਹੌਲ ਪੈਦਾ ਕਰਨ ਦੀ ਕੋਸ਼ਿਸ਼ ਕਰਦੇ ਹਨ, ਉਨ੍ਹਾਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਬਕ ਸਿਖਾਇਆ ਜਾਣਾ ਚਾਹੀਦਾ ਹੈ।
ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਆਸ ਪ੍ਰਗਟ ਕੀਤੀ ਕਿ ਉੱਤਰਾਖੰਡ ਸਰਕਾਰ ਇਸ ਮਾਮਲੇ ਨੂੰ ਪੂਰੀ ਗੰਭੀਰਤਾ ਨਾਲ ਲੈਂਦਿਆਂ ਨਿਰਪੱਖ ਜਾਂਚ ਅਤੇ ਨਿਆਂ ਨੂੰ ਯਕੀਨੀ ਬਣਾਏਗੀ ਅਤੇ ਸੂਬੇ ਦੀ ਧਾਰਮਿਕ ਸਹਿਣਸ਼ੀਲਤਾ, ਆਪਸੀ ਸਤਿਕਾਰ ਅਤੇ ਸਮਾਜਿਕ ਸਦਭਾਵਨਾ ਦੀ ਪਰੰਪਰਾ ਨੂੰ ਹੋਰ ਮਜ਼ਬੂਤ ਕਰੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.