ਖੰਨਾ, ਲੁਧਿਆਣਾ,
:(ਜਸਟਿਸ ਨਿਊਜ਼)
ਉਦਯੋਗਿਕ ਖੇਤਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਜਾ ਕੇ ਸੁਣਨ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਵੱਲੋਂ ਫੋਕਲ ਪੁਆਇੰਟ ਖੰਨਾ ਵਿਖੇ ਇੰਡਸਟਰੀਅਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਜਮੀਨੀ ਪੱਧਰ ‘ਤੇ ਜਾ ਕੇ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਸੁਰੱਖਿਆ, ਟਰੈਫਿਕ ਪ੍ਰਬੰਧਨ, ਕਾਨੂੰਨ-ਵਿਵਸਥਾ ਅਤੇ ਹੋਰ ਪ੍ਰਸ਼ਾਸਨਿਕ ਮਸਲਿਆਂ ਸਬੰਧੀ ਆਪਣੀਆਂ ਚਿੰਤਾਵਾਂ ਐਸ.ਐਸ.ਪੀ. ਸਾਹਮਣੇ ਰੱਖੀਆਂ।
ਐਸ.ਐਸ.ਪੀ. ਡਾ. ਦਰਪਣ ਆਹਲੂਵਾਲੀਆ ਨੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਮੌਕੇ ‘ਤੇ ਮੌਜੂਦ ਸਬੰਧਤ ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਇਨ੍ਹਾਂ ਮਸਲਿਆਂ ਦੇ ਜਲਦ, ਪ੍ਰਭਾਵਸ਼ਾਲੀ ਅਤੇ ਸਥਾਈ ਹੱਲ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਉਦਯੋਗਿਕ ਖੇਤਰ ਦਾ ਸੁਰੱਖਿਅਤ ਅਤੇ ਸੁਚਾਰੂ ਮਾਹੌਲ ਬਣਾਈ ਰੱਖਣਾ ਪੁਲਿਸ ਪ੍ਰਸ਼ਾਸਨ ਦੀ ਪਹਿਲ ਹੈ ਅਤੇ ਇਸ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ।
ਮੀਟਿੰਗ ਦੌਰਾਨ ਉਨ੍ਹਾਂ ਨੇ ਕਿਹਾ ਕਿ ਉਦਯੋਗਿਕ ਇਕਾਈਆਂ ਪੰਜਾਬ ਦੀ ਆਰਥਿਕਤਾ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੇ ਨਿਰਵਿਘਨ ਸੰਚਾਲਨ ਲਈ ਪੁਲਿਸ ਅਤੇ ਪ੍ਰਸ਼ਾਸਨ ਹਰ ਵੇਲੇ ਵਚਨਬੱਧ ਹਨ। ਉਨ੍ਹਾਂ ਉਦਯੋਗਪਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਤਰ੍ਹਾਂ ਦੀ ਸੁਰੱਖਿਆ ਜਾਂ ਕਾਨੂੰਨ-ਵਿਵਸਥਾ ਨਾਲ ਸਬੰਧਿਤ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਉਹ ਬਿਨਾਂ ਕਿਸੇ ਹਿਚਕਚਾਹਟ ਦੇ ਪੁਲਿਸ ਨਾਲ ਸੰਪਰਕ ਕਰਨ, ਤਾਂ ਜੋ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
ਇੰਡਸਟਰੀਅਲ ਐਸੋਸੀਏਸ਼ਨ ਦੇ ਮੈਂਬਰਾਂ ਨੇ ਐਸ.ਐਸ.ਪੀ. ਵੱਲੋਂ ਖੁਦ ਮੌਕੇ ‘ਤੇ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਤੁਰੰਤ ਕਾਰਵਾਈ ਦੇ ਭਰੋਸੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੀਆਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਨਾਲ ਉਦਯੋਗਪਤੀਆਂ ਅਤੇ ਪੁਲਿਸ ਪ੍ਰਸ਼ਾਸਨ ਵਿਚਕਾਰ ਆਪਸੀ ਤਾਲਮੇਲ ਹੋਰ ਮਜ਼ਬੂਤ ਹੋਵੇਗਾ ਅਤੇ ਸਮੱਸਿਆਵਾਂ ਦਾ ਹੱਲ ਵੀ ਤੇਜ਼ੀ ਨਾਲ ਸੰਭਵ ਹੋਵੇਗਾ।
Leave a Reply