ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ‘ਪੰਜਾਬ ਬੰਦ’ ਨੂੰ ਪੂਰਨ ਸਮਰਥਨ ਦਾ ਐਲਾਨ
ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ /ਸੁਰਿੰਦਰ ਸੋਨੂੰ)-
ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਦੀ ਇੱਕ ਅਹਿਮ ਮੀਟਿੰਗ ਸਿਟੀ ਸਰਕਲ ਅੰਮ੍ਰਿਤਸਰ, ਹਾਲ ਗੇਟ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਮਦਨ ਲਾਲ ਸ਼ਰਮਾ ਨੇ ਕੀਤੀ। ਇਸ ਮੀਟਿੰਗ ਵਿੱਚ ਸਰਬਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ 27 ਅਗਸਤ 2026 ਨੂੰ ਪੰਜਾਬ ਦੇ ਮੁਲਾਜ਼ਮਾਂ ਵੱਲੋਂ ਦਿੱਤੀ ਗਈ ‘ਮਹਾਂ ਬੰਦ’ ਦੀ ਕਾਲ ਦਾ ਆਲ ਕੇਡਰ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪੂਰਨ ਸਮਰਥਨ ਕੀਤਾ ਜਾਵੇਗਾ।
ਇਸ ਮੀਟਿੰਗ ਦੌਰਾਨ ਬੁਲਾਰਿਆਂ ਨੇ ਆਖਿਆ ਕਿ ਜੇਕਰ ਪੰਜਾਬ ਸਰਕਾਰ ਨੇ ਮਾਣਯੋਗ ਹਾਈ ਕੋਰਟ ਦੇ ਹੁਕਮਾਂ ਅਨੁਸਾਰ 18 ਫ਼ੀਸਦੀ ਬਕਾਇਆ ਡੀ.ਏ. (ਮਹਿੰਗਾਈ ਭੱਤਾ) ਦੀ ਅਦਾਇਗੀ ਸਮੇਤ ਏਰੀਅਰ ਜਾਰੀ ਨਾ ਕੀਤਾ, ਤਾਂ ਮੁਲਾਜ਼ਮ ਅਤੇ ਪੈਨਸ਼ਨਰਜ਼ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਸਖ਼ਤ ਰੁੱਖ ਅਖ਼ਤਿਆਰ ਕਰਨਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ “ਜੇਕਰ ਡੀ.ਏ. ਨਹੀਂ, ਤਾਂ ਵੋਟ ਵੀ ਨਹੀਂ।”
ਇਸ ਸਬੰਧੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ 27 ਅਗਸਤ 2026 ਨੂੰ ਬਾਕੀ ਭਰਾਤਰੀ ਜਥੇਬੰਦੀਆਂ ਨਾਲ ਰਲ ਕੇ ਡਿਪਟੀ ਕਮਿਸ਼ਨਰ (ਡੀ.ਸੀ.) ਦਫ਼ਤਰ ਵਿਖੇ ਜ਼ਿਲ੍ਹਾ ਪੱਧਰੀ ਧਰਨਾ-ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਮਦਨ ਲਾਲ ਸ਼ਰਮਾ, ਕੁਲਵਿੰਦਰ ਸਿੰਘ, ਹਰਭਜਨ ਸਿੰਘ ਝੰਜੋਟੀ, ਬਾਬਾ ਗੁਰਮੀਤ ਸਿੰਘ, ਮਨਜੀਤ ਸਿੰਘ, ਗੁਰਮੀਤ ਸਿੰਘ ਭਾਟੀਆ, ਮਨਿੰਦਰ ਸਿੰਘ, ਵਿਜੇ ਕੁਮਾਰ, ਅਸ਼ੋਕ ਕੁਮਾਰ ਸਮੇਤ ਵੱਡੀ ਗਿਣਤੀ ਵਿੱਚ ਆਗੂ ਤੇ ਪੈਨਸ਼ਨਰ ਹਾਜ਼ਰ ਸਨ।