August 26, 2026

Justice News

ਅਵਾਮ ਦੀ ਆਵਾਜ਼

ਤਾਕਤ ਦੇ ਨਸ਼ੇ ਵਿਚ ਪੰਥ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਕੌਮ ਕਦੇ ਵੀ ਪ੍ਰਵਾਨ ਨਹੀਂ ਕਰੇਗੀ- ਗਿਆਨੀ ਕੁਲਦੀਪ ਸਿੰਘ ਗੜਗੱਜ

 

ਰਾਏਕੋਟ/ਅੰਮ੍ਰਿਤਸਰ,
( ਜਸਟਿਸ ਨਿਊਜ਼  )
ਸਿੱਖ ਸੰਗਤ ਨੂੰ ਗੁਰਮਤਿ ਪ੍ਰੰਪਰਾਵਾਂ, ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦੇਣ ਦੇ ਮੰਤਵ ਨਾਲ ਆਰੰਭ ਹੋਇਆ ਮੀਰੀ ਪੀਰੀ ਖ਼ਾਲਸਾ ਮਾਰਚ ਦੂਸਰੇ ਪੜਾਅ ਤਹਿਤ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਪੰਥਕ ਰਵਾਇਤਾਂ ਨਾਲ ਅਗਲੇ ਪੜਾਅ ਗੁਰਦੁਆਰਾ ਚੁਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਲਈ ਰਵਾਨਾ ਹੋਇਆ। ਖ਼ਾਲਸਾ ਮਾਰਚ ਦੀ ਰਵਾਨਗੀ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਮੌਕੇ ਸਜੇ ਧਾਰਮਿਕ ਦੀਵਾਨ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਥਾ-ਵਿਚਾਰ ਕਰਦਿਆਂ ਸੰਗਤਾਂ ਨਾਲ ਇਤਿਹਾਸ ਦੀ ਸਾਂਝ ਪਾਈ ਅਤੇ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ। ਰਵਾਨਗੀ ਦੀ ਅਰਦਾਸ ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ ਤੇ ਕੀਤੀ, ਜਿਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਪਾਲਕੀ ’ਚ ਸ਼ੁਸ਼ੋਭਿਤ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਤਿਹਾਸ ਦਾ ਜ਼ਿਕਰ ਕਰਦਿਆਂ ਕਿਹਾ ਕਿ ਰਾਏਕੋਟ ਦੀ ਧਰਤੀ ’ਤੇ ਦਸਵੇਂ ਪਾਤਸ਼ਾਹ ਨੇ ਨੂਰੇ ਮਾਹੀ ਤੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਖ਼ਬਰ ਸੁਣ ਕੇ ਤੀਰ ਨਾਲ ਕਾਹੀ ਦਾ ਬੂਟਾ ਪੁੱਟਦਿਆਂ ਕਿਹਾ ਸੀ ਕਿ ਜੁਲਮੀ ਰਾਜ ਦੀ ਜੜ੍ਹ ਪੁੱਟੀ ਗਈ। ਉਨ੍ਹਾਂ ਕਿਹਾ ਕਿ ਇਹ ਇਤਿਹਾਸ ਸਾਨੂੰ ਅੱਜ ਵੀ ਜ਼ੁਲਮ ਨਾਲ ਲੜਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਖ਼ਾਲਸੇ ਦੀ ਇਹ ਵਿਰਾਸਤ ਹੈ ਕਿ ਜਦੋਂ ਵੀ ਹਕੂਮਤਾਂ ਨੇ ਪੰਥ ’ਤੇ ਚੜ੍ਹਾਈ ਕੀਤੀ ਤਾਂ ਖ਼ਾਲਸੇ ਨੇ ਡੱਟ ਕੇ ਮੁਕਾਬਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਵੀ ਹਕੂਮਤਾਂ ਤਾਕਤ ਦੇ ਨਸ਼ੇ ਵਿਚ ਪੰਥਕ ਪ੍ਰੰਪਰਾਵਾਂ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨੂੰ ਪੰਥ ਕਦੇ ਪ੍ਰਵਾਨ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੀ ਸਿੱਖ ਮਾਮਲਿਆਂ ਵਿਚ ਦਖ਼ਲ ਦੇ ਰਹੀ ਹੈ, ਜਿਸ ਨੂੰ ਖ਼ਾਲਸਾ ਪੰਥ ਚੰਗੀ ਤਰ੍ਹਾਂ ਸਮਝਦਾ ਹੈ ਅਤੇ ਨੇੜਿਓਂ ਦੇਖ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਥ ਦੀ ਸਹਿਮਤੀ ਬਿਨਾਂ ਸਿੱਖਾਂ ਨਾਲ ਸਬੰਧਤ ਕੋਈ ਵੀ ਨੀਤੀ ਜਾਂ ਕਾਨੂੰਨ ਲਾਗੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਸੰਗਤਾਂ ਨੂੰ ਸਿੱਖ ਪ੍ਰੰਪਰਾਵਾਂ ’ਤੇ ਸਵਾਲ ਚੁੱਕਣ ਵਾਲੀਆਂ ਤਾਕਤਾਂ ਤੋਂ ਵੀ ਸੁਚੇਤ ਰਹਿਣ ਦੀ ਪ੍ਰੇਰਣਾ ਕੀਤੀ।
ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤ ਨੂੰ ਅਪੀਲ ਕੀਤੀ ਕਿ 29 ਅਗਸਤ ਨੂੰ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਅਤੇ ਰਿਹਾਈ ਲਈ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਅਰਦਾਸ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਬੰਦੀ ਸਿੰਘ ਜੋ ਕਾਨੂੰਨੀ ਸਜ਼ਾਵਾਂ ਤੋਂ ਵੀ ਕਿਤੇ ਵਧੇਰੇ ਸਮਾਂ ਜੇਲ੍ਹਾਂ ਵਿਚ ਬਿਤਾ ਚੁੱਕੇ ਹਨ, ਸਰਕਾਰਾਂ ਵੱਲੋਂ ਉਨ੍ਹਾਂ ਨਾਲ ਬੇਇਨਸਾਫ਼ੀ ਕੀਤੀ ਜਾ ਰਹੀ ਹੈ ਅਤੇ ਕੌਮ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਕੀਤੀ ਜਾ ਰਹੀ ਮੰਗ ਪ੍ਰਤੀ ਵੀ ਸਰਕਾਰਾਂ ਦਾ ਰਵੱਈਆ ਵਿਤਕਰੇ ਵਾਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖ ਦਾ ਹਮੇਸ਼ਾ ਗੁਰੂ ’ਤੇ ਭਰੋਸਾ ਹੈ ਅਤੇ ਹਰ ਔਖੇ ਸਮੇਂ ਸਿੱਖ ਅਰਦਾਸ ਕਰਕੇ ਸ਼ਕਤੀ ਪ੍ਰਾਪਤ ਕਰਦਾ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਜਲਦ ਰਿਹਾਈ ਹੋਵੇ ਤੇ ਉਹ ਚੜ੍ਹਦੀ ਕਲਾ ਵਿਚ ਰਹਿਣ, ਇਸ ਲਈ 27 ਅਗਸਤ ਨੂੰ ਸਮੂਹ ਗੁਰਦੁਆਰਾ ਸਾਹਿਬਾਨ ਵਿਚ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣੇ ਅਤੇ 29 ਅਗਸਤ ਨੂੰ ਭੋਗ ਪਾ ਕੇ ਅਰਦਾਸ ਕੀਤੀ ਜਾਵੇਗੀ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵਿਦਿਅਕ ਅਦਾਰਿਆਂ ਵਿਚ ਵੀ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਕੇ ਅਰਦਾਸ ਕੀਤੀ ਜਾਵੇਗੀ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ 29 ਜੂਨ ਨੂੰ ਹਰ ਪਿੰਡ ਦੇ ਗੁਰਦੁਆਰਾ ਸਾਹਿਬਾਨ ਵਿਚ ਵੀ ਬੰਦੀ ਸਿੰਘਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਜਾਵੇ। ਇਸੇ ਦੌਰਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਨੇ ਵੀ ਸੰਗਤਾਂ ਨੂੰ ਗੁਰਮਤਿ ਅਨੁਸਾਰੀ ਜੀਵਨ ਬਤੀਤ ਕਰਨ ਅਤੇ ਬਾਣੀ ਬਾਣੇ ਦੇ ਧਾਰਨੀ ਹੋਣ ਦੀ ਪ੍ਰੇਰਣਾ ਕੀਤੀ।
ਜ਼ਿਕਰਯੋਗ ਹੈ ਕਿ ਮੀਰੀ ਪੀਰੀ ਖਾਲਸਾ ਮਾਰਚ ਪ੍ਰਤੀ ਸੰਗਤ ਅੰਦਰ ਵੱਡਾ ਉਤਸ਼ਾਹ ਹੈ। ਮਾਰਚ ਦੌਰਾਨ ਵੱਖ-ਵੱਖ ਪੜਾਵਾਂ ’ਤੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੌਜੁਆਨਾਂ ਨੂੰ ਸਾਬਤ ਸੂਰਤ ਹੋਣ ਅਤੇ ਨਸ਼ੇ ਛੱਡਣ ਲਈ ਪ੍ਰੇਰਿਤ ਕਰ ਰਹੇ ਹਨ। ਖ਼ੁਸ਼ੀ ਵਾਲੀ ਗੱਲ ਹੈ ਕਿ ਬਹੁਤ ਸਾਰੇ ਨੌਜੁਆਨ ਜਿਥੇ ਸਾਬਤ ਸੂਰਤ ਹੋਣ ਦਾ ਪ੍ਰਣ ਕਰ ਰਹੇ ਹਨ, ਉਥੇ ਹੀ ਨਸ਼ਿਆਂ ਤੋਂ ਦੂਰ ਰਹਿਣ ਲਈ ਵੀ ਤਿਆਰ ਹੋ ਰਹੇ ਹਨ।
ਮੀਰੀ ਪੀਰੀ ਖਾਲਸਾ ਮਾਰਚ ਅੱਜ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਚੁੱਲੇ ਬਾਬਾ ਆਲਾ ਸਿੰਘ ਜੀ ਲੌਂਗੋਵਾਲ ਵਿਖੇ ਪੁੱਜੇਗਾ, ਜਿਥੋਂ ਭਲਕੇ ਅਗਲੇ ਪੜਾਅ ਲਈ ਰਵਾਨਾ ਹੋਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸ. ਕੇਵਲ ਸਿੰਘ ਬਾਦਲ, ਸ. ਜਗਜੀਤ ਸਿੰਘ ਤਲਵੰਡੀ, ਬਾਬਾ ਬੂਟਾ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸੀਨੀਅਰ ਅਕਾਲੀ ਆਗੂ ਸ. ਆਰ.ਐਸ. ਕਲੇਰ, ਵਧੀਕ ਸਕੱਤਰ ਸ. ਭਗਵੰਤ ਸਿੰਘ ਧੰਗੇੜਾ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਹਲਕਾ ਇੰਚਾਰਜ ਸ. ਬਲਵਿੰਦਰ ਸਿੰਘ ਸੰਧੂ, ਬਾਬਾ ਸਰਬਜੋਤ ਸਿੰਘ, ਬਾਬਾ ਲਖਵੀਰ ਸਿੰਘ ਠਾਠ ਵੜੈਚ, ਮਾਸਟਰ ਗੁਰਮੀਤ ਸਿੰਘ, ਸਰਪੰਚ ਬੀਬੀ ਸਵਰਨਜੋਤ ਕੌਰ, ਚੇਅਰਮੈਨ ਸ. ਅਮਰਜੀਤ ਸਿੰਘ, ਸ. ਅਵਤਾਰ ਸਿੰਘ ਬੰਦੇਸ਼ਾਂ, ਇੰਚਾਰਜ ਸ. ਗੁਰਭਾਗ ਸਿੰਘ, ਹੈੱਡ ਗ੍ਰੰਥੀ ਭਾਈ ਮੋਹਿੰਦਰ ਸਿੰਘ, ਪ੍ਰਚਾਰਕ ਭਾਈ ਸਰਬਜੀਤ ਸਿੰਘ ਲੁਧਿਆਣਾ, ਕਥਾਵਾਚਕ ਸ. ਬਲਬੀਰ ਸਿੰਘ, ਸ. ਪਲਵਿੰਦਰ ਸਿੰਘ ਰਾਏਕੋਟ, ਮੈਨੇਜਰ ਸ. ਤਰਸੇਮ ਸਿੰਘ, ਸ. ਜਸਬੀਰ ਸਿੰਘ, ਸ. ਮਨਜੀਤ ਸਿੰਘ, ਸ. ਪਲਵਿੰਦਰ ਸਿੰਘ ਰਾਏਕੋਟ, ਚੇਅਰਮੈਨ ਸ. ਅਮਰਜੀਤ ਸਿੰਘ, ਐਸ. ਡੀ. ਐਮ. ਖੁਸ਼ਪ੍ਰੀਤ ਸਿੰਘ, ਸ. ਰਜਿੰਦਰ ਸਿੰਘ ਕਾਕਾ, ਸ. ਪ੍ਰਭਜੋਤ ਸਿੰਘ ਧਾਲੀਵਾਲ, ਹੀਰਾ ਲਾਲ ਬਾਂਸਲ, ਪ੍ਰਿੰਸੀਪਲ ਸ. ਬਲਕਾਰ ਸਿੰਘ, ਬਾਬਾ ਕੇਵਲ ਸਿੰਘ ਹਜ਼ੂਰ ਸਾਹਿਬ, ਬਾਬਾ ਗੁਰਭਾਗ ਸਿੰਘ ਕਾਰਸੇਵਾ, ਸ. ਨਿਰਭੈ ਸਿੰਘ, ਸ. ਅਮਰੀਕ ਸਿੰਘ ਸੁਧਾਰ, ਸ. ਅੰਕਿਤਪਾਲ ਸਿੰਘ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Leave a Reply

Your email address will not be published. Required fields are marked *

Copyright © All rights reserved. | Newsphere by AF themes.