October 18, 2026

Justice News

ਅਵਾਮ ਦੀ ਆਵਾਜ਼

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਮੈਂਬਰ ਡਾ. ਪਾਰਥਾ ਬਿਸਵਾਸ ਵੱਲੋਂ ਕੋਟ ਈਸੇ ਖਾਂ ਵਿਖੇ ਗ੍ਰਾਮ ਸੰਵਾਦ- ਡਾ. ਪਾਰਥਾ ਬਿਸਵਾਸ ਨੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਮਸਲਿਆਂ ਬਾਰੇ ਲੋਕਾਂ ਨਾਲ ਕੀਤਾ ਸੰਵਾਦ 

ਮੋਗਾ
( ਹਰਿਆਣਾ ਨਿਊਜ਼ /ਮਨਪ੍ਰੀਤ ਸਿੰਘ  )
ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਡਾ. ਪਾਰਥਾ ਬਿਸਵਾਸ ਵੱਲੋਂ ਅੱਜ ਪੰਡਿਤਾ ਵਾਲੀ ਧਰਮਸ਼ਾਲਾ, ਕੋਟ ਈਸੇ ਖਾਂ, ਜ਼ਿਲ੍ਹਾ ਮੋਗਾ ਵਿਖੇ ਗ੍ਰਾਮ ਸੰਵਾਦ ਦਾ ਆਯੋਜਨ ਕੀਤਾ। ਇਸ ਮੌਕੇ ਉਨ੍ਹਾਂ ਨੇ ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵੱਖ-ਵੱਖ ਮਸਲਿਆਂ ਅਤੇ ਉਨ੍ਹਾਂ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ।
ਇਸ ਮੌਕੇ ਉਨ੍ਹਾਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ, ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਜਸਪਿੰਦਰ ਸਿੰਘ ਅਤੇ ਐਸ.ਐਸ.ਪੀ. ਮੋਗਾ ਸ੍ਰੀ ਸਰਤਾਜ ਸਿੰਘ ਚਾਹਲ ਸਮੇਤ ਵੱਖ-ਵੱਖ ਅਧਿਕਾਰੀਆਂ ਨਾਲ ਰੈਸਟ ਹਾਊਸ ਮੋਗਾ ਵਿਖੇ ਮੀਟਿੰਗ ਵੀ ਕੀਤੀ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ. ਪਾਰਥਾ ਬਿਸਵਾਸ ਦਾ ਸਵਾਗਤ ਕੀਤਾ ਗਿਆ ਅਤੇ ਇਸ ਮੌਕੇ ਉਨ੍ਹਾਂ ਨੂੰ ਗਾਰਡ ਆਫ਼ ਆਨਰ ਵੀ ਪੇਸ਼ ਕੀਤਾ ਗਿਆ।
ਗ੍ਰਾਮ ਸੰਵਾਦ ਦੌਰਾਨ ਡਾ. ਪਾਰਥਾ ਬਿਸਵਾਸ ਨੇ ਲੋਕਾਂ ਨਾਲ ਸਿੱਧਾ ਸੰਵਾਦ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ, ਸ਼ਿਕਾਇਤਾਂ ਅਤੇ ਸੁਝਾਅ ਸੁਣੇ। ਉਨ੍ਹਾਂ ਨੇ ਕਿਹਾ ਕਿ ਅਜਿਹੇ ਸੰਵਾਦਾਂ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕਰਕੇ ਉਨ੍ਹਾਂ ਦੇ ਮਸਲਿਆਂ ਨੂੰ ਸਮਝਣਾ ਅਤੇ ਸਬੰਧਤ ਵਿਭਾਗਾਂ ਰਾਹੀਂ ਉਨ੍ਹਾਂ ਦੇ ਯੋਗ ਹੱਲ ਲਈ ਯਤਨ ਕਰਨਾ ਹੈ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਅਧਿਕਾਰਾਂ ਪ੍ਰਤੀ ਜਾਗਰੂਕ ਰਹਿਣ ਅਤੇ ਕਿਸੇ ਵੀ ਸਮੱਸਿਆ ਦੀ ਸੂਰਤ ਵਿੱਚ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਨ ਲਈ ਪ੍ਰੇਰਿਤ ਕੀਤਾ ।
ਡਾ. ਪਾਰਥਾ ਬਿਸਵਾਸ ਨੇ ਸਬੰਧਤ ਅਧਿਕਾਰੀਆਂ ਨੂੰ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਨੂੰ ਗੰਭੀਰਤਾ ਨਾਲ ਲੈਂਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਸਰਕਾਰੀ ਭਲਾਈ ਯੋਜਨਾਵਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਸਮਾਜ ਦੇ ਹਰ ਵਰਗ ਦੇ ਹੱਕਾਂ ਦੀ ਰੱਖਿਆ ਕਰਨਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।
ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਨੁਸੂਚਿਤ ਜਾਤੀਆਂ ਦੇ ਨੁਮਾਇੰਦੇ ਅਤੇ ਐਨ.ਜੀ.ਓਜ਼ ਦੇ ਨੁਮਾਇੰਦੇ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.