ਕਪੂਰਥਲਾ,
(ਜਸਟਿਸ ਨਿਊਜ਼)
ਡਿਪਟੀ ਕਮਿਸ਼ਨਰ ਅਕਾਸ਼ ਬਾਂਸਲ ਨੇ ਜ਼ਿਲ੍ਹੇ ਦੇ ਸਾਰੇ ਨਿੱਜੀ ਸਕੂਲਾਂ ਨੂੰ ਹਦਾਇਤ ਕੀਤੀ ਕਿ ਵਿਦਿਆਰਥੀਆਂ ਨੂੰ ਕੈਂਪਸ ਦੇ ਅੰਦਰੋਂ ਹੀ ਸਕੂਲੀ ਬੱਸਾਂ ਵਿੱਚ ਚਾੜ੍ਹਨ ਅਤੇ ਉਤਾਰਣ ਨੂੰ ਯਕੀਨੀ ਬਣਾਉਣ। ਉਨ੍ਹਾਂ ਸਕੂਲਾਂ ਨੂੰ ਸੜਕਾਂ ਦੇ ਕਿਨਾਰੇ ’ਤੇ ਬੱਸਾਂ ਖੜ੍ਹੀਆਂ ਨਾ ਕਰਨ ਦੇ ਵੀ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਅਜਿਹਾ ਕਰਨ ਨਾਲ ਸੜਕ ਹਾਦਸਿਆਂ ਦਾ ਖ਼ਤਰਾ ਵਧਦਾ ਹੈ ਤੇ ਟ੍ਰੈਫਿਕ ਜਾਮ ਹੁੰਦਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸਕੂਲ ਵਿਦਿਆਰਥੀਆਂ ਨੂੰ ਸਕੂਲ ਦੀ ਇਮਾਰਤ ਤੋਂ ਬਾਹਰ ਬੱਸਾਂ ਵਿੱਚ ਚਾੜ੍ਹਨ ਅਤੇ ਉਤਾਰਨ ਦੀ ਇਜਾਜ਼ਤ ਦੇ ਰਹੇ ਹਨ, ਜਦਕਿ ਬੱਸਾਂ ਜਨਤਕ ਸੜਕਾਂ ਦੇ ਕਿਨਾਰੇ ਖੜ੍ਹੀਆਂ ਰਹਿੰਦੀਆਂ ਹਨ। ਇਸ ਨਾਲ ਜਿੱਥੇ ਵਿਦਿਆਰਥੀਆਂ ਦੀ ਸੁਰੱਖਿਆ ਲਈ ਗੰਭੀਰ ਖ਼ਤਰਾ ਪੈਦਾ ਹੁੰਦਾ ਹੈ, ਉੱਥੇ ਹੀ ਟ੍ਰੈਫਿਕ ਜਾਮ ਲੱਗਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਨ੍ਹਾਂ ਆਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਹੁਕਮ ਦਿੱਤੇ ਹਨ ਕਿ ਸਾਰੀਆਂ ਸਕੂਲੀ ਬੱਸਾਂ ਸਕੂਲ ਕੈਂਪਸ ਦੇ ਅੰਦਰ ਹੀ ਖੜ੍ਹੀਆਂ ਕੀਤੀਆਂ ਜਾਣ ਅਤੇ ਵਿਦਿਆਰਥੀਆਂ ਦੇ ਚੜ੍ਹਨ ਅਤੇ ਉਤਰਣ ਦੀ ਪ੍ਰਕਿਰਿਆ ਸਿਰਫ਼ ਸਕੂਲ ਦੀ ਇਮਾਰਤ ਦੇ ਅੰਦਰ ਹੀ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਨੂੰ ਬਹੁਤ ਜ਼ਰੂਰੀ ਸਮਝਿਆ ਜਾਵੇ ਅਤੇ ਚਿਤਾਵਨੀ ਦਿੱਤੀ ਕਿ ਇਨ੍ਹਾਂ ਨੂੰ ਲਾਗੂ ਕਰਨ ਵਿੱਚ ਕੋਈ ਵੀ ਲਾਪ੍ਰਵਾਹੀ ਜਾਂ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
Leave a Reply