October 17, 2026

Justice News

ਅਵਾਮ ਦੀ ਆਵਾਜ਼

ਸੇਵਾ ਕੇਂਦਰਾਂ ਰਾਹੀਂ ਦਸਵੀਂ ਤੇ ਬਾਰਵ੍ਹੀਂ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਦੀ ਸਹੂਲਤ ਸ਼ੁਰੂ-30 ਸਤੰਬਰ ਤੱਕ ਬਿਨਾਂ ਕਿਸੇ ਸਰਕਾਰੀ ਫੀਸ ਅਤੇ ਸੁਵਿਧਾ ਚਾਰਜ ਤੋਂ ਲਾਭ ਲਿਆ ਜਾ ਸਕਦਾ ਹੈ-ਡਿਪਟੀ ਕਮਿਸ਼ਨਰ

ਮੋਗਾ

( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )

ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਸਰਕਾਰੀ ਸੇਵਾਵਾਂ ਸੁਖਾਲੇ ਅਤੇ ਪਾਰਦਰਸ਼ੀ ਢੰਗ ਨਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਸੇਵਾ ਸੇਵਾ ਕੇਂਦਰਾਂ ਰਾਹੀਂ ਸ਼ੁਰੂ ਕਰ ਦਿੱਤੀ ਗਈ ਹੈ। ਇਸ ਸਹੂਲਤ ਤਹਿਤ ਲਾਭਪਾਤਰੀ ਆਪਣੇ ਗੁੰਮ ਜਾਂ ਖਰਾਬ ਹੋਏ ਸਰਟੀਫਿਕੇਟ ਦੀ ਦੂਜੀ ਕਾਪੀ ਆਸਾਨੀ ਨਾਲ ਪ੍ਰਾਪਤ ਕਰ ਸਕਦੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਸੇਵਾ ਇਸ ਸਮੇਂ ਸੇਵਾ ਕੇਂਦਰਾਂ ਰਾਹੀਂ ਉਪਲਬਧ ਹੈ ਅਤੇ ਇਸ ਦੀ ਮਿਆਦ 30 ਸਤੰਬਰ 2026 ਤੱਕ ਹੈ। ਉਨ੍ਹਾਂ ਦੱਸਿਆ ਕਿ ਇਸ ਸੇਵਾ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਸਰਕਾਰ ਦੇ ਆਨਲਾਈਨ ਪੋਰਟਲ esewa.punjab.gov.in ਰਾਹੀਂ ਵੀ ਅਰਜ਼ੀ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10ਵੀਂ ਅਤੇ 12ਵੀਂ ਜਮਾਤ ਦੇ ਸਰਟੀਫਿਕੇਟ ਦੀ ਦੂਜੀ ਕਾਪੀ ਪ੍ਰਾਪਤ ਕਰਨ ਲਈ ਕਿਸੇ ਵੀ ਕਿਸਮ ਦੀ ਸਰਕਾਰੀ ਫੀਸ ਜਾਂ ਸੁਵਿਧਾ ਚਾਰਜ ਨਹੀਂ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਹਿਲਕਦਮੀ ਨਾਲ ਵਿਦਿਆਰਥੀਆਂ, ਸਾਬਕਾ ਵਿਦਿਆਰਥੀਆਂ ਅਤੇ ਹੋਰ ਬਿਨੈਕਾਰਾਂ ਨੂੰ ਆਪਣੇ ਮਹੱਤਵਪੂਰਨ ਵਿਦਿਅਕ ਦਸਤਾਵੇਜ਼ ਮੁੜ ਪ੍ਰਾਪਤ ਕਰਨ ਵਿੱਚ ਵੱਡੀ ਸਹੂਲਤ ਮਿਲੇਗੀ।

ਸ੍ਰੀ ਸਾਗਰ ਸੇਤੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਨਿਰਧਾਰਤ ਮਿਆਦ ਦੇ ਅੰਦਰ ਆਪਣੀ ਅਰਜ਼ੀ ਜਮ੍ਹਾਂ ਕਰਵਾਉਣ। ਉਨ੍ਹਾਂ ਕਿਹਾ ਕਿ ਜੇਕਰ ਸੇਵਾ ਦਾ ਲਾਭ ਲੈਂਦੇ ਸਮੇਂ ਕਿਸੇ ਕਿਸਮ ਦੀ ਤਕਨੀਕੀ ਸਮੱਸਿਆ ਪੇਸ਼ ਆਉਂਦੀ ਹੈ ਤਾਂ ਸਬੰਧਤ ਜ਼ਿਲ੍ਹੇ ਦੀ ਆਈ.ਟੀ. ਸ਼ਾਖਾ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਾਗਰਿਕਾਂ ਨੂੰ ਵੱਖ-ਵੱਖ ਸਰਕਾਰੀ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਸੁਖਾਲੇ ਢੰਗ ਨਾਲ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਸੇਵਾ ਕੇਂਦਰਾਂ ਰਾਹੀਂ ਸਰਟੀਫਿਕੇਟ ਦੀ ਦੂਜੀ ਕਾਪੀ ਜਾਰੀ ਕਰਨ ਦੀ ਇਹ ਸਹੂਲਤ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.