ਖੜਗੇ ਦੇ ਸਮਾਗਮ ਵਾਲੀ ਥਾਂ ਦੇ ‘ਸ਼ੁੱਧੀਕਰਨ’ ਮਾਮਲੇ ’ਚ ਕਾਰਵਾਈ ਨਾ ਕਰਨ ਅਤੇ ਰਾਹੁਲ ਗਾਂਧੀ ਵਿਰੁੱਧ ਮੁਕੱਦਮਾ ਦਰਜ ਕਰਨ ਦਾ ਵਿਰੋਧ ਜਾਰੀ ਰਹੇਗਾ : ਤਲਵਾੜ
ਲੁਧਿਆਣਾ
( ਜਸਟਿਸ ਨਿਊਜ਼ )
ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਦੇ ਹਲਦਵਾਨੀ, ਉੱਤਰਾਖੰਡ ਵਿਖੇ ਹੋਏ ਸਮਾਗਮ ਤੋਂ ਬਾਅਦ ਸਮਾਗਮ ਵਾਲੀ ਥਾਂ ਦੇ ਕਥਿਤ ‘ਸ਼ੁੱਧੀਕਰਨ’ ਦੀ ਘਟਨਾ ਦੇ ਵਿਰੋਧ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕੀਤੇ ਜਾਣ ਅਤੇ ਇਸ ਮਾਮਲੇ ਦਾ ਵਿਰੋਧ ਕਰਨ ’ਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੇ ਵਿਰੋਧ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਵੱਲੋਂ ਟਿੱਬਾ ਰੋਡ ਦਫ਼ਤਰ ਦੇ ਬਾਹਰ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ। ਇਹ ਪੁਤਲਾ ਫੂਕ ਪ੍ਰਦਰਸ਼ਨ ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਲੁਧਿਆਣਾ ਦੇ ਪ੍ਰਧਾਨ ਸੰਜੇ ਤਲਵਾੜ (ਸਾਬਕਾ ਵਿਧਾਇਕ) ਦੀ ਅਗਵਾਈ ਹੇਠ ਕੀਤਾ ਗਿਆ ਅਤੇ ਪ੍ਰਧਾਨ ਮੰਤਰੀ ਨਰਿੰਦੇਰ ਮੋਦੀ ਦਾ ਪੁਤਲਾ ਫੁਕਿਆ ।ਇਸ ਮੌਕੇ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਸਮਰਥਕਾਂ ਨੇ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਸੰਜੇ ਤਲਵਾੜ ਨੇ ਕਿਹਾ ਕਿ ਕਾਂਗਰਸ ਪ੍ਰਧਾਨ ਸ੍ਰੀ ਮਲਿਕਾਰਜੁਨ ਖੜਗੇ ਦੇ ਹਲਦਵਾਨੀ ਵਿਖੇ ਹੋਏ ਸਮਾਗਮ ਤੋਂ ਬਾਅਦ ਜਿਸ ਤਰ੍ਹਾਂ ਸਮਾਗਮ ਵਾਲੀ ਥਾਂ ਦਾ ‘ਸ਼ੁੱਧੀਕਰਨ’ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ, ਉਸ ਘਟਨਾ ’ਤੇ ਭਾਜਪਾ ਸਰਕਾਰ ਵੱਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਘਟਨਾ ਦੇ ਵਿਰੋਧ ਵਿੱਚ ਰਾਹੁਲ ਗਾਂਧੀ ਵੱਲੋਂ ਪ੍ਰੈੱਸ ਕਾਨਫਰੰਸ ਕਰਨ ਤੋਂ ਬਾਅਦ ਉਨ੍ਹਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ। ਤਲਵਾੜ ਨੇ ਦੋਸ਼ ਲਗਾਇਆ ਕਿ ਭਾਜਪਾ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਵਿੱਚ ਦੋਹਰੇ ਮਾਪਦੰਡ ਅਪਣਾਏ ਜਾ ਰਹੇ ਹਨ। ਕਾਂਗਰਸ ਪਾਰਟੀ ਅਜਿਹੀ ਕਿਸੇ ਵੀ ਕਾਰਵਾਈ ਨੂੰ ਬਰਦਾਸ਼ਤ ਨਹੀਂ ਕਰੇਗੀ, ਜਿਸ ਨਾਲ ਸਮਾਜ ਵਿੱਚ ਜਾਤ-ਪਾਤ ਦੇ ਆਧਾਰ ’ਤੇ ਭੇਦਭਾਵ ਦੀ ਭਾਵਨਾ ਨੂੰ ਹੱਲਾਸ਼ੇਰੀ ਮਿਲੇ।
ਇਸ ਮੌਕੇ ਸੁਰਿੰਦਰ ਕੌਰ, ਨਿੱਕੀ ਰਿਐਤ, ਪਵਨ ਦੀਵਾਨ ਅਤੇ ਹੋਰ ਕਾਂਗਰਸੀ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਸਮਾਜ ਵਿੱਚ ਬਰਾਬਰੀ, ਭਾਈਚਾਰਕ ਸਾਂਝ ਅਤੇ ਸਮਾਜਿਕ ਏਕਤਾ ਦਾ ਸੁਨੇਹਾ ਦੇਣ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।