ਐਮ ਐਲ ਏ ਜਗਤਾਰ ਸਿੰਘ ਦਿਆਲਪੁਰਾ ਵੱਲੋਂ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੱਤਰਕਾਰ ਦਵਿੰਦਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ ਗਿਆ
ਸਮਰਾਲਾ,
:(ਜਸਟਿਸ ਨਿਊਜ਼)
ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪੰਜਾਬ ਸਰਕਾਰ ਦੀ ਤਰਫ਼ੋਂ ਸੜਕ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਪੱਤਰਕਾਰ ਦਵਿੰਦਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ।
ਵਿਧਾਇਕ ਦਿਆਲਪੁਰਾ ਪਿੰਡ ਸ਼ਮਸਪੁਰ, ਨੇੜੇ ਸਮਰਾਲਾ, ਵਿਖੇ ਪੱਤਰਕਾਰ ਦਵਿੰਦਰ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਦੇ ਮਾਤਾ ਸ੍ਰੀਮਤੀ ਜਸਪਾਲ ਕੌਰ ਅਤੇ ਪਿਤਾ ਸ੍ਰੀ ਬਲਕਾਰ ਸਿੰਘ ਨੂੰ ਪੰਜਾਬ ਸਰਕਾਰ ਵੱਲੋਂ ਪ੍ਰਦਾਨ ਕੀਤੀ ਗਈ 5 ਲੱਖ ਰੁਪਏ ਦੀ ਬੀਮਾ ਰਾਸ਼ੀ ਦਾ ਚੈੱਕ ਸੌਂਪਿਆ।
ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਪੱਤਰਕਾਰ ਦਵਿੰਦਰ ਸਿੰਘ ਦੀ ਅਚਾਨਕ ਮੌਤ ਇੱਕ ਬਹੁਤ ਹੀ ਦੁਖਦਾਈ ਘਟਨਾ ਹੈ ਅਤੇ ਪੰਜਾਬ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਦੇ ਨਾਲ ਖੜ੍ਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੱਤਰਕਾਰ ਭਾਈਚਾਰੇ ਦੀ ਭਲਾਈ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਸਰਕਾਰ ਵੱਲੋਂ ਦਿੱਤੀ ਗਈ ਇਹ ਬੀਮਾ ਸਹਾਇਤਾ ਰਾਸ਼ੀ ਦੁਖੀ ਪਰਿਵਾਰ ਨੂੰ ਇਸ ਔਖੇ ਸਮੇਂ ਵਿੱਚ ਕੁਝ ਹੱਦ ਤੱਕ ਆਰਥਿਕ ਸਹਾਰਾ ਪ੍ਰਦਾਨ ਕਰੇਗੀ।
ਇਸ ਮੌਕੇ ਅਜੀਤ ਅਖ਼ਬਾਰ ਦੇ ਜ਼ਿਲ੍ਹਾ ਮੋਹਾਲੀ ਅਤੇ ਚੰਡੀਗੜ੍ਹ ਸਬ-ਦਫ਼ਤਰ ਦੇ ਇੰਚਾਰਜ ਪ੍ਰੋ. ਅਵਤਾਰ ਸਿੰਘ, ਮੋਹਾਲੀ ਤੋਂ ਪੱਤਰਕਾਰ ਜਸਬੀਰ ਸਿੰਘ ਜੱਸੀ ਅਤੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਰਵੀ ਇੰਦਰ ਸਿੰਘ ਵੀ ਮੌਜੂਦ ਸਨ।
ਜ਼ਿਕਰਯੋਗ ਹੈ ਕਿ ਮੋਹਾਲੀ ਵਿਖੇ ਤਾਇਨਾਤ ਅਜੀਤ ਵੈੱਬ ਟੀਵੀ ਦੇ ਪੱਤਰਕਾਰ ਦਵਿੰਦਰ ਸਿੰਘ ਦੀ ਇਸ ਸਾਲ ਫਰਵਰੀ ਮਹੀਨੇ ਦੌਰਾਨ ਇੱਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪੰਜਾਬ ਸਰਕਾਰ ਵੱਲੋਂ ਪੱਤਰਕਾਰ ਭਲਾਈ ਅਤੇ ਬੀਮਾ ਯੋਜਨਾ ਤਹਿਤ ਉਨ੍ਹਾਂ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਬੀਮਾ ਸਹਾਇਤਾ ਰਾਸ਼ੀ ਪ੍ਰਦਾਨ ਕੀਤੀ ਗਈ ਹੈ।