September 4, 2026

Justice News

ਅਵਾਮ ਦੀ ਆਵਾਜ਼

ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਮੋਗਾ ’ਚ ਸ਼ਾਨਦਾਰ ਸਵਾਗਤ ਢੁੱਡੀਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਵਿਖੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਤੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਵੱਲੋਂ ਮਸ਼ਾਲ ਦਾ ਸਵਾਗਤ 

(  ਜਸਟਿਸ ਨਿਊਜ਼  )
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ, ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਪੰਜਾਬ ਦੇ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੀ ਮਸ਼ਾਲ ਦਾ ਅੱਜ ਮੋਗਾ ਜ਼ਿਲ੍ਹੇ ਵਿੱਚ ਪੂਰੇ ਜੋਸ਼ੋ-ਖਰੋਸ਼ ਅਤੇ ਮਾਣ-ਸਨਮਾਨ ਨਾਲ ਸਵਾਗਤ ਕੀਤਾ ਗਿਆ।
 ਢੁੱਡੀਕੇ ਵਿਖੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਮੋਗਾ ਵਿਖੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਮਸ਼ਾਲ ਮਾਰਚ ਦੀ ਅਗਵਾਈ ਕੀਤੀ।
 ਢੁੱਡੀਕੇ ਵਿਖੇ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਮਸ਼ਾਲ ਦੀ ਅਗਵਾਈ ਕਰਦਿਆਂ ਕਿਹਾ ਕਿ ਪੰਜਾਬ ਦੀ ਧਰਤੀ ਨੇ ਹਮੇਸ਼ਾ ਦੇਸ਼ ਅਤੇ ਦੁਨੀਆ ਨੂੰ ਸ਼ਾਨਦਾਰ ਖਿਡਾਰੀ ਦਿੱਤੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਨੌਜਵਾਨ ਪ੍ਰਤਿਭਾ ਨੂੰ ਉਚਿਤ ਮੰਚ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
 ਉਪਰੰਤ ਮਸ਼ਾਲ ਮੋਗਾ ਸ਼ਹਿਰ ਵਿੱਚ ਦਾਖਲ ਹੋਈ ਅਤੇ ਜੋਗਿੰਦਰ ਸਿੰਘ ਚੌਂਕ ਰਾਹੀਂ ਭੁਪਿੰਦਰਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਮੋਗਾ ਵਿਖੇ ਪਹੁੰਚੀ। ਇੱਥੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਹਲਕਾ ਮੋਗਾ ਦੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਮਸ਼ਾਲ ਦਾ ਸਵਾਗਤ ਕੀਤਾ।
ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਸੂਬੇ ਦੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਇੱਕ ਵਿਸ਼ਾਲ ਮੰਚ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਨੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡਾਂ ਪ੍ਰਤੀ ਨਵਾਂ ਉਤਸ਼ਾਹ ਪੈਦਾ ਕੀਤਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਇਨ੍ਹਾਂ ਖੇਡਾਂ ਨਾਲ ਜੁੜ ਰਹੇ ਹਨ।
ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ 9 ਤੋਂ 18 ਸਤੰਬਰ ਤੱਕ ਬਲਾਕ ਪੱਧਰੀ ਖੇਡਾਂ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ। ਖਿਡਾਰੀ sports.punjab.gov.in ਰਾਹੀਂ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਉਨ੍ਹਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆਪਣੇ ਜੀਵਨ ਦਾ ਅਹਿਮ ਹਿੱਸਾ ਬਣਾਉਣ ਅਤੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਭਾਗ ਲੈਣ।
ਮਸ਼ਾਲ 5 ਸਤੰਬਰ ਨੂੰ ਗੋਧੇਵਾਲਾ ਇੰਡੋਰ ਸਟੇਡੀਅਮ, ਮੋਗਾ ਤੋਂ ਪਿੰਡ ਥਰਾਜ ਲਈ ਰਵਾਨਾ ਹੋਵੇਗੀ, ਜਿੱਥੋਂ ਇਸ ਨੂੰ ਅੱਗੇ ਜ਼ਿਲ੍ਹਾ ਬਠਿੰਡਾ ਲਈ ਰਵਾਨਾ ਕੀਤਾ ਜਾਵੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.