September 6, 2026

Justice News

ਅਵਾਮ ਦੀ ਆਵਾਜ਼

ਰੋਲ ਆਬਜਰਵਰ ਰਿਤੂ ਅਗਰਵਾਲ ਵੱਲੋਂ ਮੋਗਾ ‘ਚ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਦੀ ਸਮੀਖਿਆ -ਪੋਲਿੰਗ ਬੂਥਾਂ ’ਤੇ ਜਾ ਕੇ ਵਿਸ਼ੇਸ਼ ਕੈਂਪਾਂ ਦਾ ਲਿਆ ਜਾਇਜ਼ਾ – ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵੀ ਕੀਤੀ ਮੀਟਿੰਗ

(  ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )
ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ ਮੋਗਾ ਜ਼ਿਲ੍ਹੇ ਵਿੱਚ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ-2026 ਦੀ ਪ੍ਰਕਿਰਿਆ ਦੀ ਨਿਗਰਾਨੀ ਲਈ ਨਿਯੁਕਤ ਰੋਲ ਆਬਜਰਵਰ ਰਿਤੂ ਅਗਰਵਾਲ, (ਆਈ.ਏ.ਐੱਸ.) ਸਕੱਤਰ, ਕਾਰਪੋਰੇਸ਼ਨ ਵੱਲੋਂ ਅੱਜ ਮੋਗਾ ਜ਼ਿਲ੍ਹੇ ਵਿੱਚ ਐਸ ਆਈ ਆਰ ਪ੍ਰਕਿਰਿਆ ਦੀ ਸਮੀਖਿਆ ਕੀਤੀ ਗਈ ।
ਉਨ੍ਹਾਂ ਵੱਲੋਂ ਅੱਜ ਮੋਗਾ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ (ਆਈ ਏ ਐਸ) ਵੀ ਮੌਜੂਦ ਸਨ।
ਮੀਟਿੰਗ ਦੌਰਾਨ ਰੋਲ ਆਬਜ਼ਰਵਰ ਨੇ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ ਚੱਲ ਰਹੀ ਵੋਟਰ ਸੂਚੀਆਂ ਦੀ ਸੁਧਾਈ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਅਤੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਤੋਂ ਸੁਝਾਅ ਵੀ ਪ੍ਰਾਪਤ ਕੀਤੇ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਗਹਿਰੀ ਸੁਧਾਈ ਪ੍ਰਕਿਰਿਆ ਵਿੱਚ ਪਾਰਦਰਸ਼ਤਾ, ਨਿਰਪੱਖਤਾ ਅਤੇ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣਾ ਚੋਣ ਕਮਿਸ਼ਨ ਦੀ ਮੁੱਖ ਤਰਜੀਹ ਹੈ। ਇਸ ਮੀਟਿੰਗ ਵਿੱਚ ਸੰਜੀਵ ਕੋਛੜ (ਇੰਡੀਅਨ ਨੈਸ਼ਨਲ ਕਾਂਗਰਸ), ਰੋਹਿਤ ਕੁਮਾਰ ਸੀ ਪੀ ਆਈ (ਐਮ), ਗੁਰਵਿੰਦਰ ਸਿੰਘ, ਅਨਿਲ ਸ਼ਰਮਾ, ਅਮ੍ਰਿਤਪਾਲ ਸਿੰਘ ਤੇ ਮਨਦੀਪ ਸਿੰਘ ( ਆਪ), ਮੁਖਤਿਆਰ ਸਿੰਘ (ਬੀ ਜੇ ਪੀ), ਕੁਲਦੀਪ ਸਿੰਘ ਸ਼੍ਰੋਮਣੀ ਅਕਾਲੀ ਦਲ, ਰਛਪਾਲ ਸਿੰਘ ਸ਼ੋਸਂਨ ਐਮ ਪੀ ਦਫਤਰ ਫ਼ਰੀਦਕੋਟ ਆਦਿ ਹਾਜ਼ਰ ਸਨ।
ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਿਸ਼ੇਸ਼ ਗਹਿਰੀ ਸੁਧਾਈ ਦੌਰਾਨ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਪੇਸ਼ ਨਾ ਆਵੇ ਅਤੇ ਵੋਟਰ ਸੂਚੀਆਂ ਨੂੰ ਨਿਰਧਾਰਤ ਨਿਯਮਾਂ ਅਨੁਸਾਰ ਸਹੀ ਅਤੇ ਅਪਡੇਟ ਕਰਨ ਦੀ ਪ੍ਰਕਿਰਿਆ ਨੂੰ ਪੂਰੀ ਗੰਭੀਰਤਾ ਨਾਲ ਨੇਪਰੇ ਚਾੜ੍ਹਿਆ ਜਾਵੇ।
ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਸੇਤੀਆ ਨੇ ਕਿਹਾ ਕਿ ਮੋਗਾ ਜ਼ਿਲ੍ਹੇ ਵਿੱਚ ਐਸ ਆਈ ਆਰ ਦਾ ਕੰਮ ਪੂਰਨ ਰੂਪ ਵਿੱਚ ਤਸੱਲੀਬਖ਼ਸ਼ ਤਰੀਕੇ ਨਾਲ ਹੋਇਆ ਤੇ ਜ਼ਿਲ੍ਹੇ ਦੇ ਧਰਮਕੋਟ ਹਲਕੇ ਵੱਲੋਂ ਪੰਜਾਬ ਭਰ ਵਿੱਚ ਸਭ ਤੋਂ ਪਹਿਲਾਂ ਐਸ ਆਈ ਆਰ ਨੂੰ ਪੂਰਾ ਕੀਤਾ ਗਿਆ ।
ਇਸ ਉਪਰੰਤ ਰਿਤੂ ਅਗਰਵਾਲ ਵੱਲੋਂ ਵਿਸ਼ੇਸ਼ ਗਹਿਰੀ ਸੁਧਾਈ ਲਈ ਪੋਲਿੰਗ ਬੂਥਾਂ ’ਤੇ ਲਗਾਏ ਜਾ ਰਹੇ ਵਿਸ਼ੇਸ਼ ਕੈਂਪਾਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਕੈਂਪਾਂ ਵਿੱਚ ਬੂਥ ਲੈਵਲ ਅਫ਼ਸਰਾਂ ਵੱਲੋਂ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਨਾਗਰਿਕਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਕੈਂਪਾਂ ਵਿੱਚ ਪਹੁੰਚੇ ਲੋਕਾਂ ਨਾਲ ਸਿੱਧੀ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਵਾਂ ਬਾਰੇ ਵੀ ਜਾਣਿਆ। ਇਸ ਦੌਰਾਨ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ ਜ਼ ਸ੍ਰ ਜਸਪਿੰਦਰ ਸਿੰਘ, ਚੋਣ ਤਹਿਸੀਲਦਾਰ ਬਰਜਿੰਦਰ ਸਿੰਘ ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਰੋਲ ਆਬਜ਼ਰਵਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਗਹਿਰੀ ਸੁਧਾਈ-2026 ਦੌਰਾਨ ਆਪਣੀ ਵੋਟਰ ਜਾਣਕਾਰੀ ਦੀ ਪੜਤਾਲ ਜ਼ਰੂਰ ਕਰਨ ਅਤੇ ਜੇਕਰ ਕਿਸੇ ਤਰ੍ਹਾਂ ਦੀ ਸੋਧ ਜਾਂ ਦਰੁਸਤੀ ਦੀ ਲੋੜ ਹੋਵੇ ਤਾਂ ਨਿਰਧਾਰਤ ਪ੍ਰਕਿਰਿਆ ਅਨੁਸਾਰ ਕਾਰਵਾਈ ਕਰਵਾਉਣ। ਉਨ੍ਹਾਂ ਕਿਹਾ ਕਿ ਸਹੀ ਅਤੇ ਅਪਡੇਟ ਵੋਟਰ ਸੂਚੀ ਮਜ਼ਬੂਤ ਲੋਕਤੰਤਰ ਦੀ ਬੁਨਿਆਦ ਹੈ ਅਤੇ ਇਸ ਪ੍ਰਕਿਰਿਆ ਵਿੱਚ ਹਰੇਕ ਯੋਗ ਨਾਗਰਿਕ ਦੀ ਭੂਮਿਕਾ ਮਹੱਤਵਪੂਰਨ ਹੈ।

More Stories

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.