ਮਾਲੇਰਕੋਟਲਾ ਦੇ AAP ਆਗੂ ਸੁਹੇਬ ਖਾਨ ‘ਸ਼ੈਬੀ’ ਨੂੰ ਪੰਜਾਬ ਸਰਕਾਰ ਨੇ ਸੌਂਪੀ ਵੱਡੀ ਜ਼ਿੰਮੇਵਾਰੀ
ਮਾਲੇਰਕੋਟਲਾ,
(ਸ਼ਹਿਬਾਜ਼ ਚੌਧਰੀ)
ਪੰਜਾਬ ਦੀ ਸਿਆਸਤ ਨਾਲ ਜੁੜੀ ਇਸ ਵੇਲੇ ਦੀ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਆਮ ਆਦਮੀ ਪਾਰਟੀ ਦੇ ਆਗੂ ਸੁਹੇਬ ਖਾਨ ‘ਸ਼ੈਬੀ’ ਨੂੰ ਪੰਜਾਬ ਸਰਕਾਰ ਵੱਲੋਂ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਦੀ ਖ਼ਬਰ ਸਾਹਮਣੇ ਆਉਂਦਿਆਂ ਹੀ ਮਾਲੇਰਕੋਟਲਾ ਦੇ ਸਿਆਸੀ ਅਤੇ ਸਮਾਜਿਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ।
ਸੁਹੇਬ ਖਾਨ ‘ਸ਼ੈਬੀ’ ਨੂੰ ਮਿਲੀ ਇਹ ਜ਼ਿੰਮੇਵਾਰੀ ਮਾਲੇਰਕੋਟਲਾ ਦੀ ਸਿਆਸਤ ਦੇ ਨਾਲ-ਨਾਲ ਪੰਜਾਬ ਦੇ ਮੁਸਲਿਮ ਭਾਈਚਾਰੇ ਲਈ ਵੀ ਅਹਿਮ ਮੰਨੀ ਜਾ ਰਹੀ ਹੈ। ਸਰਕਾਰ ਵੱਲੋਂ ਉਨ੍ਹਾਂ ’ਤੇ ਜਤਾਏ ਗਏ ਭਰੋਸੇ ਨੂੰ ਉਨ੍ਹਾਂ ਦੀਆਂ ਸਿਆਸੀ ਅਤੇ ਸਮਾਜਿਕ ਸਰਗਰਮੀਆਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ।
ਨਵੀਂ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਸੁਹੇਬ ਖਾਨ ‘ਸ਼ੈਬੀ’ ਨੇ ਕਿਹਾ ਕਿ ਉਹ ਬੋਰਡ ਦੇ ਮੈਂਬਰ ਵਜੋਂ ਮੁਸਲਿਮ ਭਾਈਚਾਰੇ ਨਾਲ ਜੁੜੀਆਂ ਸਮੱਸਿਆਵਾਂ ਅਤੇ ਹੱਕਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਉਣ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ। ਉਨ੍ਹਾਂ ਖਾਸ ਤੌਰ ’ਤੇ ਸਿੱਖਿਆ, ਰੁਜ਼ਗਾਰ, ਸਮਾਜਿਕ ਭਲਾਈ ਅਤੇ ਭਾਈਚਾਰੇ ਦੇ ਵਿਕਾਸ ਨਾਲ ਸਬੰਧਤ ਮੁੱਦਿਆਂ ਨੂੰ ਤਰਜੀਹ ਦੇਣ ਦੀ ਗੱਲ ਆਖੀ।
ਉਨ੍ਹਾਂ ਕਿਹਾ ਕਿ ਮਿਲੀ ਜ਼ਿੰਮੇਵਾਰੀ ਨੂੰ ਉਹ ਸਿਰਫ਼ ਇੱਕ ਅਹੁਦਾ ਨਹੀਂ, ਸਗੋਂ ਲੋਕਾਂ ਦੀ ਸੇਵਾ ਕਰਨ ਅਤੇ ਭਾਈਚਾਰੇ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਉਣ ਦਾ ਮੌਕਾ ਸਮਝਦੇ ਹਨ।ਨਿਯੁਕਤੀ ਦੀ ਖ਼ਬਰ ਮਿਲਦੇ ਹੀ ਸੁਹੇਬ ਖਾਨ ‘ਸ਼ੈਬੀ’ ਦੇ ਸਮਰਥਕਾਂ, ਸਾਥੀਆਂ ਅਤੇ ਜਾਣਕਾਰਾਂ ਵੱਲੋਂ ਉਨ੍ਹਾਂ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਸ਼ੁਰੂ ਹੋ ਗਿਆ। ਮਾਲੇਰਕੋਟਲਾ ਦੇ ਸਿਆਸੀ ਹਲਕਿਆਂ ਵਿੱਚ ਵੀ ਇਸ ਨਿਯੁਕਤੀ ਨੂੰ ਲੈ ਕੇ ਚਰਚਾਵਾਂ ਤੇਜ਼ ਹੋ ਗਈਆਂ ਹਨ।
ਹੁਣ ਦੇਖਣਾ ਇਹ ਹੋਵੇਗਾ ਕਿ ਪੰਜਾਬ ਸਟੇਟ ਮੁਸਲਿਮ ਡਿਵੈਲਪਮੈਂਟ ਬੋਰਡ ਦੇ ਮੈਂਬਰ ਵਜੋਂ ਸੁਹੇਬ ਖਾਨ ‘ਸ਼ੈਬੀ’ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਕਿਸ ਤਰ੍ਹਾਂ ਨਿਭਾਉਂਦੇ ਹਨ ਅਤੇ ਮੁਸਲਿਮ ਭਾਈਚਾਰੇ ਨਾਲ ਜੁੜੇ ਕਿਹੜੇ ਮੁੱਦਿਆਂ ਨੂੰ ਸਰਕਾਰ ਦੇ ਦਰਬਾਰ ਤੱਕ ਪਹੁੰਚਾ ਕੇ ਉਨ੍ਹਾਂ ਦੇ ਹੱਲ ਲਈ ਪਹਿਲਕਦਮੀ ਕਰਦੇ ਹਨ।