September 8, 2026

Justice News

ਅਵਾਮ ਦੀ ਆਵਾਜ਼

ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ ਦੇ ਆਲੇ ਦੁਆਲੇ ਡਰੋਨਜ਼ ਕੈਮਰਾ ਉਡਾਉਣ ਤੇ ਮੁਕੰਮਲ ਪਾਬੰਦੀ

ਅੰਮ੍ਰਿਤਸਰ,
(ਰਣਜੀਤ  ਸਿੰਘ ਮਸੌਣ /ਰਾਘਵ ਅਰੋੜਾ)
ਵਧੀਕ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸ੍ਰੀਮਤੀ ਪੱਲਵੀ ਮਿਸ਼ਰਾ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸਹਿੰਤਾ, 2023 ਦੀ ਧਾਰਾ 163 ਬੀ.ਐਨ.ਐਸ.ਐਸ. ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੋਇਆਂ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਪੈਂਦੇ ਸ੍ਰੀ ਗੁਰੂ ਰਾਮਦਾਸ ਅੰਤਰ-ਰਾਸ਼ਟਰੀ ਹਵਾਈ ਅੱਡਾ, ਅਜਨਾਲਾ ਰੋਡ, ਰਾਜਾਸਾਂਸੀ, ਅੰਮ੍ਰਿਤਸਰ ਦੇ ਦਿਹਾਤੀ ਅਧਿਕਾਰ ਖੇਤਰ ਵਿੱਚ ਡਰੋਨਜ਼ ਚਲਾਉਣ ਦੇ ਮੁਕੰਮਲ ਤੌਰ ਤੇ ਪਾਬੰਦੀ ਲਗਾਈ ਜਾਂਦੀ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਏਅਰਪੋਰਟ ਵਿਖੇ ਦਿਨ ਰਾਤ ਅੰਤਰ ਰਾਸ਼ਟਰੀ /ਘਰੇਲੂ ਉਡਾਨਾਂ ਆਉਂਦੀਆਂ ਤੇ ਜਾਂਦੀਆਂ ਹਨ। ਇਸ ਲਈ ਹਵਾਈ ਅੱਡੇ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਆਸ ਪਾਸ ਕਾਫ਼ੀ ਹੋਟਲ ਤੇ ਮੈਰਿਜ ਪੈਲਸ ਪੈਂਦੇ ਹਨ। ਜਿਥੇ ਆਮ ਪਬਲਿਕ ਆਪਣੇ ਫੰਕਸ਼ਨਾਂ ਦੀ ਡਰੋਨਜ ਰਾਹੀਂ ਕਵਰਿੰਗ ਕਰਦੇ ਹਨ। ਜਿਨ੍ਹਾਂ ਦੀ ਆੜ ਵਿੱਚ ਕੋਈ ਸਮਾਜ ਵਿਰੋਧੀ ਅਨਸਰ ਕਿਸੇ ਸਮੇਂ ਵੀ ਵੱਡੇ ਹਾਦਸੇ ਨੂੰ ਅੰਜਾਮ ਦੇ ਸਕਦੇ ਹਨ। ਇਸ ਲਈ ਸ੍ਰੀ ਏਅਰਪੋਰਟ ਦੇ ਨਜਦੀਕ ਪੈਂਦੇ ਦਿਹਾਤੀ ਏਰੀਏ ਵਿੱਚ ਅਜਿਹੀ ਘਟਨਾਵਾਂ ਨੂੰ ਰੋਕਣ ਲਈ ਡਰੋਨਜ ਕੈਮਰਾ ਉਡਾਉਣ ਤੇ ਪਾਬੰਦੀ ਲਗਾਈ ਜਾਂਦੀ ਹੈ।
ਬਾਕਸ
ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਥਾਣਿਆਂ ਅਧੀਨ ਪਿੰਡਾਂ ਕਸਬਿਆਂ ਵਿੱਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ ਕਰਨ, ਨਾਹਰੇ ਮਾਰਨ ਜਾਂ ਲਗਾਉਣ ਅਤੇ ਵਿਖਾਵਾ ਕਰਨ ਤੇ ਮੁਕੰਮਲ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ।
ਜਾਰੀ ਹੁਕਮ ਵਿਚ ਕਿਹਾ ਹੈ ਕਿ ਉਨਾਂ ਦੇ ਧਿਆਨ ਵਿੱਚ ਆਇਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਵਿੱਚ ਕੁੱਝ ਰਾਜਨੀਤਿਕ ਜਥੇਬੰਦੀਆਂ ਜ਼ਿਲਾ ਪੱਧਰ ’ਤੇ ਰੋਸ, ਧਰਨੇ ਰੈਲੀਆਂ ਅਤੇ ਮੁਜ਼ਾਹਰੇ ਕਰਨ ਦੀਆਂ ਯੋਜਨਾਵਾਂ ਬਣਾ ਰਹੀਆਂ ਹਨ ਅਤੇ ਲੋਕਾਂ ਦੀਆਂ ਭਾਵਨਾਵਾਂ ਨੂੰ ਉਤੇਜਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ, ਜਿਸ ਨਾਲ ਸਰਕਾਰੀ ਅਤੇ ਗੈਰ-ਸਰਕਾਰੀ ਸੰਪਤੀ/ਜਾਇਦਾਦ ਦਾ ਨੁਕਸਾਨ ਹੋਣ ਅਤੇ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਅਮਨ ਅਤੇ ਕਾਨੂੰਨ ਦੀ ਸਥਿਤੀ ਠੀਕ ਬਣਾਏ ਰੱਖਣ ਅਤੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨ ਵਾਸਤੇ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਬਾਕਸ
ਪੁਲੀਆਂ ਅਤੇ ਸੜਕਾਂ ’ਤੇ ਬਣੀ ਰੇਲਿੰਗ ਅਤੇ ਡਿਵਾਈਡਰ ਤੋੜਨ ’ਤੇ ਮੁਕੰਮਲ ਪਾਬੰਦੀ 
ਜਿਲ੍ਹਾ ਅੰਮ੍ਰਿਤਸਰ ਵਿੱਚ ਪੁਲੀਆਂ ਅਤੇ ਸੜਕਾਂ ’ਤੇ ਬਣੀਆਂ ਰੇਲਿੰਗਾਂ ਤੋੜਨ ਅਤੇ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਬਣੇ ਡਿਵਾਈਡਰਾਂ ਨੂੰ ਤੋੜ ਕੇ ਆਰਜ਼ੀ ਤੌਰ ’ਤੇ ਰਸਤਾ ਕੱਢਣ ’ਤੇ ਮੁਕੰਮਲ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿਚ ਅੱਗੇ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਕਈ ਪੁਲੀਆਂ ਅਤੇ ਸੜਕਾਂ ਹਨ ਜੋ ਬਿਨਾਂ ਰੇਲਿੰਗ ਦੇ ਹਨ। ਇਸ ਤੋਂ ਇਲਾਵਾ ਕੁੱਝ ਲੋਕਾਂ/ਠੇਕੇਦਾਰਾਂ/ਮਹਿਕਮਿਆਂ ਵੱਲੋਂ ਫ਼ਸਲ ਦੀ ਕਟਾਈ ਸਬੰਧੀ ਮਸ਼ੀਨਾਂ/ਡਿੱਚ ਮਸ਼ੀਨਾਂ ਅਤੇ ਟਰਾਲੀਆਂ ਆਦਿ ਨੂੰ ਲਿਜਾਣ ਲਈ ਤੰਗ ਪੁਲੀਆਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ, ਪੁਲੀਆਂ ਜਾਂ ਸੜਕਾਂ ਦੀ ਉਸਾਰੀ ਜਾਂ ਫਲਾਈਓਵਰ ਨੂੰ ਪੱਕਾ ਕਰਦੇ ਸਮੇਂ ਸੜਕਾਂ ’ਤੇ ਬਣੇ ਡਿਵਾਈਡਰਾਂ ਨੂੰ ਤੋੜਨ ਅਤੇ ਆਰਜ਼ੀ ਤੌਰ ’ਤੇ ਰਸਤਾ ਕੱਢਣ ਕਰਕੇ ਦੁਰਘਟਨਾਵਾਂ ਹੋਣ ਦਾ ਖ਼ਤਰਾ ਬਣਿਆ ਰਹਿੰਦਾ ਹੈ। ਇਸ ਲਈ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਤੇਜ਼ੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਬਾਕਸ
ਸਰਹੱਦ ’ਤੇ ਕੰਡਿਆਲੀ ਤਾਰ ਨੇੜ੍ਹੇ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ
ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਦੇ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
            ਹੁਕਮ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਚ ਆਉਂਦੀ ਭਾਰਤ-ਪਾਕਿ ਸੀਮਾ ’ਤੇ ਅਣਚਾਹੇ ਅਨਸਰਾਂ ਦੀ ਹਰਕਤ ਨਾਲ ਭਾਰਤ-ਪਾਕਿ ਬਾਰਡਰ ਦੀ ਸੁਰੱਖਿਆ, ਦੇਸ਼ ਦੇ ਅਮਨ-ਚੈਨ ਅਤੇ ਸ਼ਾਂਤੀ ਨੂੰ ਖ਼ਤਰੇ ਦੀ ਸੰਭਾਵਨਾ ਹੈ, ਜਿਸ ਕਾਰਨ ਅਮਨ ਅਤੇ ਕਾਨੂੰਨ ਦੀ ਸਥਿਤੀ ਵਿਗੜਨ ਦਾ ਡਰ ਬਣਿਆ ਰਹਿੰਦਾ ਹੈ। ਇਸ ਲਈ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਅਤੇ ਰੋਕਥਾਮ ਲਈ ਭਾਰਤ-ਪਾਕਿ ਸੀਮਾ ਨਾਲ ਲੱਗਦੀ ਕੰਡਿਆਲੀ ਤਾਰ ਤੋਂ 500 ਮੀਟਰ ਘੇਰੇ ਅੰਦਰ ਸ਼ਾਮ 6:00 ਵਜੇ ਤੋਂ ਸਵੇਰੇ 6:00 ਵਜੇ ਤਕ ਹਰ ਤਰ੍ਹਾਂ ਦੀ ਹਰਕਤ ਕਰਨ ’ਤੇ ਮਨਾਹੀ ਦੇ ਹੁਕਮ ਜਾਰੀ ਕੀਤਾ ਜਾਣਾ ਲਾਜ਼ਮੀ ਹੈ।
ਬਾਕਸ 
ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਜਿਲ੍ਹੇ ਦੇ ਦਿਹਾਤੀ ਏਰੀਏ ਵਿੱਚ ਚੱਲ ਰਹੇ ਮੈਰਿਜ ਪੈਲੇਸਾਂ ਵਿੱਚ ਹਥਿਆਰ ਆਦਿ ਲੈ ਕੇ ਆਉਣ ਅਤੇ ਹਵਾਈ ਫਾਇਰ ਕਰਨ ਅਤੇ ਸ਼ੋਸ਼ਲ ਮੀਡੀਆ ਵਿੱਚ ਅਜਿਹੀ ਕਾਰਵਾਈ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਜਾਰੀ ਹੁਕਮ ਵਿੱਚ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਹੈ ਕਿ ਸੀਨੀਅਰ ਪੁਲਿਸ ਕਪਤਾਨ, ਅੰਮ੍ਰਿਤਸਰ (ਦਿਹਾਤੀ) ਨੇ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲੇਸਾਂ, ਧਾਰਮਿਕ ਸਥਾਨਾਂ ਵਿੱਚ ਹੁੰਦੇ ਸਮਾਰੋਹਾਂ ਦੌਰਾਨ ਕਈ ਲੋਕਾਂ ਵੱਲੋਂ ਹਥਿਆਰ ਨਾਲ ਲੈ ਕੇ ਜਾਣਾ ਅਤੇ ਹਵਾਈ ਫਾਇਰ ਕਰਨਾ ਇੱਕ ਰਵਾਇਤ ਜਿਹੀ ਬਣ ਗਈ ਹੈ ਅਤੇ ਸ਼ੋਸਲ ਮੀਡੀਆ ਤੇ ਵੀ ਹਥਿਆਰਾਂ ਦੀ ਨੁਮਾਇਸ਼ ਕੀਤੀ ਜਾਂਦੀ ਹੈ, ਜਿਸ ਨਾਲ ਕਈ ਵਾਰ ਅਮਨ ਕਾਨੂੰਨ ਦੀ ਸਥਿਤੀ ਵਿਗੜਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹਾ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਅੰਦਰ ਹਥਿਆਰ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨ ’ਤੇ ਰੋਕ ਲਗਾਈ ਜਾਣੀ ਅਤਿ ਜ਼ਰੂਰੀ ਹੈ।
ਇਹ ਸਾਰੀਆਂ ਪਾਬੰਦੀਆਂ ਦਾ ਹੁਕਮ 6 ਨਵੰਬਰ 2026 ਤੱਕ ਲਾਗੂ ਰਹੇਗਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.