September 10, 2026

Justice News

ਅਵਾਮ ਦੀ ਆਵਾਜ਼

ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਤਿੱਖਾ: ਕੌਮੀ ਇਨਸਾਫ਼ ਮੋਰਚੇ ਵੱਲੋਂ 2 ਅਤੇ 3 ਅਕਤੂਬਰ ਨੂੰ ਕੱਢਿਆ ਜਾਵੇਗਾ ਵਿਸ਼ਾਲ ਜਾਗਰੂਕਤਾ ਰੋਸ ਮਾਰਚ

 
 
ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ/ਮੰਗਲ ਸਿੰਘ) –
 ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਪੰਥਕ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ‘ਤੇ ਲਗਭਗ ਚਾਰ ਸਾਲਾਂ ਤੋਂ ਚੱਲ ਰਹੇ ਕੌਮੀ ਇਨਸਾਫ਼ ਮੋਰਚੇ ਵੱਲੋਂ ਹੁਣ ਆਪਣੇ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਮੋਰਚੇ ਦੇ ਆਗੂਆਂ ਵੱਲੋਂ ਆਮ ਲੋਕਾਂ ਵਿੱਚ ਮੰਗਾਂ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਮਕਸਦ ਨਾਲ ਆਉਂਦੀ 2 ਅਤੇ 3 ਅਕਤੂਬਰ ਨੂੰ ਇੱਕ ਵੱਡਾ ਜਾਗਰੂਕਤਾ ਰੋਸ ਮਾਰਚ ਕੱਢਣ ਦਾ ਐਲਾਨ ਕੀਤਾ ਗਿਆ ਹੈ।
        ਇਸ ਸਬੰਧੀ ਜਾਣਕਾਰੀ ਦਿੰਦਿਆਂ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਦੇ ਆਗੂ ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਕਿ ਲੰਮੇ ਸਮੇਂ ਤੋਂ ਚੱਲ ਰਹੇ ਇਸ ਮੋਰਚੇ ਦੌਰਾਨ ਆਗੂਆਂ ਅਤੇ ਸੰਗਤਾਂ ਵੱਲੋਂ ਸਰਕਾਰ ਵਿਰੁੱਧ ਕਈ ਵਿਸ਼ਾਲ ਰੋਸ ਪ੍ਰਦਰਸ਼ਨ, ਇਕੱਠ ਅਤੇ ਰੈਲੀਆਂ ਕੀਤੀਆਂ ਜਾ ਚੁੱਕੀਆਂ ਹਨ। ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਸ ਸਭ ਦੇ ਬਾਵਜੂਦ ਸਰਕਾਰ ਦੇ ਕੰਨਾਂ ‘ਤੇ ਜੂੰ ਨਹੀਂ ਸਰਕ ਰਹੀ ਅਤੇ ਮਿਹਨਤ ਨੂੰ ਬੂਰ ਪੈਂਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਬੇਰੁਖ਼ੀ ਨੂੰ ਦੇਖਦੇ ਹੋਏ ਹੁਣ ਲੋਕਾਂ ਨੂੰ ਮੰਗਾਂ ਪ੍ਰਤੀ ਲਾਮਬੰਦ ਕਰਨ ਲਈ ਇਹ ਰੋਸ ਮਾਰਚ ਕੱਢਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਬਣ ਗਿਆ ਹੈ।

 

ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਹੋਵੇਗੀ ਸਮਾਪਤੀ

 

ਯੋਜਨਾ ਅਨੁਸਾਰ ਇਹ ਰੋਸ ਮਾਰਚ 2 ਅਕਤੂਬਰ ਨੂੰ ਇਤਿਹਾਸਕ ਧਰਤੀ ਸ੍ਰੀ ਫ਼ਤਿਹਗੜ੍ਹ ਸਾਹਿਬ ਤੋਂ ਆਰੰਭ ਹੋਵੇਗਾ। ਮਾਰਚ ਦੌਰਾਨ ਸ਼ਾਮਲ ਸੰਗਤਾਂ ਦਾ ਰਾਤ ਦਾ ਵਿਸਰਾਮ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਵੇਗਾ। ਇਸ ਤੋਂ ਬਾਅਦ 3 ਅਕਤੂਬਰ ਨੂੰ ਇਹ ਮਾਰਚ ਅੱਗੇ ਵਧਦਾ ਹੋਇਆ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚੇਗਾ, ਜਿੱਥੇ ਅਰਦਾਸ ਕਰਨ ਉਪਰੰਤ ਇਸ ਦੀ ਸਮਾਪਤੀ ਕੀਤੀ ਜਾਵੇਗੀ।

 

ਪੰਥਕ ਜਥੇਬੰਦੀਆਂ, ਕਿਸਾਨਾਂ ਅਤੇ ਵਿਦਿਆਰਥੀਆਂ ਦਾ ਮਿਲੇਗਾ ਵੱਡਾ ਸਮਰਥਨ

 

ਭਾਈ ਵਿਰਸਾ ਸਿੰਘ ਖਾਲਸਾ ਨੇ ਦੱਸਿਆ ਕਿ ਇਸ ਵਿਸ਼ਾਲ ਰੋਸ ਮਾਰਚ ਵਿੱਚ ਸਿੱਖ ਪੰਥ ਦੀਆਂ ਸਿਰਮੌਰ ਜਥੇਬੰਦੀਆਂ, ਕਿਸਾਨ ਯੂਨੀਅਨਾਂ, ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨਾਂ, ਧਾਰਮਿਕ ਖੇਤਰ ਵਿੱਚ ਸਰਗਰਮ ਸੰਤ-ਮਹਾਪੁਰਸ਼, ਹਮਖਿਆਲੀ ਸਿਆਸੀ ਪਾਰਟੀਆਂ ਦੇ ਨਾਲ-ਨਾਲ ਸਕੂਲਾਂ, ਕਾਲਜਾਂ ਅਤੇ ਹੋਰ ਅਦਾਰਿਆਂ ਦੇ ਨੌਜਵਾਨ ਵਿਦਿਆਰਥੀ ਵੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨਗੇ।
ਉਨ੍ਹਾਂ ਉਮੀਦ ਜਤਾਈ ਕਿ ਇਹ ਰੋਸ ਪ੍ਰਦਰਸ਼ਨ ਮਾਰਚ ਸਰਕਾਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਜਾਇਜ਼ ਮੰਗਾਂ ਮੰਨਣ ਲਈ ਮਜਬੂਰ ਕਰ ਦੇਵੇਗਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਖਾਲਸਾ ਨੇ ਇਸ ਮਾਰਚ ਦਾ ਪੂਰਨ ਸਮਰਥਨ ਕਰਦਿਆਂ ਕੇਂਦਰ ਅਤੇ ਰਾਜ ਸਰਕਾਰ ਤੋਂ ਮੰਗ ਕੀਤੀ ਹੈ ਕਿ ਲੰਮੇ ਸਮੇਂ ਤੋਂ ਗੈਰ-ਕਾਨੂੰਨੀ ਢੰਗ ਨਾਲ ਜ਼ੇਲ੍ਹਾਂ ਵਿੱਚ ਬੰਦ ਰੱਖੇ ਸਾਰੇ ਬੰਦੀ ਸਿੰਘਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਤੁਰੰਤ ਰਿਹਾਅ ਕੀਤਾ ਜਾਵੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.