September 12, 2026

Justice News

ਅਵਾਮ ਦੀ ਆਵਾਜ਼

ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਨੇ ਲਗਾਤਾਰ ਉਪਰਾਲੇ: ਤਰੁਨਪ੍ਰੀਤ ਸਿੰਘ ਸੌਂਦ

ਖੰਨਾ, ਲੁਧਿਆਣਾ,

( ਜਸਟਿਸ ਨਿਊਜ਼ )

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ, ਕਿਰਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਅਤੇ ਬਿਜਲੀ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸ਼ਨੀਵਾਰ ਨੂੰ ਨਰੇਸ਼ ਚੰਦਰ ਸਟੇਡੀਅਮ, ਖੰਨਾ ਵਿਖੇ ‘ਖੇਡਾਂ ਵਤਨ ਪੰਜਾਬ ਦੀਆਂ-2026’ ਸੀਜਨ ਚਾਰ ਦੀ ਸ਼ੁਰੂਆਤ ਕਰਵਾਈ। ਇਹਨਾਂ ਬਲਾਕ ਪੱਧਰੀ ਖੇਡਾਂ ਦੇ ਖੰਨਾ ਵਿਖੇ 12 ਤੋਂ 14 ਸਤੰਬਰ ਤੱਕ ਵੱਖ-ਵੱਖ ਮੁਕਾਬਲੇ ਕਰਵਾਏ ਜਾਣਗੇ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 5 ਸਤੰਬਰ ਨੂੰ ਬਠਿੰਡਾ ਵਿਖੇ ਇਨ੍ਹਾਂ ਖੇਡਾਂ ਦਾ ਉਦਘਾਟਨ ਕੀਤਾ ਗਿਆ ਸੀ, ਜਦਕਿ 29 ਨਵੰਬਰ ਨੂੰ ਪਟਿਆਲਾ ਵਿਖੇ ਸਮਾਪਤੀ ਸਮਾਰੋਹ ਕਰਵਾਇਆ ਜਾਵੇਗਾ। ਇਸ ਮੌਕੇ ਖਿਡਾਰੀਆਂ ਨੂੰ ਉਤਸ਼ਾਹਿਤ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਕੈਬਨਿਟ ਮੰਤਰੀ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਰਗੇ ਖੇਡ ਮੁਕਾਬਲੇ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਨਿਖਾਰਨ ਲਈ ਮੰਚ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਪਿੰਡ ਪੱਧਰ ਤੋਂ ਖਿਡਾਰੀਆਂ ਦੀ ਪ੍ਰਤਿਭਾ ਦੀ ਪਛਾਣ ਕਰਕੇ ਉਨ੍ਹਾਂ ਨੂੰ ਅੱਗੇ ਵਧਣ ਦੇ ਵੱਧ ਤੋਂ ਵੱਧ ਮੌਕੇ ਪ੍ਰਦਾਨ ਕਰਨਾ ਹੈ।

ਉਹਨਾਂ ਦੱਸਿਆ ਕਿ ਖੰਨਾ ਵਿਖੇ 12 ਤੋਂ 14 ਸਤੰਬਰ, 2026 ਤੱਕ ਅੱਠ ਖੇਡਾਂ ਜਿਨ੍ਹਾਂ ਵਿੱਚ ਅਥਲੈਟਿਕਸ, ਫੁੱਟਬਾਲ,
ਕਬੱਡੀ ਨੈਸ਼ਨਲ, ਕਬੱਡੀ ਸਰਕਲ, ਖੋਹ-ਖੋਹ, ਮੈਨ ਟੈਨਿਸ ਬਾਲ ਕ੍ਰਿਕਟ, ਵਾਲੀਬਾਲ ਸਮੈਸ਼ਿੰਗ ਅਤੇ ਵਾਲੀਬਾਲ ਸ਼ੂਟਿੰਗ ਦੇ ਮੁਕਾਬਲੇ ਕਰਵਾਏ ਜਾਣਗੇ। ਇਨ੍ਹਾਂ ਵਿੱਚ ਅੰਡਰ-14, ਅੰਡਰ-17, ਅੰਡਰ-21, 21–30, 31–40, 41–50, 51–60, 61–70 ਅਤੇ 70 ਸਾਲ ਤੋਂ ਵੱਧ ਉਮਰ ਵਰਗ ਸ਼ਾਮਲ ਹਨ।

ਤਰੁਨਪ੍ਰੀਤ ਸਿੰਘ ਸੌਂਦ ਨੇ ਖਿਡਾਰੀਆਂ ਨੂੰ ਖੇਡ ਭਾਵਨਾ ਨਾਲ ਮੁਕਾਬਲਿਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਮਿਹਨਤ ਤੇ ਲਗਨ ਨਾਲ ਇਲਾਕੇ ਅਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।

ਕੈਬਨਿਟ ਮੰਤਰੀ ਨੇ ਕਿਹਾ ਕਿ  ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਪਹਿਲਾ ਸੀਜ਼ਨ ਪੰਜਾਬ ਸਰਕਾਰ ਵੱਲੋਂ ਸਾਲ 2022 ਵਿੱਚ ਸ਼ੁਰੂ ਕੀਤਾ ਗਿਆ ਸੀ। ਪਿਛਲੇ ਸੀਜ਼ਨਾਂ ਦੌਰਾਨ ਇਨ੍ਹਾਂ ਖੇਡਾਂ ਨੂੰ ਸੂਬੇ ਦੇ ਖਿਡਾਰੀਆਂ ਅਤੇ ਆਮ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਅਤੇ ਲਗਭਗ 05 ਲੱਖ ਤੱਕ ਖਿਡਾਰੀਆਂ ਨੇ ਹਿੱਸਾ ਲਿਆ। ਇਸ ਵਾਰ ਪੰਜਾਬ ਸਰਕਾਰ ਵੱਲੋਂ ਖੇਡਾਂ ਵਿੱਚ 10 ਲੱਖ ਤੱਕ ਖਿਡਾਰੀਆਂ ਦੀ ਸ਼ਮੂਲੀਅਤ ਦਾ ਟੀਚਾ ਰੱਖਿਆ ਗਿਆ ਹੈ। ਇਨ੍ਹਾਂ ਖੇਡਾਂ ਰਾਹੀਂ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਲਈ ਵੱਡਾ ਮੰਚ ਮਿਲ ਰਿਹਾ ਹੈ ਅਤੇ ਪਿੰਡ ਪੱਧਰ ਤੋਂ ਲੈ ਕੇ ਸੂਬਾ ਪੱਧਰ ਤੱਕ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ।

ਉਹਨਾਂ ਕਿਹਾ ਕਿ ਖੇਡਾਂ ਦੇ ਜੇਤੂ ਖਿਡਾਰੀਆਂ ਨੂੰ 12 ਕਰੋੜ ਰੁਪਏ ਤੋਂ ਵੱਧ ਦੀ ਇਨਾਮੀ ਰਾਸ਼ੀ ਦੇ ਨਾਲ ਗ੍ਰੇਡੇਸ਼ਨ ਸਰਟੀਫਿਕੇਟ ਵੀ ਦਿੱਤੇ ਜਾਣਗੇ। ਇਸ ਨਾਲ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਹੋਰ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੇ ਭਵਿੱਖ ਨੂੰ ਬਿਹਤਰ ਬਣਾਉਣ ਵਿੱਚ ਮਦਦ ਮਿਲੇਗੀ।

ਤਰਨਪ੍ਰੀਤ ਸਿੰਘ ਸੌਂਦ ਨੇ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਸੀਂ ਇੱਕ ਇਮਾਨਦਾਰ ਟੀਮ ਦਾ ਹਿੱਸਾ ਹਾਂ। ਸਾਡੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਲਈ ਸਭ ਤੋਂ ਅਹਿਮ ਯੋਗਦਾਨ ਖੇਡਾਂ ਦਾ ਹੈ। ਜਿਸ ਤਹਿਤ ਪਿੰਡਾਂ ਵਿੱਚ 3100 ਮਾਡਲ ਪਲੇਅ ਗਰਾਊਂਡ ਬਣ ਰਹੇ ਹਨ, ਜਿਨ੍ਹਾਂ ਵਿੱਚੋਂ 1000 ਮਾਡਲ ਪਲੇਅ ਗਰਾਊਂਡ ਬਣ ਕੇ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ। ਪੰਜਾਬ ਦੇ ਕਿਸੇ ਵੀ ਹਿੱਸੇ ਵਿੱਚ ਜਾ ਕੇ ਦੇਖੋ ਕਿ ਬੱਚੇ ਖੇਡ ਰਹੇ ਹਨ। ਸਾਡਾ ਰੰਗਲਾ ਪੰਜਾਬ ਦੇ ਬੱਚੇ-ਬੱਚੀਆਂ ਜਦੋਂ ਇਹਨਾਂ ਖੇਡ ਮੈਦਾਨਾਂ ਵਿੱਚ ਖੇਡਣਗੇ ਤਾਂ ਫਿਰ ਉਹ ਬਲਾਕ ਪੱਧਰ ਤੋਂ ਜ਼ਿਲ੍ਹਾ ਪੱਧਰ, ਜ਼ਿਲ੍ਹਾ ਪੱਧਰ ਤੋਂ ਸਟੇਟ ਲੈਵਲ, ਸਟੇਟ ਲੈਵਲ ਤੋਂ ਨੈਸ਼ਨਲ ਲੈਵਲ, ਨੈਸ਼ਨਲ ਲੈਵਲ ਤੋ‌ ਇੰਟਰਨੈਸ਼ਨਲ ਲੈਵਲ ‘ਤੇ ਖੇਡਣਗੇ। ਇਹਨਾਂ ਖਿਡਾਰੀਆਂ ਵਿੱਚੋਂ ਹੀ ਕੋਈ ਓਲੰਪੀਅਨ ਬਣੇਗਾ। ਇਹੀ ਬੱਚੇ ਪੰਜਾਬ ਅਤੇ ਭਾਰਤ ਦਾ ਮਾਣ ਬਣਨਗੇ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਖੰਨਾ ਜਗਤਾਰ ਸਿੰਘ ਗਿੱਲ, ਚੇਅਰਮੈਨ ਬਲਾਕ ਸੰਮਤੀ ਖੰਨਾ ਲਖਵੀਰ ਸਿੰਘ ਗਿੱਲ, ਨਗਰ ਕੌਂਸਲ ਖੰਨਾ ਦੇ ਪ੍ਰਧਾਨ ਜਤਿੰਦਰ ਪਾਠਕ, ਵਾਈਸ ਪ੍ਰਧਾਨ ਕਰਮਜੀਤ ਸਿੰਘ ਸਿਫਤੀ, ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਮਾਸਟਰ ਅਵਤਾਰ ਸਿੰਘ ਦੈਹਿੜੂ, ਉਪ ਮੰਡਲ ਮਜਿਸਟਰੇਟ (ਐਸ.ਡੀ.ਐਮ) ਖੰਨਾ ਸਵਾਤੀ ਟਿਵਾਣਾ, ਨਾ ਨਾਇਬ ਤਹਿਸੀਲਦਾਰ ਖੰਨਾ ਗੁਰੂਚਰਨ ਸਿੰਘ, ਕਾਰਜ ਸਾਧਕ ਅਫਸਰ ਖੰਨਾ ਚਰਨਜੀਤ ਸਿੰਘ, ਖੇਡ ਕੋਆਰਡੀਨੇਟਰ ਮੈਡਮ ਸ਼ੈਲਜਾ ਤੋਂ ਇਲਾਵਾ ਸ਼ਹਿਰ ਦੇ ਕੌਂਸਲਰ, ਵੱਡੀ ਗਿਣਤੀ ਵਿੱਚ ਖਿਡਾਰੀ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.