September 12, 2026

Justice News

ਅਵਾਮ ਦੀ ਆਵਾਜ਼

ਵਿਧਾਇਕ ਗਿਆਸਪੁਰਾ ਨੇ ਬਲਾਕ ਮਲੌਦ ਦੇ 32 ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਸੌਂਪੇ ਨਿਯੁਕਤੀ ਪੱਤਰ ਦਿਤੇl

ਪਾਇਲ
(ਨਰਿੰਦਰ ਸ਼ਾਹਪੁਰ )
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਰੋਜ਼ਗਾਰ ਦੇ ਨਵੇਂ ਮੌਕੇ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਵਿਧਾਨ ਸਭਾ ਹਲਕਾ ਪਾਇਲ ਦੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਅੱਜ ਪਾਇਲ ਵਿਖੇ ਬਲਾਕ ਮਲੌਦ ਦੇ 32 ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਆਂਗਣਵਾੜੀ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਵਿਧਾਇਕ ਨੇ ਕਿਹਾ ਕਿ ਆਂਗਣਵਾੜੀ ਕੇਂਦਰ ਸੂਬੇ ਵਿੱਚ ਬੱਚਿਆਂ, ਗਰਭਵਤੀ ਮਹਿਲਾਵਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਦੀ ਭਲਾਈ ਲਈ ਅਹਿਮ ਭੂਮਿਕਾ ਨਿਭਾ ਰਹੇ ਹਨ।
ਇਸ ਮੌਕੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਉਨ੍ਹਾਂ ਦੀ ਨਿਯੁਕਤੀ ਸਿਰਫ਼ ਰੋਜ਼ਗਾਰ ਦਾ ਮੌਕਾ ਹੀ ਨਹੀਂ, ਸਗੋਂ ਸਮਾਜ ਦੀ ਨਵੀਂ ਪੀੜ੍ਹੀ ਦੀ ਸਿਹਤ, ਪੋਸ਼ਣ ਅਤੇ ਮੁੱਢਲੇ ਵਿਕਾਸ ਵਿੱਚ ਯੋਗਦਾਨ ਪਾਉਣ ਦੀ ਇੱਕ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਉਣ ਵਿੱਚ ਅਹਿਮ ਕੜੀ ਵਜੋਂ ਕੰਮ ਕਰਦੀਆਂ ਹਨ।
ਵਿਧਾਇਕ ਗਿਆਸਪੁਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਮੈਰਿਟ ਅਤੇ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਨੌਕਰੀਆਂ ਵਿੱਚ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਬਣਾਉਣ ਨਾਲ ਯੋਗ ਉਮੀਦਵਾਰਾਂ ਨੂੰ ਆਪਣੀ ਕਾਬਲੀਅਤ ਦੇ ਆਧਾਰ ‘ਤੇ ਅੱਗੇ ਵਧਣ ਦੇ ਮੌਕੇ ਮਿਲ ਰਹੇ ਹਨ।
ਉਨ੍ਹਾਂ ਕਿਹਾ ਕਿ ਆਂਗਣਵਾੜੀ ਕੇਂਦਰ ਬੱਚਿਆਂ ਨੂੰ ਮੁੱਢਲੀ ਸਿੱਖਿਆ, ਪੋਸ਼ਣ ਅਤੇ ਸਿਹਤ ਸੰਭਾਲ ਨਾਲ ਜੋੜਨ ਦੇ ਨਾਲ-ਨਾਲ ਮਹਿਲਾਵਾਂ ਅਤੇ ਬੱਚਿਆਂ ਨਾਲ ਸਬੰਧਤ ਵੱਖ-ਵੱਖ ਸਰਕਾਰੀ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।
ਉਨ੍ਹਾਂ ਨਵ-ਨਿਯੁਕਤ ਵਰਕਰਾਂ ਅਤੇ ਹੈਲਪਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਅਤੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਦਿਵਾਉਣ।
ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਹਰ ਵਰਗ ਦੀ ਭਲਾਈ ਯਕੀਨੀ ਬਣਾਉਣਾ ਹੈ ਅਤੇ ਇਸ ਦਿਸ਼ਾ ਵਿੱਚ ਸਿੱਖਿਆ, ਸਿਹਤ, ਰੋਜ਼ਗਾਰ ਅਤੇ ਸਮਾਜਿਕ ਸੁਰੱਖਿਆ ਦੇ ਖੇਤਰਾਂ ਵਿੱਚ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਹਿਲਾਵਾਂ ਅਤੇ ਬੱਚਿਆਂ ਦੀ ਭਲਾਈ ਨਾਲ ਜੁੜਆਂ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਲਈ ਸਰਕਾਰ ਵੱਲੋਂ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।
ਇਸ ਮੌਕੇ ਨਿਯੁਕਤੀ ਪੱਤਰ ਪ੍ਰਾਪਤ ਕਰਨ ਵਾਲੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਨਿਯੁਕਤੀ ਉਨ੍ਹਾਂ ਲਈ ਰੋਜ਼ਗਾਰ ਦੇ ਨਾਲ-ਨਾਲ ਸਮਾਜ ਦੀ ਸੇਵਾ ਕਰਨ ਦਾ ਮਹੱਤਵਪੂਰਨ ਮੌਕਾ ਹੈ।
ਇਸ ਮੌਕੇ ਵਿਭਾਗ ਦੇ ਅਧਿਕਾਰੀ, ਸਥਾਨਕ ਆਗੂ, ਪਾਰਟੀ ਵਰਕਰ ਅਤੇ ਨਵ-ਨਿਯੁਕਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.