September 13, 2026

Justice News

ਅਵਾਮ ਦੀ ਆਵਾਜ਼

ਪੰਜਾਬ ਵਿੱਚ ਨਸ਼ਾ ਅਤੇ ਬੇਰੁਜ਼ਗਾਰੀ ਕਾਰਨ ਨੌਜਵਾਨ ਹੋ ਰਹੇ ਤਬਾਹ: ਅਨੁਜ ਖੋਸਲਾ

(ਕਮਲ ਜਿੰਦਲ)
ਸਥਾਨਕ ਬੀਐਮਜੀ ਪੈਲੇਸ ਵਿਖੇ ਭਾਜਪਾ ਯੁਵਾ ਮੋਰਚਾ ਵੱਲੋਂ ਯੁਵਾ ਮਿਲਣੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਭਾਜਪਾ ਯੁਵਾ ਮੋਰਚਾ ਦੇ ਸੂਬਾ ਪ੍ਰਧਾਨ ਅਨੁਜ ਖੋਸਲਾ ਪਹੁੰਚੇ। ਉਨ੍ਹਾਂ ਨੇ ਨੌਜਵਾਨਾਂ ਨੂੰ ਸੰਬੋਧਨ ਕਰਦਿਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪੋ-ਆਪਣੇ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰਨ ਅਤੇ ਕੇਂਦਰ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣ ਦੀ ਅਪੀਲ ਕੀਤੀ।
ਇਸ ਮੌਕੇ ਅਨੁਜ ਖੋਸਲਾ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸੂਬੇ ਅੰਦਰ ਨਸ਼ੇ ਅਤੇ ਬੇਰੁਜ਼ਗਾਰੀ ’ਤੇ ਕਾਬੂ ਪਾਉਣ ਵਿੱਚ ਸਰਕਾਰ ਨਾਕਾਮ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸੱਤਾ ਸੰਭਾਲਣ ਤੋਂ ਬਾਅਦ ਤਿੰਨ ਮਹੀਨਿਆਂ ਵਿੱਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ ਖੋਖਲੇ ਸਾਬਤ ਹੋਏ ਹਨ।
ਉਨ੍ਹਾਂ ਕਿਹਾ ਕਿ ਬੇਰੁਜ਼ਗਾਰੀ ਕਾਰਨ ਪੰਜਾਬ ਦੇ ਨੌਜਵਾਨਾਂ ਦਾ ਵੱਡਾ ਵਰਗ ਨਸ਼ਿਆਂ ਦੀ ਲਪੇਟ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਇਲਾਕੇ ਵਿੱਚ ਨਸ਼ੇ ਦੇ ਖ਼ਿਲਾਫ਼ ਕਾਲੀਆਂ ਝੰਡੀਆਂ  ਦਿਖਾਉਣ ਅਤੇ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਨਾਲ ਵੀ ਪੁਲਿਸ ਵੱਲੋਂ ਕੀਤਾ ਗਿਆ ਤਸ਼ਦਦ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।
ਭਾਜਪਾ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਵੱਲੋਂ ਲੋਕ ਭਲਾਈ ਲਈ ਵੱਡੀ ਗਿਣਤੀ ਵਿੱਚ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਭਾਜਪਾ ਵਰਕਰਾਂ ਨੂੰ ਇਨ੍ਹਾਂ ਯੋਜਨਾਵਾਂ ਦਾ ਲਾਭ ਆਮ ਲੋਕਾਂ ਤੱਕ ਪਹੁੰਚਾਉਣ ਲਈ ਹੋਰ ਸਰਗਰਮੀ ਨਾਲ ਕੰਮ ਕਰਨ ਦੀ ਅਪੀਲ ਕੀਤੀ।
ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਭਾਜਪਾ ਵਰਕਰਾਂ ਵੱਲੋਂ ਲੋਕਾਂ ਨੂੰ ਕੇਂਦਰ ਸਰਕਾਰ ਦੀਆਂ ਸਕੀਮਾਂ ਬਾਰੇ ਜਾਗਰੂਕ ਕਰਨ ਕਾਰਨ ਸੂਬਾ ਸਰਕਾਰ ਵੱਲੋਂ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਅਤੇ ਵਰਕਰਾਂ ’ਤੇ ਪਰਚੇ ਦਰਜ ਕੀਤੇ ਜਾ ਰਹੇ ਹਨ।
ਅਨੁਜ ਖੋਸਲਾ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇਕਜੁੱਟ ਹੋ ਕੇ ਭਾਜਪਾ ਦੇ ਹੱਕ ਵਿੱਚ ਕੰਮ ਕਰਨ ਅਤੇ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਆਪਣੀ ਭੂਮਿਕਾ ਨਿਭਾਉਣ।
ਇਸ ਮੌਕੇ ਰੋਬਿਨ ਜਿੰਦਲ ਅਤੇ ਅਜੇ ਰਿਸ਼ੀ ਨੇ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਪਹੁੰਚੇ ਵਰਕਰਾਂ ਅਤੇ ਨੌਜਵਾਨਾਂ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਇਸ ਮੌਕੇ ਆਸ਼ੀਸ਼ ਅਗਰਵਾਲ, ਭਾਜਪਾ ਦੇ ਸਾਬਕਾ ਪ੍ਰਧਾਨ ਰਕੇਸ਼ ਜੈਨ, ਗੁਰਤੇਜ ਸਿੰਘ ਸਮਾਉ, ਪਾਵਨ ਸਿੰਘ ਨਕਈ,ਦਰਸ਼ਨ ਸਿੰਘ ਅਤਲਾ, ਭੋਲਾ ਸਿੰਘ, ਮਨਿੰਦਰ ਮੰਨਾ, ਨਵਦੀਸ਼ ਰਿਸ਼ੀ, ਬਿੱਟੂ ਕੁਮਾਰ, ਭੋਲਾ ਰਾਮ ਸਮੇਤ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਭਾਜਪਾ ਵਰਕਰ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.