September 15, 2026

Justice News

ਅਵਾਮ ਦੀ ਆਵਾਜ਼

ਖੰਨਾ ਵਿੱਚ 16 ਸਤੰਬਰ ਨੂੰ ਅਸਮਾਨ ’ਚ ਉੱਡਣਗੇ 500 ਡਰੋਨ, ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਦੀ ਹੋਵੇਗੀ ਪੇਸ਼ਕਾਰੀ*

 (ਜਸਟਿਸ ਨਿਊਜ਼  )
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 16 ਸਤੰਬਰ, ਦਿਨ ਬੁੱਧਵਾਰ ਨੂੰ ਸ਼ਾਮ 5:30 ਵਜੇ ਏ.ਐਸ. ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਖੰਨਾ ਦੇ ਗਰਾਊਂਡ ਵਿਖੇ ਵਿਸ਼ੇਸ਼ ਡਰੋਨ ਸ਼ੋਅ ਕਰਵਾਇਆ ਜਾ ਰਿਹਾ ਹੈ। ਇਸ ਸ਼ੋਅ ਰਾਹੀਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮਹਾਨ ਜੀਵਨ, ਬਾਣੀ ਅਤੇ ਸਿੱਖਿਆਵਾਂ ਨੂੰ ਅਸਮਾਨੀ ਰੌਸ਼ਨੀਆਂ ਰਾਹੀਂ ਦਰਸ਼ਕਾਂ ਸਾਹਮਣੇ ਪੇਸ਼ ਕੀਤਾ ਜਾਵੇਗਾ।
ਡਰੋਨ ਸ਼ੋਅ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਅੱਜ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਉਪ ਮੰਡਲ ਮੈਜਿਸਟਰੇਟ (ਐਸ.ਡੀ.ਐਮ.) ਖੰਨਾ ਸ੍ਰੀਮਤੀ ਸਵਾਤੀ ਟਿਵਾਣਾ ਨੇ ਮੌਕੇ ’ਤੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਅਧਿਕਾਰੀਆਂ ਨੇ ਦੱਸਿਆ ਕਿ ਲਗਭਗ 500 ਡਰੋਨ ਇਕੋ ਸਮੇਂ ਅਸਮਾਨ ਵਿੱਚ ਉੱਡ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ, ਬਾਣੀ ਅਤੇ ਮਹਾਨ ਸਿੱਖਿਆਵਾਂ ’ਤੇ ਆਧਾਰਿਤ ਵਿਲੱਖਣ ਪੇਸ਼ਕਾਰੀ ਕਰਨਗੇ। ਇਹ ਸ਼ੋਅ ਇਲਾਕਾ ਵਾਸੀਆਂ ਲਈ ਇੱਕ ਯਾਦਗਾਰ ਅਤੇ ਆਕਰਸ਼ਕ ਅਨੁਭਵ ਹੋਵੇਗਾ।
ਐਸ.ਐਸ.ਪੀ. ਖੰਨਾ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਅਧਿਕਾਰੀਆਂ ਨੂੰ ਸਮਾਗਮ ਦੌਰਾਨ ਸੁਰੱਖਿਆ ਦੇ ਪੁਖਤਾ ਪ੍ਰਬੰਧ ਕਰਨ ਦੇ ਨਾਲ-ਨਾਲ ਆਵਾਜਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਅਤੇ ਪਾਰਕਿੰਗ ਦੀ ਢੁੱਕਵੀਂ ਵਿਵਸਥਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ।
ਐਸ.ਡੀ.ਐਮ. ਸਵਾਤੀ ਟਿਵਾਣਾ ਨੇ ਸਬੰਧਤ ਵਿਭਾਗਾਂ ਨੂੰ ਦਰਸ਼ਕਾਂ ਲਈ ਪੀਣ ਵਾਲਾ ਸਾਫ਼ ਪਾਣੀ, ਲੰਗਰ, ਬੈਠਣ ਦੀ ਵਿਵਸਥਾ, ਮੈਡੀਕਲ ਟੀਮਾਂ, ਗਰਾਊਂਡ ਦੀ ਸਾਫ਼-ਸਫ਼ਾਈ ਅਤੇ ਬਿਜਲੀ ਦੀ ਨਿਰਵਿਘਨ ਸਪਲਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਐਸ.ਐਸ.ਪੀ. ਖੰਨਾ ਅਤੇ ਐਸ.ਡੀ.ਐਮ. ਖੰਨਾ ਨੇ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਇਸ ਵਿਸ਼ੇਸ਼ ਡਰੋਨ ਸ਼ੋਅ ਵਿੱਚ ਸ਼ਾਮਲ ਹੋ ਕੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਨ ਅਤੇ ਇਸ ਵਿਲੱਖਣ ਪੇਸ਼ਕਾਰੀ ਦਾ ਆਨੰਦ ਮਾਣਨ।
ਜ਼ਿਕਰਯੋਗ ਹੈ ਕਿ ਜ਼ਿਲ੍ਹਾ ਲੁਧਿਆਣਾ ਵਿੱਚ ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 7 ਡਰੋਨ ਸ਼ੋਅ ਕਰਵਾਏ ਜਾਣਗੇ, ਜਿਨ੍ਹਾਂ ਵਿੱਚ 16 ਸਤੰਬਰ ਨੂੰ ਗਰਾਊਂਡ ਏ.ਐਸ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਖੰਨਾ, 17 ਸਤੰਬਰ ਨੂੰ ਅਨਾਜ ਮੰਡੀ ਪਾਇਲ, 18 ਸਤੰਬਰ ਨੂੰ ਗਰਾਊਂਡ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਸਾਹਨੇਵਾਲ, 19 ਸਤੰਬਰ ਨੂੰ‌ ਐਥਲੈਟਿਕ/ਫੁੱਟਬਾਲ ਗਰਾਊਂਡ ਪੀ.ਏ.ਯੂ ਲੁਧਿਆਣਾ, 20 ਸਤੰਬਰ ਨੂੰ ਦਾਖਾ ਸਕੂਲ ਗਰਾਊਂਡ ਦਾਖਾ, 21 ਸਤੰਬਰ ਨੂੰ ਅਨਾਜ ਮੰਡੀ ਰਾਏਕੋਟ ਅਤੇ 22 ਸਤੰਬਰ ਨੂੰ ਨਵੀਂ ਅਨਾਜ ਮੰਡੀ ਜਗਰਾਉਂ ਵਿਖੇ ਡਰੋਨ ਸ਼ੋਅ ਹੋਣਗੇ।

Leave a Reply

Your email address will not be published. Required fields are marked *

Copyright © All rights reserved. | Newsphere by AF themes.