September 19, 2026

Justice News

ਅਵਾਮ ਦੀ ਆਵਾਜ਼

ਗੁਲਜ਼ਾਰ ਸਿੰਘ ਖੁਦਕੁਸ਼ੀ ਕਾਂਡ:ਵਿੱਤ ਮੰਤਰੀ ’ਤੇ ਪਰਚਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਜਨਤਕ ਜਥੇਬੰਦੀਆਂ ਵੱਲੋਂ ਸੰਗਰੂਰ ’ਚ ਰੋਹ ਭਰਪੂਰ ਮੁਜ਼ਾਹਰਾ

ਸੰਗਰੂਰ,

(  ਜਸਟਿਸ ਨਿਊਜ਼  )

ਤੂਰਵਣਜਾਰਾ ਦੇ ਮਜ਼ਦੂਰ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਲਈ ਜ਼ਿੰਮੇਵਾਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ’ਤੇ ਮੁਕੱਦਮਾ ਦਰਜ ਕਰਨ ਅਤੇ ਪੀੜਤ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਤੇ ਨੌਕਰੀ ਦੇਣ ਤੋਂ ਇਲਾਵਾ ਐੱਸ.ਸੀ./ਐੱਸ.ਟੀ. ਐਕਟ ਤਹਿਤ ਮਿਲਦੀਆਂ ਸਾਰੀਆਂ ਸਹੂਲਤਾਂ ਤੁਰੰਤ ਦੇਣ ਆਦਿ ਮੰਗਾਂ ਨੂੰ ਲੈ ਕੇ ਅੱਜ ਜ਼ਿਲ੍ਹੇ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਧਰਨਾ ਦੇਣ ਤੋਂ ਬਾਅਦ ਸ਼ਹਿਰ ਵਿੱਚ ਰੋਹ ਭਰਪੂਰ ਮੁਜ਼ਾਹਰਾ ਕੀਤਾ ਗਿਆ।

ਇਕੱਠ ਨੂੰ ਵੱਖ-ਵੱਖ ਬੁਲਾਰਿਆਂ ਨੇ ਦੋਸ਼ ਲਾਇਆ ਕਿ ਆਪ ਸਰਕਾਰ ਦੇ ਹੁਕਮਾਂ ’ਤੇ ਪੁਲਿਸ ਵੱਲੋਂ ਪਰਿਵਾਰ ਨੂੰ ਮ੍ਰਿਤਕ ਗੁਲਜ਼ਾਰ ਸਿੰਘ ਦੀਆਂ ਅੰਤਿਮ ਰਸਮਾਂ ਵੀ ਨਹੀਂ ਕਰਨ ਦਿੱਤੀਆਂ ਗਈਆਂ। ਉਨ੍ਹਾਂ ਲਾਸ਼ ਦੀ ਬੇਅਦਬੀ ਕਰਨ ਵਾਲੇ ਪੁਲਿਸ ਅਧਿਕਾਰੀਆਂ ’ਤੇ ਵੀ ਕਾਰਵਾਈ ਦੀ ਮੰਗ ਕੀਤੀ।

ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਈ ਹੈ ਅਤੇ ਨਸ਼ਿਆਂ ਦੇ ਸਵਾਲ ਕਰਨ ’ਤੇ ਹੀ ਇੱਕ ਮਜ਼ਦੂਰ ਨੂੰ ਮੌਤ ਦੇ ਮੂੰਹ ਧੱਕ ਦਿੱਤਾ ਗਿਆ। ਉਨ੍ਹਾਂ ਹਾਕਮ ਜਮਾਤੀ ਸਿਆਸੀ ਪਾਰਟੀਆਂ ਵੱਲੋਂ ਪੀੜਤ ਪਰਿਵਾਰ ਨਾਲ ਡਟ ਕੇ ਖੜ੍ਹੇ ਮਜ਼ਦੂਰ ਆਗੂਆਂ ’ਤੇ ਚਿੱਕੜ ਉਛਾਲਣ ਦੀ ਸਖ਼ਤ ਨਿਖੇਧੀ ਕਰਦਿਆਂ ਆਖਿਆ ਕਿ ਇਨ੍ਹਾਂ ਪਾਰਟੀਆਂ ਦੇ ਰਾਜਾਂ ਦੌਰਾਨ ਵੀ ਦਲਿਤ ਮਜ਼ਦੂਰਾਂ ਤੇ ਹੋਰਨਾਂ ਕਿਰਤੀ-ਕਮਾਊ ਲੋਕਾਂ ’ਤੇ ਅੰਨ੍ਹਾ ਤਸ਼ੱਦਦ ਢਾਹਿਆ ਜਾਂਦਾ ਰਿਹਾ ਹੈ ਅਤੇ ਆਪ ਸਰਕਾਰ ਵੱਲੋਂ ਲਾਗੂ ਕੀਤੀਆਂ ਜਾ ਰਹੀਆਂ ਜਾਬਰ ਤੇ ਲੋਕ ਵਿਰੋਧੀ ਨੀਤੀਆਂ ’ਤੇ ਇਹ ਸਭ ਪਾਰਟੀਆਂ ਪੂਰੀ ਤਰ੍ਹਾਂ ਇੱਕਮੱਤ ਹਨ।

ਅੱਜ ਦੇ ਪ੍ਰਦਰਸ਼ਨ ਨੂੰ ਖੇਤ ਮਜ਼ਦੂਰ ਦੇ ਸੂਬਾ ਆਗੂ ਲਛਮਣ ਸੇਵੇਵਾਲਾ, ਮਜ਼ਦੂਰ ਮੁਕਤੀ ਮੋਰਚਾ ਦੇ ਗੌਬਿੰਦ ਛਾਜਲੀ, ਸਾਬਕਾ ਸੈਨਿਕ ਯੂਨੀਅਨ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਮਾਲੇਰਕੋਟਲਾ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਸੂਬਾ ਆਗੂ ਜਗਤਾਰ ਕਾਲਾਝਾੜ, ਹਰਜੀਤ ਮਹਿਲਾਂ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਬਲਜੀਤ ਨਮੌਲ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਮੁਕੇਸ਼ ਮਲੌਦ, ਡੈਮੋਕ੍ਰੈਟਿਕ ਟੀਚਰਜ਼ ਫਰੰਟ ਦੇ ਸੂਬਾ ਸਕੱਤਰ ਰੇਸ਼ਮ ਸਿੰਘ ਬਠਿੰਡਾ, ਦਾਤਾ ਨਮੋਲ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਹਰਭਗਵਾਨ ਮੂਣਕ, ਦੇਸ਼ ਭਗਤ ਯਾਦਗਾਰ ਕਮੇਟੀ ਦੇ ਬਲਬੀਰ ਲੌਂਗੋਵਾਲ, ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੂਬਾ ਆਗੂ ਜੁਝਾਰ ਲੌਂਗੋਵਾਲ, ਖੇਤ ਮਜ਼ਦੂਰ ਸਭਾ ਦੇ ਨਿਰੰਜਣ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਲਖਵੀਰ ਲੌਂਗੋਵਾਲ, ਪ੍ਰਗਟ ਕਾਲਾਝਾੜ, ਲੋਕ ਮੋਰਚੇ ਦੇ ਜਗਮੇਲ ਸਿੰਘ, 1158 ਯੂਨੀਅਨ ਦੇ ਪ੍ਰੋ. ਨਿਰਭੈ ਸਿੰਘ, ਟੋਲ ਪਲਾਜ਼ਾ ਯੂਨੀਅਨ ਦੇ ਨਾਜਰ ਸਿੰਘ, ਬੇਰੁਜ਼ਗਾਰ ਮੋਰਚੇ ਦੇ ਸੰਦੀਪ ਮੋਫ਼ਰ ਆਦਿ ਆਗੂਆਂ ਨੇ ਪ੍ਰੀਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਕਰਨ ਦਾ ਅਹਿਦ ਲਿਆ।

ਅੰਤ ਵਿੱਚ ਹਰਭਗਵਾਨ ਮੂਣਕ ਵੱਲੋਂ ਸਭ ਸ਼ਾਮਿਲ ਸਾਥੀਆਂ ਅਤੇ ਜਥੇਬੰਦੀਆਂ ਦਾ ਧੰਨਵਾਦ ਕੀਤਾ ਗਿਆ।

Leave a Reply

Your email address will not be published. Required fields are marked *

Copyright © All rights reserved. | Newsphere by AF themes.