September 20, 2026

Justice News

ਅਵਾਮ ਦੀ ਆਵਾਜ਼

ਸਰਹੱਦ ਪਾਰੋਂ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ-ਪੁਲਿਸ ਦੀ ਸਖ਼ਤੀ ਵਧਣ ਨਾਲ ਮਹਿਜ਼ ਚਾਰ ਦਿਨਾਂ ਵਿੱਚ 54 ਕਿਲੋ ਹੈਰੋਇਨ ਬਰਾਮਦ

 
 
ਚੰਡੀਗੜ੍ਹ/ਅੰਮ੍ਰਿਤਸਰ, 
(ਰਣਜੀਤ ਸਿੰਘ ਮਸੌਣ/ ਜੋਗਾ ਸਿੰਘ ਰਾਜਪੂਤ)
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ, ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਗਿਰੋਹ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
       ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ (ਤਿੰਨੋਂ ਵਾਸੀ ਕੋਟ ਮਿੱਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ) ਵਜੋਂ ਹੋਈ ਹੈ। 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਵਰਤੀ ਜਾ ਰਹੀ ਸਿਲਵਰ ਰੰਗ ਦੀ ਮਾਰੂਤੀ ਸਵਿਫ਼ਟ ਕਾਰ (HR 30 N 2780) ਵੀ ਜ਼ਬਤ ਕਰ ਲਈ ਹੈ।
ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅੰਮ੍ਰਿਤਸਰ ਨੇ ਮਹਿਜ਼ ਚਾਰ ਦਿਨਾਂ ਵਿੱਚ ਕੁੱਲ 54 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੁਲਿਸ ਨੇ 27 ਕਿਲੋ ਅਤੇ 10 ਕਿਲੋ ਹੈਰੋਇਨ ਦੀਆਂ ਖੇਪਾਂ ਬਰਾਮਦ ਕੀਤੀਆਂ ਸਨ।
    ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਰਹੱਦ ਪਾਰਲੇ ਤਸਕਰਾਂ ਨਾਲ ਮਿਲ ਕੇ ਕੰਮ ਕਰ ਰਹੇ ਸਨ ਅਤੇ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਅੱਗੇ ਸਪਲਾਈ ਕਰਦੇ ਸਨ।
ਇਸ ਆਪ੍ਰੇਸ਼ਨ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ ਦੀਆਂ ਟੀਮਾਂ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਸਰਹੱਦ ਪਾਰ ਦੇ ਨਸ਼ਾ ਤਸਕਰੀ ਮਾਡਿਊਲ ਦੇ ਤਿੰਨ ਕਾਰਕੁਨਾਂ ਨੇ ਡਰੋਨ ਰਾਹੀਂ ਸੁੱਟੀ ਗਈ ਖੇਪ ਪ੍ਰਾਪਤ ਕੀਤੀ ਹੈ ਅਤੇ ਉਹ ਅੰਮ੍ਰਿਤਸਰ-ਤਰਨਤਾਰਨ ਰੋਡ ’ਤੇ ਫਲਾਈਓਵਰ ਦੇ ਹੇਠਾਂ ਨਸ਼ੀਲੇ ਪਦਾਰਥਾਂ ਦੀ ਵੱਡੀ ਡੀਲ ਕਰਨ ਵਾਲੇ ਹਨ।
   ਇਤਲਾਹ ’ਤੇ ਤੁਰੰਤ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਯੋਜਨਾਬੱਧ ਢੰਗ ਨਾਲ ਨਾਕਾਬੰਦੀ ਕੀਤੀ ਅਤੇ ਫਲਾਈਓਵਰ ਨੇੜਲੇ ਪਾਰਕ ਕੋਲ ਮੁਲਜ਼ਮਾਂ ਦੀ ਸਵਿਫ਼ਟ ਕਾਰ ਨੂੰ ਰੋਕ ਲਿਆ। ਤਲਾਸ਼ੀ ਦੌਰਾਨ ਮੁਲਜ਼ਮਾਂ ਕੋਲੋਂ 17 ਕਿਲੋ ਹੈਰੋਇਨ ਬਰਾਮਦ ਹੋਈ।
     ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ (forward and backward linkages) ਸਥਾਪਤ ਕੀਤੇ ਜਾ ਰਹੇ ਹਨ। ਕੇਸ ਵਿੱਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਸਰਹੱਦ ਪਾਰਲੇ ਨਸ਼ਾ ਤਸਕਰੀ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।
     ਇਸ ਸਬੰਧ ਵਿੱਚ ਐਫ਼.ਆਈ.ਆਰ. ਨੰਬਰ 60, ਮਿਤੀ 19-09-2026 ਨੂੰ ਐਨ.ਡੀ.ਪੀ.ਐਸ. ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪਰੇਸ਼ਨ ਸੈੱਲ (ਐਸ.ਐਸ.ਓ.ਸੀ.), ਅੰਮ੍ਰਿਤਸਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

 

ਤੀਜੀ ਵੱਡੀ ਬਰਾਮਦਗੀ

  • 16 ਸਤੰਬਰ, 2026: 27 ਕਿਲੋ ਹੈਰੋਇਨ, ਇੱਕ ਵਿਦੇਸ਼ੀ ਆਧੁਨਿਕ .30 ਬੋਰ PX5 ਪਿਸਤੌਲ ਅਤੇ ਤਿੰਨ ਜ਼ਿੰਦਾ ਕਾਰਤੂਸਾਂ ਸਮੇਤ ਚਾਰ ਵਿਅਕਤੀ ਕਾਬੂ।
  • 18 ਸਤੰਬਰ, 2026: 10 ਕਿਲੋ ਹੈਰੋਇਨ ਨਾਲ ਇੱਕ ਵਿਅਕਤੀ ਗ੍ਰਿਫ਼ਤਾਰ।
  • 19 ਸਤੰਬਰ, 2026: 17 ਕਿਲੋ ਹੈਰੋਇਨ ਸਮੇਤ ਤਿੰਨ ਵਿਅਕਤੀ ਗ੍ਰਿਫ਼ਤਾਰ।

Leave a Reply

Your email address will not be published. Required fields are marked *

You may have missed

Copyright © All rights reserved. | Newsphere by AF themes.