ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਗ੍ਰਿਫ਼ਤਾਰ ਕੀਤਾ ਮੁਲਜ਼ਮ- ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ/ਅੰਮ੍ਰਿਤਸਰ,
(ਰਣਜੀਤ ਸਿੰਘ ਮਸੌਣ / ਰਾਘਵ ਅਰੋੜਾ/ਸੁਰਿੰਦਰ ਸੋਨੂੰ)
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸ਼ਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜ਼ਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ।
    ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਦੀ ਪਛਾਣ ਓਮ ਸ਼ਰਮਾ ਵਾਸੀ ਝਬਾਲ, ਜ਼ਿਲਾ ਤਰਨ ਤਾਰਨ ਵੱਜੋਂ ਹੋਈ ਹੈ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਤਸ਼ਕਰੀ ਦੀਆਂ ਗਤੀਵਿਧੀਆਂ ਲਈ ਵਰਤੀ ਜਾ ਰਹੀ ਉਸਦੀ ਹੌਂਡਾ ਸਿਟੀ ਕਾਰ (ਪੀਬੀ 46ਏ ਜੇ 6021) ਨੂੰ ਵੀ ਜ਼ਬਤ ਕੀਤਾ ਹੈ।
      ਡੀਜੀਪੀ ਗੌਰਵ ਯਾਦਵ ਨੇ ਦੱਸਿਆਂ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰਲੇ ਤਸ਼ਕਰਾਂ ਨਾਲ ਜੁੜੇ ਇੱਕ ਵਿਦੇਸ਼ੀ ਹੈਂਡਲਰ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ। ਉਨ੍ਹਾਂ ਦੱਸਿਆਂ ਕਿ ਮੁਲਜ਼ਮ ਨੂੰ ਸਰਹੱਦੀ ਖੇਤਰ ਵਿੱਚ ਹੈਰੋਇਨ ਦੀ ਖੇਪ ਪ੍ਰਾਪਤ ਕਰਕੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਦਾ ਕੰਮ ਸੌਂਪਿਆ ਗਿਆ ਸੀ।
   ਇਸ ਆਪ੍ਰੇਸ਼ਨ ਸਬੰਧੀ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆਂ ਕਿ ਸੀ.ਆਈ. ਅੰਮ੍ਰਿਤਸਰ ਨੂੰ ਪੁਖ਼ਤਾ ਇਤਲਾਹ ਮਿਲੀ ਸੀ ਕਿ ਵਿਦੇਸ਼ੀ ਹੈਂਡਲਰ ਦੇ ਸਾਥੀ ਨਸ਼ਾ ਤਸ਼ਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਜ਼ਿਲ੍ਹਾ ਅੰਮ੍ਰਿਤਸਰ ਦੇ ਅਜਨਾਲਾ ਸਰਹੱਦੀ ਖੇਤਰ ਵਿੱਚ ਆਪਣੇ ਪਾਕਿਸਤਾਨੀ ਸਾਥੀਆਂ ਵੱਲੋਂ ਡਰੋਨ ਰਾਹੀਂ ਭੇਜੀਆਂ ਹੈਰੋਇਨ ਦੀਆਂ ਖੇਪਾਂ ਪ੍ਰਾਪਤ ਕਰਕੇ ਆਪਣੇ ਇੱਕ ਹੋਰ ਸਾਥੀ ਓਮ ਸ਼ਰਮਾ ਤੱਕ ਪਹੁੰਚਾਉਂਦੇ ਹਨ, ਜੋ ਉਨ੍ਹਾਂ ਖੇਪਾਂ ਨੂੰ ਸੂਬੇ ਵਿੱਚ ਅੱਗੇ ਹੋਰਨਾਂ ਤੱਕ ਡਿਲੀਵਰ ਕਰਦਾ ਹੈ।
 ਜਾਣਕਾਰੀ ਤੋਂ ਇਹ ਵੀ ਪਤਾ ਲੱਗਾ ਕਿ ਸ਼ੱਕੀ ਓਮ ਨੂੰ ਹਾਲ ਹੀ ਵਿੱਚ ਹੈਰੋਇਨ ਦੀ ਇੱਕ ਵੱਡੀ ਖੇਪ ਪ੍ਰਾਪਤ ਹੋਈ ਹੈ ਅਤੇ ਉਹ ਇਸ ਖੇਪ ਨੂੰ ਅੱਗੇ ਕਿਸੇ ਹੋਰ ਧਿਰ ਨੂੰ ਡਿਲੀਵਰ ਕਰਨ ਲਈ ਅੰਮ੍ਰਿਤਸਰ ਦੇ ਫ਼ਤਿਹਗੜ੍ਹ ਚੂੜੀਆਂ ਰੋਡ ’ਤੇ ਸਥਿਤ ਸੋਹੀਆਂ ਕਲਾਂ ਦੇ ਖੇਤਰ ਵਿੱਚ ਆ ਰਿਹਾ ਹੈ। ਉਨ੍ਹਾਂ ਕਿਹਾ ਕਿ ਇਤਲਾਹ ’ਤੇ ਤੇਜ਼ੀ ਨਾਲ ਕਾਰਵਾਈ ਕਰਦਿਆਂ ਪੁਲਿਸ ਟੀਮ ਨੇ ਛਾਪੇਮਾਰੀ ਕੀਤੀ ਅਤੇ ਸੋਹੀਆਂ ਕਲਾਂ ਵਿਖੇ ਦਾਣਾ ਮੰਡੀ ਨੇੜਿਓਂ ਓਮ ਸ਼ਰਮਾ ਨੂੰ ਹਿਰਾਸਤ ਵਿੱਚ ਲੈ ਕੇ ਉਸਦੇ ਕਬਜ਼ੇ ਵਿੱਚੋਂ 20 ਕਿੱਲੋ ਹੈਰੋਇਨ ਬਰਾਮਦ ਕੀਤੀ।
   ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ -ਪਿਛਲੇ ਸਬੰਧ ਸਥਾਪਤ ਕੀਤੇ ਜਾ ਰਹੇ ਹਨ ਅਤੇ ਪੂਰੇ ਨੈੱਟਵਰਕ ਦੀ ਪਛਾਣ ਕਰਨ ਅਤੇ ਪਹਿਲਾਂ ਤੋਂ ਬੇਨਕਾਬ ਕੀਤੇ ਜਾ ਚੁੱਕੇ ਹੋਰ ਨਸ਼ਾ ਤਸ਼ਕਰੀ ਮਾਡਿਊਲਾਂ ਨਾਲ ਇਸ ਗਿਰੋਹ ਦੇ ਸੰਭਾਵੀ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।
ਇਸ ਸਬੰਧੀ ਐਫ਼ਆਈਆਰ ਨੰਬਰ 48 ਮਿਤੀ 31-07-2026  ਨੂੰ ਐਨਡੀਪੀਐਸ ਐਕਟ ਦੀ ਧਾਰਾ 21, 25 ਅਤੇ 29 ਤਹਿਤ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Leave a Reply

Your email address will not be published.


*


cloudflare.com Cloudflare Additional troubleshooting information here. Cloudflare