September 21, 2026

Justice News

ਅਵਾਮ ਦੀ ਆਵਾਜ਼

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕਰੇਗਾ : ਐਨ.ਐਚ.ਆਰ.ਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ

ਲੁਧਿਆਣਾ,
( ਜਸਟਿਸ ਨਿਊਜ਼  )
ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ (ਐਨ.ਐਚ.ਆਰ.ਸੀ.) ਦੇ ਸਪੈਸ਼ਲ ਮਾਨੀਟਰ (ਬੱਚੇ ਅਤੇ ਬਜ਼ੁਰਗ ਨਾਗਰਿਕ) ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਅੱਜ ਬੱਚਤ ਭਵਨ ਲੁਧਿਆਣਾ ਵਿਖੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ ਕਰਕੇ ਨਾਗਰਿਕਾਂ ਦੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਬੱਚਿਆਂ, ਬਜ਼ੁਰਗ ਨਾਗਰਿਕਾਂ ਅਤੇ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਸ੍ਰੀ ਗੋਇਲ ਨੇ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦੇਸ਼ ਅੰਦਰ ਮਾਨਵੀ ਹੱਕਾਂ ਦੀ ਉਲੰਘਣਾ ਰੋਕਣ ਲਈ ਵੱਡੀ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੁਨੀਆਂ ਦਾ ਸਭ ਤੋਂ ਵੱਡਾ ਕਮਿਸ਼ਨ ਹੈ ਜਿਸ ਨੂੰ ਕਿ ਯੁਨਾਈਟਿਡ ਨੇਸ਼ਨ ਵੱਲੋਂ “ਏ” ਦਰਜ਼ਾ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕਈ ਵਾਰ ਜਾਣੇ-ਅਣਜਾਣੇ ਵਿੱਚ ਹੀ ਸਰਕਾਰੀ ਸੰਸਥਾਵਾਂ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰ ਦਿੱਤੀ ਜਾਂਦੀ ਹੈ ਜਿਸ ਨਾਲ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਚਾਹੀਦਾ ਹੈ, ਕਿਉਂਕਿ ਸਾਡੇ ਸੰਵਿਧਾਨ ਨੇ ਦੇਸ਼ ਦੇ ਹਰੇਕ ਨਾਗਰਿਕ ਨੂੰ ਜੋ ਹੱਕ ਦਿੱਤੇ ਹਨ ਉਨ੍ਹਾਂ ਦੀ ਪਾਲਣਾ ਬਹੁਤ ਜਰੂਰੀ ਹੈ।
ਸ੍ਰੀ ਬਾਲ ਕ੍ਰਿਸ਼ਨ ਗੋਇਲ ਨੇ ਸਪੱਸ਼ਟ ਕੀਤਾ ਕਿ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬੱਚਿਆਂ, ਬਜ਼ੁਰਗਾਂ, ਮਹਿਲਾਵਾਂ ਸਮੇਤ ਹਰੇਕ ਨਾਗਰਿਕ ਦੇ ਮਨੁੱਖੀ ਅਧਿਕਾਰਾਂ ਦੀ ਪ੍ਰਭਾਵਸ਼ਾਲੀ ਢੰਗ ਨਾਲ ਰਾਖੀ ਨੂੰ ਯਕੀਨੀ ਬਣਾਉਣ ਲਈ ਆਪਸੀ ਤਾਲਮੇਲ ਅਤੇ ਸਹਿਯੋਗ ਨਾਲ ਕੰਮ ਕੀਤਾ ਜਾਵੇ।
ਸਪੈਸ਼ਲ ਮਾਨੀਟਰ ਨੇ ਨਾਗਰਿਕਾਂ ਨੂੰ ਆਪਣੇ ਹੱਕਾਂ, ਹੱਕਾਂ ਦੀ ਉਲੰਘਣਾ ਅਤੇ ਉਨ੍ਹਾਂ ਦੀ ਸੁਰੱਖਿਆ ਲਈ ਉਪਲਬਧ ਕਾਨੂੰਨੀ ਤੇ ਸੰਸਥਾਗਤ ਵਿਵਸਥਾਵਾਂ ਬਾਰੇ ਜਾਗਰੂਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ ਅਤੇ ਅਜਿਹੇ ਮਾਮਲਿਆਂ ਦੀ ਸਬੰਧਤ ਅਥਾਰਟੀ ਨੂੰ ਜਾਣਕਾਰੀ ਦੇਣੀ ਚਾਹੀਦੀ ਹੈ।
ਸ੍ਰੀ ਗੋਇਲ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੂੰ ਸਕੂਲਾਂ ਵਿੱਚ ਬੱਚਿਆਂ ਨੂੰ ‘ਗੁੱਡ ਟੱਚ ਅਤੇ ਬੈਡ ਟੱਚ’ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ 112 ਅਤੇ 1098 ਚਾਈਲਡ ਹੈਲਪਲਾਈਨ ਬਾਰੇ ਵੀ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਬੱਚਿਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਵੂਮੈਨ ਤੇ ਚਾਈਲਡ ਕਮਿਸ਼ਨ ਦੀ ਫ਼ਿਲਮ ‘ਕੋਮਲ’ ਦਿਖਾਉਣ ਦਾ ਵੀ ਸੁਝਾਅ ਦਿੱਤਾ।
ਸ੍ਰੀ ਗੋਇਲ ਨੇ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਤਹਿਤ ਪ੍ਰਾਪਤ ਜੀਵਨ ਦੇ ਅਧਿਕਾਰ ਦਾ ਰੱਖਿਅਕ ਐਨ.ਐਚ.ਆਰ.ਸੀ. ਹੈ ਅਤੇ ਕਮਿਸ਼ਨ ਨਾਗਰਿਕਾਂ ਦੀ ਮਰਿਆਦਾ ਅਤੇ ਮਨੁੱਖੀ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਲੁਧਿਆਣਾ ਜ਼ਿਲ੍ਹੇ ਦੇ ਤਿੰਨ ਦਿਨਾਂ ਦੌਰੇ ਦੌਰਾਨ ਸ੍ਰੀ ਗੋਇਲ ਨੇ ਲੁਧਿਆਣਾ ਦੀ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹਾਂ, ਪੀ.ਡੀ.ਐਸ. ਵੰਡ ਕੇਂਦਰ, ਥਾਣੇ, ਹਸਪਤਾਲ, ਬਾਲ ਘਰ, ਬਿਰਧ ਆਸ਼ਰਮ, ਸਰਕਾਰੀ ਸਕੂਲ, ਆਬਜ਼ਰਵੇਸ਼ਨ ਹੋਮ, ਵਨ ਸਟਾਪ ਸੈਂਟਰ ਅਤੇ ਆਂਗਣਵਾੜੀ ਕੇਂਦਰਾਂ ਦਾ ਦੌਰਾ ਕਰਕੇ ਨਿਰੀਖਣ ਕੀਤਾ। ਉਨ੍ਹਾਂ ਇਨ੍ਹਾਂ ਸੰਸਥਾਵਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਅਤੇ ਲਾਭਪਾਤਰੀਆਂ ਦੇ ਹੱਕਾਂ ਨਾਲ ਸਬੰਧਤ ਮਾਮਲਿਆਂ ਦਾ ਜਾਇਜ਼ਾ ਲਿਆ।
ਸ੍ਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਮਨੁੱਖੀ ਅਧਿਕਾਰਾਂ ਦੀ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਹੋਣ ’ਤੇ ਆਪਣੀ ਸ਼ਿਕਾਇਤ ਨੈਸ਼ਨਲ ਹਿਊਮਨ ਰਾਈਟਸ ਕਮਿਸ਼ਨ ਦੇ ਆਨਲਾਈਨ ਪੋਰਟਲ hrcnet.nic.in ’ਤੇ ਦਰਜ ਕਰਵਾਉਣ। ਉਨ੍ਹਾਂ ਕਿਹਾ ਕਿ ਕਮਿਸ਼ਨ ਵੱਲੋਂ ਅਜਿਹੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕਮਿਸ਼ਨ ਕੋਲ ਸ਼ਿਕਾਇਤ ਲਈ ਨਾ ਹੀ ਕੋਈ ਫੀਸ ਹੈ ਤੇ ਨਾ ਹੀ ਕੋਈ ਵਕੀਲ ਦੀ ਲੋੜ ਹੈ।
ਮੀਟਿੰਗ ਦੌਰਾਨ ਮੁੱਖ ਮੰਤਰੀ ਫੀਲਡ ਅਫਸਰ ਲੁਧਿਆਣਾ ਤੁਸ਼ਿਤਾ ਗੁਲਾਟੀ ਨੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਦੀ ਤਰਫ਼ੋਂ ਸ੍ਰੀ ਗੋਇਲ ਦਾ ਸਵਾਗਤ ਕੀਤਾ ਅਤੇ ਭਰੋਸਾ ਦਿੱਤਾ ਕਿ ਕਮਿਸ਼ਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਗੰਭੀਰਤਾ ਨਾਲ ਲਾਗੂ ਕੀਤਾ ਜਾਵੇਗਾ। ਇਸ ਮੌਕੇ ਡੀ.ਸੀ.ਪੀ (ਲਾਅ ਐਂਡ ਆਰਡਰ) ਲੁਧਿਆਣਾ ਸ੍ਰੀ ਅਰਵਿੰਦ ਮੀਣਾ, ਸੀਨੀਅਰ ਪੁਲਿਸ ਕਪਤਾਨ ਖੰਨਾ ਡਾ. ਦਰਪਣ ਆਹਲੂਵਾਲੀਆ ਅਤੇ ਸੀਨੀਅਰ ਪੁਲਿਸ ਕਪਤਾਨ (ਲੁਧਿਆਣਾ ਦਿਹਾਤੀ) ਡਾ. ਅੰਕੁਰ ਗੁਪਤਾ ਨੇ ਵੀ ਭਰੋਸਾ ਦਿੱਤਾ ਕਿ ਪੁਲਿਸ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਪੂਰਾ ਸਹਿਯੋਗ ਦੇਵੇਗੀ।

Leave a Reply

Your email address will not be published. Required fields are marked *

Copyright © All rights reserved. | Newsphere by AF themes.