September 21, 2026

Justice News

ਅਵਾਮ ਦੀ ਆਵਾਜ਼

ਡਰਾਈਵਰ ਭਾਈਚਾਰੇ ਨੂੰ ਅੱਖਾਂ ਦੀ ਜਾਂਚ ਅਤੇ ਗੈਰ-ਸੰਚਾਰੀ ਰੋਗਾਂ ਬਾਰੇ ਕੀਤਾ ਜਾਗਰੂਕ

ਬਠਿੰਡਾ

(ਜਸਟਿਸ ਨਿਊਜ਼  )

ਸਿਵਲ ਸਰਜਨ ਬਠਿੰਡਾ ਡਾ. ਤਪਿੰਦਰਜੋਤ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਟੈਕਸੀ ਸਟੈਂਡ, ਰੇਲਵੇ ਸਟੇਸ਼ਨ ਨੇੜੇ ਡਰਾਈਵਰ ਭਾਈਚਾਰੇ ਨੂੰ ਅੱਖਾਂ ਦੀ ਸਿਹਤ ਅਤੇ ਗੈਰ-ਸੰਚਾਰੀ ਰੋਗਾਂ ਸਬੰਧੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਮਾਸ ਮੀਡੀਆ ਟੀਮ ਵੱਲੋਂ ਡਰਾਈਵਰਾਂ ਨੂੰ ਸਿਹਤ ਪ੍ਰਤੀ ਜਾਗਰੂਕ ਰਹਿਣ ਅਤੇ ਸਮੇਂ-ਸਮੇਂ ’ਤੇ ਸਿਹਤ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਡਾ ਤਪਿੰਦਰਜੋਤ ਨੇ ਦੱਸਿਆ ਕਿ ਡਰਾਈਵਰ ਭਾਈਚਾਰਾ ਸੜਕ ਸੁਰੱਖਿਆ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਇਸ ਲਈ ਉਨ੍ਹਾਂ ਦੀ ਸਿਹਤ ਅਤੇ ਅੱਖਾਂ ਦੀ ਸਹੀ ਜਾਂਚ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੀ ਸਿਹਤ ਪ੍ਰਤੀ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਸਿਹਤ ਸਮੱਸਿਆ ਦੇ ਲੱਛਣ ਨਜ਼ਰ ਆਉਣ ’ਤੇ ਤੁਰੰਤ ਸਿਹਤ ਵਿਭਾਗ ਦੀਆਂ ਸੇਵਾਵਾਂ ਦਾ ਲਾਭ ਲੈਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਗੈਰ-ਸੰਚਾਰੀ ਰੋਗਾਂ ਤੋਂ ਬਚਾਅ ਲਈ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਨਿਯਮਿਤ ਸਿਹਤ ਜਾਂਚ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਕੇਵਲ ਸਿੰਘ ਅਤੇ ਰੋਹਿਤ ਜਿੰਦਲ ਨੇ ਦੱਸਿਆ ਕਿ ਡਰਾਈਵਰ ਭਾਈਚਾਰੇ ਲਈ ਅੱਖਾਂ ਦੀ ਸਿਹਤ ਬਹੁਤ ਮਹੱਤਵਪੂਰਨ ਹੈ, ਕਿਉਂਕਿ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਸਾਫ਼ ਦ੍ਰਿਸ਼ਟੀ ਅਤੇ ਸਾਵਧਾਨੀ ਸੜਕ ਸੁਰੱਖਿਆ ਨਾਲ ਸਿੱਧੇ ਤੌਰ ’ਤੇ ਜੁੜੀ ਹੋਈ ਹੈ। ਸਾਫ਼ ਦ੍ਰਿਸ਼ਟੀ ਨਾ ਹੋਣ ਕਾਰਨ ਸੜਕ ’ਤੇ ਵਾਹਨ ਚਲਾਉਂਦੇ ਸਮੇਂ ਹਾਦਸਿਆਂ ਦਾ ਖ਼ਤਰਾ ਵੱਧ ਸਕਦਾ ਹੈ। ਇਸ ਲਈ ਡਰਾਈਵਰਾਂ ਨੂੰ ਆਪਣੀ ਨਜ਼ਰ ਦੀ ਜਾਂਚ ਕਰਵਾਉਣ ਦੇ ਨਾਲ-ਨਾਲ ਅੱਖਾਂ ਦੀ ਸਿਹਤ ਦਾ ਵੀ ਵਿਸ਼ੇਸ਼ ਧਿਆਨ ਰੱਖਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਲੰਬੇ ਸਮੇਂ ਤੱਕ ਵਾਹਨ ਚਲਾਉਣ ਨਾਲ ਅੱਖਾਂ ਵਿੱਚ ਥਕਾਵਟ, ਜਲਣ, ਪਾਣੀ ਆਉਣਾ ਅਤੇ ਧੁੰਦਲਾ ਦਿਖਾਈ ਦੇਣ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੇ ਲੱਛਣਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ, ਸਗੋਂ ਸਮੇਂ ਸਿਰ ਅੱਖਾਂ ਦੇ ਮਾਹਿਰ ਡਾਕਟਰ ਨਾਲ ਜਾਂਚ ਕਰਵਾਉਣੀ ਚਾਹੀਦੀ ਹੈ।

ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਸਿੰਘ ਕੈਂਥ ਨੇ  ਡਰਾਈਵਰ ਭਾਈਚਾਰੇ ਨੂੰ ਗੈਰ-ਸੰਚਾਰੀ ਰੋਗਾਂ ਜਿਵੇਂ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੇ ਰੋਗ ਅਤੇ ਕੈਂਸਰ ਵਰਗੇ ਰੋਗਾਂ ਦੇ ਕਾਰਨਾਂ ਅਤੇ ਬਚਾਅ ਸਬੰਧੀ ਜਾਣਕਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਲੰਬੇ ਸਮੇਂ ਤੱਕ ਬੈਠੇ ਰਹਿਣਾ, ਸਰੀਰਕ ਗਤੀਵਿਧੀਆਂ ਦੀ ਘਾਟ, ਗੈਰ-ਸਿਹਤਮੰਦ ਖੁਰਾਕ, ਤੰਬਾਕੂਨੋਸ਼ੀ ਅਤੇ ਤਣਾਅ ਸਿਹਤ ’ਤੇ ਮਾੜਾ ਪ੍ਰਭਾਵ ਪਾ ਸਕਦੇ ਹਨ। ਉਨ੍ਹਾਂ ਨੇ ਡਰਾਈਵਰਾਂ ਨੂੰ ਸੰਤੁਲਿਤ ਅਤੇ ਪੌਸ਼ਟਿਕ ਖੁਰਾਕ ਲੈਣ, ਨਿਯਮਿਤ ਸਰੀਰਕ ਕਸਰਤ ਕਰਨ, ਤੰਬਾਕੂਨੋਸ਼ੀ ਤੋਂ ਦੂਰ ਰਹਿਣ ਅਤੇ ਬਲੱਡ ਪ੍ਰੈਸ਼ਰ ਤੇ ਬਲੱਡ ਸ਼ੂਗਰ ਦੀ ਸਮੇਂ-ਸਮੇਂ ’ਤੇ ਜਾਂਚ ਕਰਵਾਉਣ ਲਈ ਪ੍ਰੇਰਿਤ ਕੀਤਾ।

Leave a Reply

Your email address will not be published. Required fields are marked *

Copyright © All rights reserved. | Newsphere by AF themes.