ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੂਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ – ਡਿਪਟੀ ਕਮਿਸ਼ਨਰ*
*
ਲੁਧਿਆਣਾ
(ਜਸਟਿਸ ਨਿਊਜ਼)
ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਿਮਾਂਸ਼ੂ ਜੈਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ 3 ਜਾਗਰੂਕਤਾ ਵੈਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਵੈਨਾਂ ਖੇਤੀਬਾੜੀ ਵਿਭਾਗ ਲੁਧਿਆਣਾ ਵੱਲੋਂ “ਪਰਾਲੀ ਸੰਭਾਲ ਮੁਹਿੰਮ” ਅਧੀਨ ਚਲਾਈਆਂ ਗਈਆਂ ਹਨ। ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ 5 ਸਾਲਾਂ ਦੌਰਾਨ 5000 ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ ਤੇ ਦਿੱਤੀਆਂ ਗਈਆਂ ਹਨ ਅਤੇ ਇਸ ਸਾਲ ਵੀ ਹੁਣ ਤੱਕ ਕਿਸਾਨਾਂ ਵਲੋਂ ਤਕਰੀਬਨ 1300 ਹੋਰ ਮਸ਼ੀਨਾਂ ਦੀ ਖ੍ਰੀਦ ਕੀਤੀ ਜਾ ਚੁੱਕੀ ਹੈ।
ਹਿਮਾਂਸ਼ੂ ਜੈਨ ਨੇ ਕਿਹਾ ਕਿ ਪਿਛਲੇ ਸਾਲ ਜ਼ਿਲੇ ਵਿੱਚ ਕੁੱਲ 219 ਪਰਾਲੀ ਸਾੜਨ ਦੀਆਂ ਘਟਨਾਵਾਂ ਦਰਜ ਕੀਤੀਆਂ ਗਈਆਂ ਸਨ। ਜਿੰਨ੍ਹਾਂ ਕਿਸਾਨਾਂ ਦੇ ਸਹਿਯੋਗ ਨਾਲ ਇਹ ਕਮੀ ਦਰਜ ਕੀਤੀ ਗਈ ਸੀ ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਵਲੋਂ ਕੈਂਪਾਂ ਵਿੱਚ ਸਨਮਾਨਿਤ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਵੀ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕਿਸਾਨਾਂ ਦੇ ਸਹਿਯੋਗ ਸਦਕਾ ਅਤੇ ਖੇਤੀਬਾੜੀ ਵਿਭਾਗ, ਸਹਿਕਾਰਤਾ ਵਿਭਾਗ, ਪੇਂਡੂ ਵਿਕਾਸ ਤੇ ਸਿੱਖਿਆ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਸਦਕਾ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਮੁਕੰਮਲ ਤੌਰ ਤੇ ਖਤਮ ਕੀਤਾ ਜਾ ਸਕੇਗਾ।
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਕਿਸਾਨਾਂ, ਕਿਸਾਨ ਗਰੁੱਪਾਂ ਅਤੇ ਸਹਿਕਾਰੀ ਸਭਾਵਾਂ/ਪੰਚਾਇਤਾਂ ਪਾਸ ਉਪਲਭਧ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਨੂੰ ਬਿਨ੍ਹਾਂ ਸਾੜੇ ਸੰਭਾਲਣ ਵਿੱਚ ਸਹਿਯੋਗ ਦਿੱਤਾ ਜਾਵੇ ਤਾਂ ਜੋ ਅਸੀਂ ਆਪਣੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕੀਏ।
ਇਸ ਮੌਕੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੀਪ ਸਿੰਘ ਨੇ ਦੱਸਿਆ ਕਿ ਇਹ ਵੈਨਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕਰਨਗੀਆਂ। ਇਨ੍ਹਾਂ ਵੈਨਾਂ ਉੱਪਰ ਆਡਿਓ ਸਿਸਟਮ ਲੱਗਾ ਹੋਇਆ ਹੈ ਜਿਸ ਵਿੱਚ ਚੱਲਣ ਵਾਲੇ ਗੀਤਾ ਰਾਹੀਂ ਵੀ ਜਾਗਰੂਕਤਾ ਪੈਦਾ ਕੀਤੀ ਜਾਵੇਗੀ।
ਡਾ. ਗੁਰਦੀਪ ਸਿੰਘ ਨੇ ਅੱਗੇ ਦੱਸਿਆ ਕਿ ਵੈਨਾਂ ਤੋਂ ਬਿਨ੍ਹਾਂ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਵਾਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
ਮੌਕੇ ‘ਤੇ ਖੇਤੀਬਾੜੀ ਵਿਭਾਗ ਦੇ ਇੰਜ. ਅਮਨਪ੍ਰੀਤ ਸਿੰਘ ਘੇਈ, ਖੇਤੀਬਾੜੀ ਅਫ਼ਸਰ ਬਲਾਕ ਲੁਧਿਆਣਾ ਡਾ. ਹਰਿੰਦਰ ਸਿੰਘ ਅਤੇ ਏ.ਡੀ.ਓ ਡਾ. ਕਰਮਜੀਤ ਸਿੰਘ ਨੇ ਵੀ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੀ ਮੁਹਿੰਮ ਵਿੱਚ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ।